ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਜ਼ਮੀਨੀ ਵੰਡ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਨੂੰ ਪਹਿਲ ਦੇ ਅਧਾਰ 'ਤੇ ਕਰਨ ਲਈ ਦਿੱਤੇ ਨਿਰਦੇਸ਼- ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 27 ਫਰਵਰੀ 2019 (ਹਰੀਸ਼ ਮੌਂਗਾ) ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਵੱਲੋਂ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਵੱਖ-ਵੱਖ ਕੰਮਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਸੇਵਾ ਦੇ ਅਧਿਕਾਰ ਕਾਨੂੰਨ ਅਨੁਸਾਰ ਮਿੱਥੇ ਸਮੇਂ ਵਿਚ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੈਂਕਾਂ, ਬੈਕਫਿਕੋ, ਐੱਸ.ਸੀ. ਐੱਸ.ਟੀ ਕਾਰਪੋਰੇਸ਼ਨ ਆਦਿ ਦੇ ਕਰਜ਼ਿਆਂ ਦੀ ਵਸੂਲੀ ਵਿਚ ਸਬੰਧਿਤ ਅਦਾਰਿਆਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਮਾਲ ਅਫ਼ਸਰਾਂ ਨੂੰ ਪਟਵਾਰੀਆਂ ਦੇ ਰਿਕਾਰਡ ਦੀ ਸਮੇਂ-ਸਮੇਂ 'ਤੇ ਚੈਕਿੰਗ ਕਰਨ ਲਈ ਕਿਹਾ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਬਣਾਏ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ ਫਿਰੋਜ਼ਪੁਰ ਸ੍ਰੀ. ਅਮਿਤ ਗੁਪਤਾ, ਐੱਸ.ਡੀ. ਐੱਮ. ਗੁਰੂਹਰਸਹਾਏ ਸ੍ਰੀ. ਕੁਲਦੀਪ ਬਾਵਾ, ਐੱੋਸ.ਡੀ.ਐੱਮ. ਜ਼ੀਰਾ ਸ੍ਰ. ਨਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫਸਰ ਸ੍ਰ: ਮਨਜੀਤ ਸਿੰਘ, ਡੀ.ਡੀ.ਪੀ.ਓ ਸ੍ਰ. ਹਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।