ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀਆਂ ਖਾਦਾਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਚੈਕਿੰਗ
ਜ਼ਿਲ੍ਹੇ ਅੰਦਰ 25 ਫ਼ੀਸਦੀ ਰਕਬੇ 'ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ: ਗੁਰਮੇਲ ਸਿੰਘ
ਫਿਰੋਜ਼ਪੁਰ, 6 ਜੂਨ 2020
ਖੇਤੀਬਾੜੀ ਵਿਭਾਗ ਵੱਲੋਂ ਮਿਸ਼ਨ ਫ਼ਤਿਹ ਤਹਿਤ ਕੁਆਲਿਟੀ ਕੰਟਰੋਲ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਖਾਦਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਝੋਨੇ ਦੌਰਾਨ ਸਹੀ ਕੁਆਲਿਟੀ ਦੀਆਂ ਖਾਦਾਂ ਮੁਹੱਈਆ ਕਰਵਾਉਣ ਲਈ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦਿੱਤੀ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕੁਆਲਿਟੀ ਖਾਦ ਮੁਹੱਈਆ ਕਰਵਾਉਣ ਲਈ ਅਤੇ ਮਾੜੀਆਂ ਖਾਦਾਂ ਦੀ ਵਿਕਰੀ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਡੀਲਰ ਜਾਂ ਸਹਿਕਾਰੀ ਸਭਾਵਾਂ ਪਾਸੋਂ ਮਾੜੀਆਂ ਖਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਆਲਿਟੀ ਕੰਟਰੋਲ ਦੀਆਂ ਸਾਡੀਆਂ ਟੀਮਾਂ ਮੁੱਖ ਤੌਰ ‘ਤੇ ਮਾਕਰੋਨਿਊਟਰਿਐਂਟ ਖਾਦਾਂ, ਬਾਇਓ ਖਾਦਾਂ ਅਤੇ ਓਰਗੈਨਿਕ ਖਾਦਾਂ ਦੀ ਚੈਕਿੰਗ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਬਲਾਕ ਖੇਤੀਬਾੜੀ ਅਫਸਰ ਨੂੰ ਇਹ ਸਖ਼ਤ ਤੌਰ ‘ਤੇ ਹਦਾਇਤ ਕੀਤੀ ਗਈ ਹੈ ਕਿ ਬਲਾਕ ਵਿਚ ਪੈਂਦੇ ਜਿਹੜੇ ਦੀ ਬੀਜ ਦੇ ਡੀਲਰ ਹਨ ਉਨ੍ਹਾਂ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦਾ ਮਾੜਾ ਜਾਂ ਵੱਧ ਰੇਟ ਤੇ ਬੀਜ ਨਾ ਵੇਚਿਆਂ ਜਾਵੇ।
ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਹੇਠ ਜ਼ਿਲ੍ਹੇ ਵਿਚ 25 ਫ਼ੀਸਦੀ ਰਕਬਾ ਆਇਆ ਹੈ। ਸਿੱਧੀ ਬਿਜਾਈ ਹੋਣ ਨਾਲ ਪਾਣੀ, ਬਿਜਲੀ ਅਤੇ ਕੋਵਿਡ-19 ਕਰਕੇ ਲੇਬਰ ਦੀ ਘਾਟ ਹੋਣ ਦਾ ਮਸਲਾ ਵੀ ਹੱਲ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਉਨ੍ਹਾਂ ਦੇ ਸਟਾਫ਼ ਵੱਲੋਂ ਕੋਵਿਡ-19 ਤਹਿਤ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ।