ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ- ਡਿਪਟੀ ਕਮਿਸ਼ਨਰ
ਪਰਾਲੀ ਪ੍ਰਬੰਧਨ, ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਦੀ ਸੰਭਾਲ ਦਾ ਸੱਦਾ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ- ਡਿਪਟੀ ਕਮਿਸ਼ਨਰ
ਪਰਾਲੀ ਪ੍ਰਬੰਧਨ, ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਦੀ ਸੰਭਾਲ ਦਾ ਸੱਦਾ
ਫਿਰੋਜ਼ਪੁਰ, 4 ਅਕਤੂਬਰ, 2022: ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅੰਮ੍ਰਿਤ ਸਿੰਘ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਪਰਾਲੀ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਐਸ.ਡੀ.ਐਮਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸਬ ਡਵੀਜ਼ਨਾਂ ਦੇ ਨੋਡਲ ਅਫ਼ਸਰ ਹੋਣ ਦੇ ਨਾਤੇ ਉਨ੍ਹਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ। ਐਸ.ਡੀ.ਐਮਜ਼ ਨੂੰ ਐਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਉਲੰਘਣਾ ਕਰਨ ਵਾਲਿਆਂ ਦੇ ਰਿਕਾਰਡ ਵਿੱਚ ਰੈਡ ਐਂਟਰੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਨੂੰ ਪਰਾਲੀ ਸਾੜਨ ਸਬੰਧੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਐਸ.ਡੀ.ਐਮਜ਼ ਦੀ ਰਿਪੋਰਟ ਅਨੁਸਾਰ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰਨ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਏ.ਡੀ.ਸੀ.(ਡੀ) ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਵਿਭਾਗ ਅਤੇ ਮਾਲ ਵਿਭਾਗ ਦਰਮਿਆਨ ਸਹੀ ਤਾਲਮੇਲ ਰੱਖਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਐਸ.ਐਸ.ਪੀ, ਫਿਰੋਜ਼ਪੁਰ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਮਿੱਤਰ ਕੀੜਿਆਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਵਾਸਤੇ ਵੱਡੇ ਪੱਧਰ ‘ਤੇ ਸਬਸਿਡੀ ਮੁਹੱਈਆਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆਂ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਪਰਾਲੀ ਜਾਂ ਹੋਰ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਤੇ ਪਰਾਲੀ ਦੇ ਖੇਤਾਂ ਵਿੱਚ ਹੀ ਪ੍ਰਬੰਧਨ ਜਾਂ ਨਿਪਟਾਰੇ ਲਈ ਸੁਪਰ ਸੀਡਰ, ਹੈਪੀਸੀਡਰ, ਸੁਪਰ ਐਸ.ਐਮ.ਐਸ., ਸਟਰਾਅ ਚੋਪਰ, ਮਲਚਰ, ਕਰੋਪ ਰੀਪਰ ਅਤੇ ਬੇਲਰ ਆਦਿ ਸੰਦਾਂ/ਮਸ਼ੀਨਾਂ ਦੀ ਵਰਤੋਂ ਕਰ ਕੇ ਇਸ ਦਾ ਨਿਪਟਾਰਾ ਕਰਨ ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ,ਵਾਤਾਵਰਨ ਦੀ ਸੰਭਾਲ ਅਤੇ ਮਨੁੱਖਤਾ ਦੀ ਭਲਾਈ ਹਿੱਤ ਪਰਾਲੀ ਨਾ ਸਾੜਨ ਦਾ ਅਹਿਦ ਕਰਨ।