ਕਿਸਾਨ ਮਜ਼ਦੂਰ ਜਥੇਬੰਦੀ ਨੇ ਸਿੱਧੂ ਮੂਸੇਵਾਲਾ ਦੇ ਗੀਤ S.Y.L. ਉੱਤੇ ਪਾਬੰਦੀ ਲਾਉਣ ਦੀ ਸਖਤ ਨਿਖੇਧੀ ਕੀਤੀ
ਕਿਸਾਨ ਮਜ਼ਦੂਰ ਜਥੇਬੰਦੀ ਨੇ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਤੇ ਸਿੱਧੂ ਮੂਸੇਵਾਲਾ ਦੇ ਗੀਤ S.Y.L. ਉੱਤੇ ਪਾਬੰਦੀ ਲਾਉਣ ਦੀ ਸਖਤ ਨਿਖੇਧੀ ਕੀਤੀ
27.6.2022; ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਸਰਕਾਰ ਦੇ ਇਸ਼ਾਰੇ ਉੱਤੇ ਝੂਠੇ ਕੇਸ ਪਾ ਕੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਕੀਤੀ ਗ੍ਰਿਫ਼ਤਾਰੀ ਤੇ ਸਿੱਧੂ ਮੂਸੇਵਾਲਾ ਦੇ ਗੀਤ S.Y.L. ਉੱਤੇ ਪਾਬੰਦੀ ਲਾਉਣ ਦੀ ਸਖਤ ਨਿਖੇਧੀ ਕੀਤੀ ਤੇ ਇਸ ਨੂੰ ਜਮਹੂਰੀ ਹੱਕਾਂ ਤੇ ਲਿਖਣ ਬੋਲਣ ਦੀ ਆਜ਼ਾਦੀ ਦਾ ਗਲਾ ਘੁੱਟਣ ਦੇ ਬਰਾਬਰ ਦੱਸਦਿਆਂ ਉਕਤ ਗ਼ੈਰ ਜਮਹੂਰੀ ਫੈਸਲੇ ਰੱਦ ਕਰਨ ਦੀ ਮੰਗ ਕੀਤੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਜਮਹੂਰੀ ਕਦਰਾਂ ਕੀਮਤਾਂ ਤੇ ਲਿਖਣ ਦੀ ਆਜ਼ਾਦੀ ਦਾ ਗਲਾ ਘੁੱਟਦਿਆਂ ਗੁਜਰਾਤ ਦੀ ਸਮਾਜਿਕ ਕਾਰਕੁੰਨ ਤੀਸਤਾ ਸੀਤਲਵਾੜ ਦੀ ਝੂਠੇ ਪਰਚੇ ਦਰਜ ਕਰਕੇ ਕੀਤੀ ਗ੍ਰਿਫ਼ਤਾਰੀ ਦੇਸ਼ ਵਿਚ ਤਾਨਾਸ਼ਾਹੀ ਸਰਕਾਰ ਹੋਣ ਦਾ ਪ੍ਰਤੱਖ ਸਬੂਤ ਹੈ ਤੇ ਇਸੇ ਤਰ੍ਹਾਂ ਪੰਜਾਬ ਦੇ ਮਸਲਿਆਂ ਉੱਤੇ ਸਿੱਧੂ ਮੂਸੇਵਾਲੇ ਦੇ ਗਾਏ ਗੀਤ ਨੂੰ ਬੈਨ ਕਰ ਦੇਣਾ ਮੋਦੀ ਸਰਕਾਰ ਦੀ ਦਮਨ ਦੀ ਨੀਤੀ ਸਾਫ਼ ਤਸਵੀਰ ਪੇਸ਼ ਹੁੰਦੀ ਹੈ।
ਜਥੇਬੰਦੀ ਵੱਲੋਂ ਦੇਸ਼ ਵਿਚ ਜਮਹੂਰੀਅਤ ਦਾ ਮਖੌਟਾ ਪਾਈ ਤਾਨਾਸ਼ਾਹੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਜ਼ੋਰਦਾਰ ਮੰਗ ਕੀਤੀ ਕਿ ਮੋਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਤੇ ਵਿਰੋਧੀ ਆਵਾਜ਼ਾਂ ਦਬਾਉਣ ਦੀ ਨੀਤੀ ਦਾ ਤਿਆਗ ਕਰਕੇ ਗੈਰ ਜਮਹੂਰੀ ਕੀਤੇ ਦੋਵੇਂ ਫ਼ੈਸਲੇ ਤੁਰੰਤ ਰੱਦ ਕਰਕੇ ਸਮਾਜਿਕ ਕਾਰਕੁੰਨ ਤੀਸਤਾ ਸੀਤਲਵਾੜ ਨੂੰ ਰਿਹਾਅ ਕਰੇ ਤੇ ਸਿੱਧੂ ਮੂਸੇਵਾਲਾ ਦੇ ਗੀਤ ਤੇ ਲਾਈ ਪਾਬੰਦੀ ਤੁਰੰਤ ਹਟਾਵੇ। ਪਹਿਲਾਂ ਝੂਠੇ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਸਾਰੇ ਬੁੱਧੀਜੀਵੀ ਤੁਰੰਤ ਰਿਹਾਅ ਕੀਤੇ ਜਾਣ।
ਕਿਸਾਨ ਆਗੂਆਂ ਨੇ ਦੇਸ਼ ਦੇ ਲੋਕਾਂ ਨੂੰ ਵੋਟਾਂ ਰਾਹੀਂ ਬਣੀਆਂ ਸਰਕਾਰਾਂ ਨੂੰ ਲੋਕਰਾਜੀ ਸਰਕਾਰ ਕਹਿਣ ਦਾ ਭਰਮ ਭੁਲੇਖਾ ਦੂਰ ਕਰਨ ਦੀ ਅਪੀਲ ਕਰਦਿਆਂ ਸੱਦਾ ਦਿੱਤਾ ਕਿ ਦੇਸ਼ ਵਿੱਚ ਜਮਹੂਰੀ ਕਦਰਾਂ ਕੀਮਤਾਂ ਨੂੰ ਬਚਾਉਣ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਜਥੇਬੰਦ ਹੋ ਕੇ ਸੰਘਰਸ਼ਾਂ ਦੇ ਮੈਦਾਨ ਮੱਲੋਂ।