ਡਿਪਟੀ ਕਮਿਸ਼ਨਰ ਵੱਲੋਂ ਪਿੰਡ ਹਬੀਬ ਕੇ ਸਮੇਤ ਦਰਿਆ ਨਾਲ ਲੱਗਦੇ ਕਈ ਹੋਰ ਪਿੰਡਾਂ ਦਾ ਦੌਰਾ
ਸਥਿਤੀ ਪੂਰੀ ਕੰਟਰੋਲ ਵਿਚ, ਲੋਕ ਅਫਵਾਹਾਂ ਤੋਂ ਦੂਰ ਰਹਿਣ - ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਹਬੀਬ ਕੇ ਸਮੇਤ ਦਰਿਆ ਨਾਲ ਲੱਗਦੇ ਕਈ ਹੋਰ ਪਿੰਡਾਂ ਦਾ ਦੌਰਾ
ਸਥਿਤੀ ਪੂਰੀ ਕੰਟਰੋਲ ਵਿਚ, ਲੋਕ ਅਫਵਾਹਾਂ ਤੋਂ ਦੂਰ ਰਹਿਣ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ 16 ਅਗਸਤ, 2023: ਭਾਖੜਾ ਡੈਮ ਤੋਂ ਵੱਧ ਪਾਣੀ ਛੱਡੇ ਜਾਣ ਉਪਰੰਤ ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਧੁਸੀ ਬੰਨ ਦੇ ਅੰਦਰ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਕੀਤਾ ਗਿਆ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਂਵਾ ਤੇ ਪਹੁੰਚਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਜਲ ਸਰੋਤ ਵਿਭਾਗ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬੰਨਾਂ ਦੀ ਮਜ਼ਬੂਤੀ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪਿੰਡ ਹਬੀਬ ਕੇ ਸਮੇਤ ਦਰਿਆ ਸਤਲੁਜ ਦੇ ਨਜਦੀਕ ਪੈਂਦੇ ਹੋਰ ਪਿੰਡਾਂ ਦਾ ਦੌਰਾ ਕਰਨ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੱਛਲੇ ਮਹੀਨੇ ਜੋ ਹੜ੍ਹ ਆਏ ਸਨ ਉਨ੍ਹਾਂ ਤੋਂ ਪੱਤਾ ਲਗਾ ਹੈ ਕਿ ਕਿਹੜੇ ਕਿਹੜੇ ਪਿੰਡਾਂ ਨੂੰ ਪਾਣੀ ਦਾ ਮਾਰ ਪਈ ਹੈ ਤੇ ਕੀ ਕੀ ਹੋਰ ਪ੍ਰਬੰਧ ਕਰਨ ਦੀ ਲੋੜ ਹੈ, ਜਿਸ ਲਈ ਅੱਜ ਉਨ੍ਹਾਂ ਵੱਲੋਂ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰਾ ਤਰ੍ਹਾਂ ਕੰਟਰੋਲ ਵਿੱਚ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਸਥਿਤੀ ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਜਿਸ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੰਨਾਂ ਨੂੰ ਮਜ਼ਬੂਤ ਕਰਨ, ਰਾਹਤ ਸਮੱਗਰੀ ਪਹੁੰਚਾਉਣ, ਮਿੱਟੀ, ਗੱਟੇ ਆਦਿ ਸਮੇਤ ਮੈਡੀਕਲ ਸਹੂਲਤਾਂ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਤੇ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿਠਣ ਲਈ ਫੰਡਾਂ ਦੀ ਕਿਸੇ ਤਰ੍ਹਾਂ ਦੀ ਘਾਟ ਨਹੀਂ ਹੈ, ਕਿਸੇ ਵੀ ਚੀਜ ਦੀ ਜ਼ਰੂਰਤ ਹੋਏਗੀ ਉਹ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।