Ferozepur News
ਨਸ਼ਾ ਮੁਕਤ ਪਿੰਡਾਂ ਲਈ ਸਰਪੰਚਾਂ ਦਾ ਨਸ਼ਾ ਮੁਕਤ ਹੋਣਾ ਜ਼ਰੂਰੀ: ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕਿਹਾ, ਕੇਵਲ ਉਨ੍ਹਾਂ ਨੁਮਾਇੰਦਿਆਂ ਨੂੰ ਹੀ ਸਰਪੰਚ ਬਣਾਇਆ ਜਾਵੇ ਜੋ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਮੁਕਤ ਹੋਣ: ਕੈਬਨਿਟ ਮੰਤਰੀ ਨੇ ਸ਼ਿਕਾਇਤਾਂ ਮਿਲਣ ਤੇ ਹੰਸਰਾਜ ਮਲਟੀ ਸਪੈਸ਼ਲਿਟੀ ਹਸਪਤਾਲ ਅਤੇ ਨਸ਼ਾ ਛੁਡਾਓ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਅਤੇ ਵਿਧਾਇਕ ਮੈਡਮ ਸਤਿਕਾਰ ਕੌਰ ਗਹਿਰੀ ਨੇ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਨੂੰ ਕਰਵਾਇਆ ਜਾਣੂੰ
ਫ਼ਿਰੋਜ਼ਪੁਰ 2 ਅਗਸਤ Manish Bawa
ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਲਈ ਸਰਪੰਚਾਂ ਦਾ ਨਸ਼ਾ ਮੁਕਤ ਹੋਣਾ ਜ਼ਰੂਰੀ ਹੈ। ਚੋਣਾਂ ਦੌਰਾਨ ਕੇਵਲ ਉਨ੍ਹਾਂ ਨੂੰ ਹੀ ਸਰਪੰਚ ਬਣਾਇਆ ਜਾਵੇ ਜੋ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋ ਮੁਕਤ ਹੋਣ। ਉਹ ਅੱਜ ਭਸੀਨ ਪੈਲੇਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ''ਨਸ਼ਾ ਮੁਕਤ ਤੰਦਰੁਸਤ ਪੰਜਾਬ'' ਵਿਸ਼ੇ ਤੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਸ. ਕੁਲਬੀਰ ਸਿੰਘ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ ਜੀ ਤੋਂ ਇਲਾਵਾ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸ੍ਰੀ ਸੁਮੇਰ ਗੁਰਜਰ ਅਤੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾਂ ਕਾਫੀ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਵੱਲੋਂ ਹੰਸਰਾਜ ਮਲਟੀ ਸਪੈਸ਼ਲਿਟੀ ਹਸਪਤਾਲ ਅਤੇ ਨਸ਼ਾ ਛਡਾਓ ਕੇਂਦਰ ਦੀ ਅਚਨਚੇਤ ਚੈਕਿੰਗ ਕਰਕੇ ਸਿਹਤ ਵਿਭਾਗ ਨੂੰ ਹਸਪਤਾਲ ਨਾਲ ਸਬੰਧਿਤ ਡਾਕਟਰਾਂ ਦੇ ਡੋਪ ਟੈਸਟ ਕਰਾਉਣ ਅਤੇ ਪਾਬੰਦੀਸੁਦਾ ਦਵਾਈਆਂ ਦੀ ਜਾਂਚ ਪੜਤਾਲ ਕਰਨ ਸਬੰਧੀ ਨਿਰਦੇਸ਼ ਦਿੱਤੇ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਦੇ ਲਈ ਲੋਕਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਨਸ਼ਿਆਂ ਦਾ ਖ਼ਾਤਮਾ ਤਾਂ ਹੀ ਹੋ ਸਕਦਾ ਹੈ ਜੇਕਰ ਇਕ ਲੋਕ ਲਹਿਰ ਦੇ ਰੂਪ ਵਿੱਚ ਲੋਕ ਅੱਗੇ ਆ ਕੇ ਨਸ਼ਿਆਂ ਦੇ ਖ਼ਾਤਮੇ ਲਈ ਯਤਨ ਕਰਨ। ਉਨ੍ਹਾਂ ਨੇ ਕਿਹਾ ਕਿ ਚਾਹੇ ਕੋਈ ਨੇਤਾ, ਸਰਕਾਰੀ ਮੁਲਾਜ਼ਮ ਜਾਂ ਇਹ ਪਤਾ ਲੱਗਦਾ ਹੈ ਕਿ ਕਿਸੇ ਵੱਲੋਂ ਕਿਸੇ ਤਰ੍ਹਾਂ ਦਾ ਨਸ਼ਾ ਵੇਚਿਆ ਜਾ ਰਿਹਾ ਹੈ ਤਾਂ ਇਸ ਦੇ ਖ਼ਿਲਾਫ਼ ਲੋਕਾਂ ਨੂੰ ਲੋਕ ਲਹਿਰ ਬਣ ਕੇ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਅਜਿਹੇ ਅਨਸਰਾਂ ਨੂੰ ਸਜ਼ਾ ਦਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਇਸ ਖੇਤਰ ਦੇ ਲੋਕਾਂ ਦਾ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਹਰ ਤਰ੍ਹਾਂ ਦੇ ਬੱਚੇ ਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਬੱਚੇ ਪੜ੍ਹਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ ਤਾਂ ਜੋ ਸਾਰਿਆਂ ਨੂੰ ਬਰਾਬਰ ਦੀ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕਿਸੇ ਨੂੰ ਵੀ ਗ਼ੈਰ-ਕਾਨੂੰਨੀ ਖਣਨ ਦੀ ਇਜਾਜ਼ਤ ਨਹੀਂ ਹੈ ਜੇਕਰ ਕੋਈ ਗੈਰ ਕਾਨੂੰਨੀ ਰੇਤ ਦੀ ਮਾਈਨਿੰਗ ਕਰਦਾ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਨਾ ਕੰਮ ਕਰਨ ਸਬੰਧੀ ਪੁਲਿਸ ਨੂੰ ਪਹਿਲਾਂ ਹੀ ਨਿਰਦੇਸ਼ ਸਰਕਾਰ ਦੁਆਰਾ ਦਿੱਤੇ ਜਾ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ, ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਕਰਨ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਰੂਰਤਮੰਦਾਂ ਦੀ ਪਹਿਚਾਣ ਕਰਕੇ ਲਾਭ ਦਿਵਾਉਣ ਸਮੇਤ ਅਧਿਕਾਰੀਆਂ ਨੂੰ ਤਹਿ ਦਿਲ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।
ਇਸ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਸ. ਕੁਲਬੀਰ ਸਿੰਘ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ ਨੇ ਵੀ ਆਪਣੇ ਆਪਣੇ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਮੰਤਰੀ ਜੀ ਨੂੰ ਜਾਣਕਾਰੀ ਦਿੱਤੀ। ਤਿੰਨੇ ਵਿਧਾਇਕਾਂ ਵੱਲੋਂ ਨਸ਼ਾ ਖੋਰੀ ਨੂੰ ਰੋਕਣ, ਸਹਿਕਾਰਤਾ ਤੇ ਜੇਲ੍ਹ ਵਿਭਾਗ ਵਿੱਚ ਨਿਯੁਕਤੀਆਂ ਕਰਨ, ਨਸ਼ਾ ਛਡਾਓ ਕੇਂਦਰਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦਾ ਇਲਾਜ ਕਰਾਉਣ, ਸਰਹੱਦੀ ਖੇਤਰ ਵਿੱਚ ਨਸ਼ੇ ਦੀ ਤਸਕਰੀ ਨੂੰ ਰੋਕਣ ਸਬੰਧੀ ਆਪਣੇ ਵਿਚਾਰ ਰੱਖੇ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਹਿਰ ਵਾਸੀਆਂ ਨੂੰ ਵੱਧ ਤੋ ਵੱਧ ਬੂਟੇ ਲਗਾਉਣ ਦਾ ਸੰਦੇਸ਼ ਦਿੰਦੇ ਹੋਏ ਮੌਕੇ ਤੇ ਬੂਟੇ ਵੀ ਵੰਡੇ।
ਇਸ ਮੌਕੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ, ਸਾਬਕਾ ਵਿਧਾਇਕ ਗੁਰਨੈਬ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਜ) ਸਂ ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐਮ. ਫ਼ਿਰੋਜ਼ਪੁਰ ਸ. ਨਰਿੰਦਰ ਸਿੰਘ, ਐੱਸ.ਡੀ.ਐਮ ਜ਼ੀਰਾ ਸ੍ਰੀ ਅਮਿੱਤ ਗੁਪਤਾ, ਸਹਾਇਕ ਕਮਿਸ਼ਨਰ (ਜ) ਸ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਕੁਲਦੀਪ ਬਾਵਾ, ਡੀ.ਡੀ.ਪੀ.ਓ. ਹਰਜਿੰਦਰ ਸਿੰਘ, ਸ੍ਰੀ ਰੂਪ ਲਾਲ ਸਮੇਤ ਭਾਰੀ ਗਿਣਤੀ ਵਿੱਚ ਕਾਂਗਰਸੀ ਆਗੂ ਮੌਜੂਦ ਸਨ।