Ferozepur News
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨੂੰ ਪਿੰਡਾਂ/ਸ਼ਹਿਰਾਂ ਵਿਚ ਨਸ਼ਾ ਛੁਡਾਊ ਕੈਂਪ ਲਗਾਉਣ ਦੇ ਆਦੇਸ਼ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ- ਡਿਪਟੀ ਕਮਿਸ਼ਨਰ ਲੋਕਾਂ ਨੂੰ ਨਸ਼ਿਆਂ ਦਾ ਸ਼ਿਕਾਰ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਲੈ ਕੇ ਆਉਣ ਦੀ ਅਪੀਲ
ਫ਼ਿਰੋਜ਼ਪੁਰ 3 ਜੁਲਾਈ 2018( Manish Bawa ) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਅਤੇ ਨਸ਼ਿਆਂ ਵਿਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਚੰਗੀ ਸਿਹਤ ਪ੍ਰਦਾਨ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐੱਸ ਵੱਲੋਂ ਜ਼ਿਲ੍ਹੇ ਦੇ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਨੌਜਵਾਨਾਂ ਵਿਚ ਵੱਧ ਰਹੇ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨੂੰ ਸਬ-ਡਵੀਜਨਾਂ, ਤਹਿਸੀਲਾਂ, ਸਬ-ਤਹਿਸੀਲਾਂ ਅਤੇ ਬਲਾਕਾਂ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ੇ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਪਿੰਡਾਂ ਤੇ ਬਲਾਕ ਪੱਧਰ ਤੇ ਨਸ਼ਾ ਰੋਕੂ ਕਮੇਟੀਆਂ (ਡੈਪੋ ਵਲੰਟੀਅਰਜ਼) ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਡੈਪੋ ਵਲੰਟੀਅਰਜ਼ ਨਾਲ ਮੀਟਿੰਗ ਕਰਕੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੀ ਸਪਲਾਈ ਰੋਕਣ ਲਈ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਵੀ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਲੈ ਕੇ ਆਉਣ ਜਿੱਥੇ ਉਨ੍ਹਾਂ ਦਾ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਆਲੇ-ਦੁਆਲੇ ਕੋਈ ਵਿਅਕਤੀ ਕਿਸੇ ਕਿਸਮ ਦਾ ਨਸ਼ਾ ਸਪਲਾਈ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ/ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਮਦਦ ਕੀਤੀ ਜਾਵੇਗੀ ਤਾਂ ਜੋ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਮਿਸ਼ਨ ਤੰਦਰੁਸਤ ਪੰਜਾਬ ਲਹਿਰ ਨੂੰ ਸਫਲਤਾ ਪੂਰਵਕ ਅੱਗੇ ਵਧਾਇਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ ਫ਼ਿਰੋਜ਼ਪੁਰ ਸ੍ਰ: ਹਰਜੀਤ ਸਿੰਘ ਸੰਧੂ, ਐਸ.ਡੀ.ਐਮ ਗੁਰੂਹਰਸਹਾਏ ਸ੍ਰ: ਚਰਨਦੀਪ ਸਿੰਘ, ਤਹਿਸੀਲਦਾਰ ਜ਼ੀਰਾ ਸ੍ਰ: ਬੇਅੰਤ ਸਿੰਘ, ਸ਼੍ਰੀ ਰਾਮੇਸ਼ ਕੁਮਾਰ ਤਹਿਸੀਲਦਾਰ ਗੁਰੂਹਰਸਹਾਏ, ਸ਼੍ਰੀ ਵਿਜੈ ਬਹਿਲ ਨਾਇਬ ਤਹਿਸੀਲਦਾਰ ਗੁਰੂਹਰਸਹਾਏ, ਸ੍ਰ: ਯਾਦਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।