ਕਾਰੋਨਾ ਵਾਇਰਸ ਦੇ ਬਚਾਅ ਸਬੰਧੀ ਕੇਂਦਰੀ ਜੇਲ੍ਹ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਕਾਰੋਨਾ ਵਾਇਰਸ ਤੋਂ ਡਰਨ ਦੀ ਬਜਾਏ ਸਾਵਧਾਨੀਆਂ ਵਰਤਣ ਦੀ ਜ਼ਿਆਦਾ ਲੋੜ - ਸਿਵਲ ਸਰਜਨ
ਕਾਰੋਨਾ ਵਾਇਰਸ ਦੇ ਬਚਾਅ ਸਬੰਧੀ ਕੇਂਦਰੀ ਜੇਲ੍ਹ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਕਾਰੋਨਾ ਵਾਇਰਸ ਤੋਂ ਡਰਨ ਦੀ ਬਜਾਏ ਸਾਵਧਾਨੀਆਂ ਵਰਤਣ ਦੀ ਜ਼ਿਆਦਾ ਲੋੜ – ਸਿਵਲ ਸਰਜਨ
ਫਿਰੋਜ਼ਪੁਰ 19 ਮਾਰਚ 2020 ( ) ਪੰਜਾਬ ਸਰਕਾਰ ਦੇ ਹੁਕਮਾਂ ਅਤੇ ਐਡੀਸ਼ਨਲ ਡਾਇਰੈਕਟਰ ਜਨਰਲ (ਜੇਲ੍ਹਾਂ) ਸ਼੍ਰੀ ਪੀ.ਕੇ ਸਿਨਹਾ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰ: ਪਰਮਿੰਦਰਪਾਲ ਸਿੰਘ ਅਤੇ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਕੇਂਦਰੀ ਜੇਲ੍ਹ ਵਿਖੇ ਸਪੋਰਟਸ, ਸਿਹਤ, ਰਸੋਈ, ਔਰਤਾਂ ਸਮੇਤ ਹੋਰ ਕਮੇਟੀਆਂ ਦੇ ਮੈਂਬਰਾਂ ਨੂੰ ਕਰੋਨਾ ਵਾਇਰਸ ਸਬੰਧੀ ਜ਼ਰੂਰੀ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ।
ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਹੈ ਪਰ ਸਾਨੂੰ ਇਸ ਤੋਂ ਬਚਾਅ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜ਼ਰੂਰ ਲੋੜ ਹੈ। ਉਨ੍ਹਾਂ ਕਰੋਨਾ ਵਾਇਰਸ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਭਾਵਿਤ ਵਿਅਕਤੀ ਨੂੰ ਬੁਖ਼ਾਰ, ਜ਼ੁਕਾਮ, ਨੱਕ ਵਗਣਾ ਅਤੇ ਗਲੇ ਵਿੱਚ ਖ਼ਾਰਿਸ਼ ਹੁੰਦੀ ਹੈ ਅਤੇ ਵਿਅਕਤੀ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣਾਂ ਵਾਲੇ ਵਿਅਕਤੀਆਂ ਨੂੰ ਕਿ ਇਕ-ਦੂਸਰੇ ਵਿਅਕਤੀਆਂ ਤੋਂ ਘੱਟ ਤੋਂ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਖਾਂਸੀ ਕਰਦੇ ਹੋਏ ਜਾਂ ਛਿੱਕਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕੋਂ, ਹੱਥਾਂ ਦੀ ਸਾਫ-ਸਫਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ, ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਸਾਬੁਣ ਨਾਲ ਹੱਥਾਂ ਨੂੰ ਚੰਗੀ ਤਰ੍ਹਾਂ ਧੋਇਆ ਜਾਵੇ।
ਇਸ ਦੌਰਾਨ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਮ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰ: ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਬਚਾਓ ਅਤੇ ਸਾਵਧਾਨੀ ਹੀ ਇਸ ਬਿਮਾਰੀ ਦਾ ਇਲਾਜ ਹੈ। ਇਸ ਲਈ ਵੱਧ ਤੋਂ ਵੱਧ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਸਾਨੂੰ ਖ਼ੁਦ ਵੀ ਇਸ ਸਬੰਧੀ ਜਾਗਰੂਕ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਇਸ ਮੌਕੇ ਜੇਲ੍ਹ ਸੁਪਰਡੰਟ ਕਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼੍ਹੇਲ ਵਿਚ ਕੋਈ ਵੀ ਕੈਦੀ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਨਹੀਂ ਹੈ ਪਰ ਫਿਰ ਵੀ ਇਸ ਵਾਇਰਸ ਸਬੰਧੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਇਸੇ ਮਕਸਦ ਨੂੰ ਲੈ ਕੇ ਹੀ ਅੱਜ ਇਹ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰ: ਅਮਨਪ੍ਰੀਤ ਸਿੰਘ, ਐਸਪੀ ਜੇਲ੍ਹ ਪਰਮਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।