ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ
ਜ਼ਿਲ੍ਹਾ ਪ੍ਰਸ਼ਾਸਨ, ਐਨ.ਡੀ.ਆਰ.ਐਫ., ਬੀ.ਐਸ.ਐਫ., ਫੌਜ ਦੇ ਜਵਾਨ ਲੋਕਾਂ ਦੀ ਮੱਦਦ ਲਈ ਜੁੱਟੇ
ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ
ਜ਼ਿਲ੍ਹਾ ਪ੍ਰਸ਼ਾਸਨ, ਐਨ.ਡੀ.ਆਰ.ਐਫ., ਬੀ.ਐਸ.ਐਫ., ਫੌਜ ਦੇ ਜਵਾਨ ਲੋਕਾਂ ਦੀ ਮੱਦਦ ਲਈ ਜੁੱਟੇ
ਫਿਰੋਜ਼ਪੁਰ, 11 ਜੁਲਾਈ 2023: ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ, ਬੰਨਾਂ ਦੀ ਮਜ਼ਬੂਤੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਵੱਧਰ ਤੇ ਪਿਛਲੇ ਦੋ ਦਿਨਾਂ ਤੋਂ ਕਾਰਜ ਆਰੰਭੇ ਗਏ ਹਨ ਅਤੇ ਲੋੜਵੰਦ ਲੋਕਾਂ ਲਈ ਰਾਹਤ ਕੈਂਪਾਂ ਦਾ ਆਯੋਜਨ ਕੀਤਾ ਗਿਆ ਜਿਥੇ ਉਨ੍ਹਾਂ ਨੂੰ ਖਾਣਾ, ਦਵਾਈਆਂ, ਪਸ਼ੂਆਂ ਦਾ ਚਾਰਾ, ਤਰਪਾਲਾਂ ਆਦਿ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਹੁਸੈਨੀਵਾਲਾ ਦੇ ਨਾਲ ਲੱਗਦੇ ਪਿੰਡ, ਕਾਲੂਵਾਲਾ, ਗਜ਼ਨੀਵਾਲਾ, ਦੋਨਾ ਮੱਤੜ, ਜੋਗਿੰਦਰ ਚੌਂਕੀ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਫਿਰੋਜ਼ਪੁਰ ਸ੍ਰੀ ਭੁਪਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਦੁਪਹਿਰ 1 ਵਜੇ ਤੱਕ ਹਰੀਕੇ ਕੇ ਹੈੱਡਵਰਕਸ ਤੋਂ 2,11,804 ਕਿੳਸਿਕ ਪਾਣੀ ਛੱਡਿਆ ਗਿਆ ਹੈ ਜਦਕਿ ਹੁਸੈਨੀਵਾਲਾ ਹੈੱਡਵਰਕਸ ਤੋਂ 1,12,440 ਕਿਊਸਿਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰੀਕੇ ਹੈੱਡ ਵਰਕਸ ਅਤੇ ਹੁਸੈਨੀਵਾਲਾ ਹੈੱਡ ਵਰਕਸ ਤੋਂ ਪਾਣੀ ਲਗਾਤਾਰ ਅੱਗੇ ਰਲੀਜ਼ ਕੀਤਾ ਜਾ ਰਿਹਾ ਹੈ ਤਾਂ ਜੋ ਦਰਿਆ ਨਾਲ ਲੱਗਦੇ ਇਲਾਕੇ ਪਾਣੀ ਦੀ ਮਾਰ ਤੋਂ ਬੱਚ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਏਰੀਏ ਹੁਸੈਨੀਵਾਲਾ, ਮਮਦੋਟ, ਗੁਰੂਹਰਸਹਾਏ, ਜ਼ੀਰਾ ਆਦਿ ਖੇਤਰਾਂ ਵਿੱਚ ਜਿਥੇ ਦਰਿਆ ਸਤਲੁਜ ਦੇ ਪਾਣੀ ਨੇ ਫਸਲਾਂ ਦਾ ਨੁਕਸਾਨ ਕੀਤਾ ਹੈ ਜਾਂ ਜਿਹੜੇ ਲੋਕ ਪਾਣੀ ਵਿੱਚ ਘਿਰ ਗਏ ਹਨ ਉਨ੍ਹਾਂ ਨੂੰ ਬਾਹਰ ਕੱਢਣ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਵਿੱਚ ਸਾਰੇ ਵਿਭਾਗਾਂ ਤੋਂ ਇਲਾਵਾ ਐਨ.ਡੀ.ਆਰ.ਐਫ., ਬੀ.ਐਸ.ਐਫ. ਤੋਂ ਇਲਾਵਾ ਭਾਰਤੀ ਫੌਜ ਦੀ ਮੱਦਦ ਵੀ ਲਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਪਾਣੀ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਪਸ਼ੂਆਂ ਸਮੇਤ ਸੁਰੱਖਿਅਤ ਸਥਾਨਾਂ ਤੇ ਪਹੁੰਚਣ, ਜਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਸਹੂਲਤ ਲਈ ਰਾਹਤ ਕੈਂਪ ਬਣਾਏ ਗਏ ਹਨ ਜਿਥੇ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।