ਕੈਬਨਿਟ ਮੰਤਰੀ ਰਾਣਾ ਸੋਢੀ ਕਾਂਗਰਸੀ ਆਗੂ ਨੀਸ਼ੂ ਦਹੂਜਾ ਦੇ ਪਿਤਾ ਨਵੀਨ ਕੁਮਾਰ ਦਹੂਜਾ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ
ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਮਦਦ ਦਾ ਚੈਕ ਭੇਂਟ ਕੀਤਾ ਗਿਆ
ਟੋਲ ਪਲਾਜੇ ਤੇ ਖੇਤੀ ਸਬੰਧੀ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਲੱਗੇ ਧਰਨੇ ਦੌਰਾਨ ਬਲਦੇਵ ਰਾਜ ਦੀ ਹੋਈ ਮੌਤ ਤੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
- ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਵਿੱਤੀ ਮਦਦ ਦਾ ਚੈਕ ਭੇਂਟ ਕੀਤਾ ਗਿਆ
- ਕਿਹਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ
- ਕੈਬਨਿਟ ਮੰਤਰੀ ਰਾਣਾ ਸੋਢੀ ਕਾਂਗਰਸੀ ਆਗੂ ਨੀਸ਼ੂ ਦਹੂਜਾ ਦੇ ਪਿਤਾ ਨਵੀਨ ਕੁਮਾਰ ਦਹੂਜਾ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ
ਗੁਰੂਹਰਸਹਾਏ (ਫਿਰੋਜ਼ਪੁਰ) 20 ਨਵੰਬਰ 2020
ਬੀਤੇ ਦਿਨੀ ਟੋਲ ਪਲਾਜਾ ਮਾਹਮੂਜੋਈਆਂ ਤੇ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਲੱਗੇ ਧਰਨੇ ਦੌਰਾਨ ਪਿੰਡ ਮਾਹਮੂਜੋਈਆ ਦੇ ਕਿਸਾਨ ਸ੍ਰ. ਬਲਦੇਵ ਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਜਿਸ ਦੀ ਅੱਜ ਅੰਤਿਮ ਅਰਦਾਸ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ। ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਕਿਸਾਨ ਦੀ ਪਤਨੀ ਮਨਜੀਤ ਕੌਰ, ਬੇਟੇ ਰਮਨ ਕੁਮਾਰ ਅਤੇ ਵਿਪਨ ਕੁਮਾਰ ਨੂੰ 3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਵੀ ਭੇਂਟ ਕੀਤਾ।
ਇਸ ਉਪਰੰਤ ਮ੍ਰਿਤਕ ਕਿਸਾਨ ਬਲਦੇਵ ਰਾਜ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ ਇਨ੍ਹਾਂ ਦਾ ਨਾ ਸਿਰਫ ਕਿਸਾਨੀ ਤੇ ਸਗੋਂ ਸਮਾਜ ਦੇ ਹਰ ਵਰਗ ਤੇ ਮਾੜਾ ਅਸਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਵਿਧਾਨ ਸਭਾ ਵਿਚ ਬਿੱਲ ਵੀ ਪਾਸ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰਾਂ ਨਾਲ ਕਿਸਾਨਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨਾ ਚਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਜਿੱਦ ਕਾਰਨ ਯੂਰੀਆ ਖਾਦ ਦੀ ਘਾਟ ਹੈ ਜਿਸ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਯਤਨ ਕਰ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮ੍ਰਿਤਕ ਕਿਸਾਨ ਦੇ ਕਰਜੇ ਦੀ ਮਾਫੀ ਸਬੰਧੀ ਵੀ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਪਰਿਵਾਰ ਨੂੰ ਦਿੱਤਾ। ਉਨ੍ਹਾਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇੱਥੇ ਜਿਕਰਯੋਗ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਸ ਤੋਂ ਪਹਿਲਾਂ 2 ਲੱਖ ਰੁਪਏ ਦੀ ਮਦਦ ਜਿ਼ਲ੍ਹਾ ਪ੍ਰਸ਼ਾਸਨ ਨੇ ਮੁਹਈਆ ਕਰਵਾਈ ਸੀ। ਇਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਵੀ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਪੱਗ ਭੇਂਟ ਕੀਤੀ ਗਈ।
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕਾਂਗਰਸੀ ਆਗੂ ਨੀਸ਼ੂ ਦਹੂਜਾ ਦੇ ਪਿਤਾ ਸ੍ਰੀ. ਨਵੀਨ ਕੁਮਾਰ ਦਹੂਜਾ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਮ੍ਰਿਤਕ ਦੀ ਪਤਨੀ ਨੀਲਮ ਰਾਣੀ, ਪੁੱਤਰ ਨੀਸ਼ੂ ਦਹੂਜਾ ਸਮੇਤ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਅਨੁਮੀਤ ਸਿੰਘ ਹੀਰਾ ਸੋਢੀ,ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰੂਹਰਸਹਾਏ ਸ੍ਰ. ਰਵਿੰਦਰ ਸਿੰਘ ਅਰੋੜਾ, ਜਲਾਲਾਬਾਦ ਦੇ ਐਸ.ਡੀ.ਐਮ. ਸ: ਸੂਬਾ ਸਿੰਘ, ਵੇਦ ਪ੍ਰਕਾਸ, ਦਵਿੰਦਰ ਜੰਗ, ਸ੍ਰੀ ਅੰਮ੍ਰਿਤਪਾਲ,ਅਮਰੀਕ ਸਿੰਘ, ਗੁਰਦੀਪ ਸਿੰਘ ਢਿੱਲੋਂ, ਵਿੱਕੀ ਨਰੂਲਾ, ਭੋਲਾ ਸਿੰਘ, ਰਾਜ ਕੁਮਾਰ, ਡੇਵਿਡ ਜੀ, ਜਿੰਮੀ, ਰਾਜਵੀਰ ਮੌਂਟੀ, ਰੁਸਤਮ ਮਜੈਦੀਆ, ਸੋਨੂੰ ਮੌਂਗਾ, ਮਨੋਜ ਮੌਂਗਾ, ਰਵੀਦਾਸ ਚਾਵਲਾ, ਸੇਵਕ ਸੰਧੂ, ਸ੍ਰੀ ਨਸੀਬ ਸਿੰਘ ਸੰਧੂ, ਵਿੱਕੀ ਸਿੱਧੂ ਆਦਿ ਵੀ ਹਾਜਰ ਸਨ।