ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
ਜ਼ਿਲ੍ਹੇ ਵਿਚ ਟੀਕਾਕਰਨ ਦੇ ਪਹਿਲੇ ਗੇਡ਼ ਸਿਹਤ ਕਾਮਿਆਂ ਦਾ ਹੋਵੇਗਾ ਟੀਕਾਕਰਨ
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
ਜ਼ਿਲ੍ਹੇ ਵਿਚ ਟੀਕਾਕਰਨ ਦੇ ਪਹਿਲੇ ਗੇਡ਼ ਸਿਹਤ ਕਾਮਿਆਂ ਦਾ ਹੋਵੇਗਾ ਟੀਕਾਕਰਨ
ਯੋਗ ਲਾਭਪਾਤਰੀਆਂ ਨੂੰ ਦਿੱਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ
ਫਿਰੋਜ਼ਪੁਰ,16 ਜਨਵਰੀ, 2021: ਅੱਜ ਪੂਰੇ ਦੇਸ਼ ਵਿਚ ਕੋਵਿਡ ਤੋਂ ਸੁਰੱਖਿਆ ਸਬੰਧੀ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਅਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸਿਹਤ ਕਰਮੀਆਂ ਲਈ ਮੋਹਾਲੀ ਤੋਂ ਕੀਤੀ ਗਈ ।ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਰਚੂਅਲ ਪ੍ਰੋਗਰਾਮ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਹਿੱਸਾ ਲਿਆ।
ਵਿਧਾਇਕ ਪਿੰਕੀ ਨੇ ਕਿਹਾ ਕਿ ਕੋਵਿਡ 19 ਵਿਰੁੱਧ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਦਾ ਅੱਜ ਮਹੱਤਵਪੂਰਨ ਦਿਨ ਹੈ ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਦੇ ਡਾਕਟਰ ਪੈਰਾ ਮੈਡੀਕਲ ਸਟਾਫ ਪੁਲੀਸ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਨੇ ਮਹਾਂਮਾਰੀ ਦੌਰਾਨ ਬਹੁਤ ਦਲੇਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਵੱਲੋਂ ਵਿਭਾਗ ਦੇ ਪਹਿਲੀ ਕਤਾਰ ਦੇ ਸਿਹਤ ਕਰਮੀਆਂ ਦੇ ਟੀਕਾਕਰਨ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਪੰਜ ਦਿਨਾਂ ਵਿਚ ਪੂਰੇ ਪੰਜਾਬ ਵਿਚ 40 ਹਜਾਰ ਦੇ ਕਰੀਬ ਸਿਹਤ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਹ ਵੈਕਸੀਨ ਲਗਾਉਣ ਲਈ ਚਾਰ ਕੈਟਾਗਰੀਆਂ ਬਣਾਈਆਂ ਗਈਆਂ ਹਨ, ਜਿਸ ਤਹਿਤ ਪਹਿਲੀ ਕੈਟਾਗਿਰੀ ਵਿਚ ਹੈਲਥ ਵਰਕਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਟੀਕਾਕਰਨ ਦੇ ਭੰਡਾਰਨ ਅਤੇ ਢੋਆ ਢੁਆਈ ਲਈ ਢੁੱਕਵੀਂ ਸਮਰੱਥਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਢੁੱਕਵੀਂ ਗਿਣਤੀ ਵਿੱਚ ਵੈਕਸੀਨੇਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਟੀਕਾਕਰਨ ਸੈਸ਼ਨਾਂ ਦੇ ਪ੍ਰਬੰਧ ਲਈ ਢੁੱਕਵੀਂ ਗਿਣਤੀ ਵਿਚ ਟੀਮਾਂ ਲਗਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੀ ਸ਼ੁਰੂਆਤ ਸਦਕਾ ਸਾਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਨਿਜਾਤ ਪਾਉਣ ਵਿੱਚ ਮਦਦ ਮਿਲੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਦੱਸਿਆ ਕਿ ਕੋਵਿਸ਼ੀਲਡ ਦਵਾਈ ਫਿਰੋਜ਼ਪੁਰ ਵਿਚ ਸਿਹਤ ਵਿਭਾਗ ਵੱਲੋਂ ਉਪਲੱਬਧ ਕਰਵਾਈ ਜਾਵੇਗੀ ਅਤੇ ਇਹ ਦਵਾਈ ਇੱਕ ਵਿਅਕਤੀ ਨੂੰ ਦੋ ਪੜਾਵਾਂ ਵਿੱਚ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਤਿੰਨ ਸਟੇਸ਼ਨਾਂ ਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਫਿਰੋਜ਼ਪੁਰ ਸਿਵਲ ਹਸਪਤਾਲ, ਦੂਜਾ ਸੀਐਚਸੀ ਗੁਰੂਹਰਸਹਾਏ ਤੇ ਤੀਜਾ ਸੀਐਚਸੀ ਜ਼ੀਰਾ ਵਿਖੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸੈਂਟਰਾਂ ਵਿਚ ਰੋਜਾਨਾ 100 ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲੇ ਪੜਾਅ ਦੇ ਟੀਕਾਕਰਨ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਨੂੰ 6200 ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ ਪਹਿਲੇ ਦਿਨ 2 ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੱਜ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੀ ਦਿੱਤੇ ਗਏ। ਰਾਸ਼ਨ ਡਿਪੂਆਂ ਸਬੰਧੀ ਅਲਾਟਮੈਂਟ ਪੱਤਰ ਦੇਣ ਦੌਰਾਨ ਵਿਧਾਇਕ ਪਿੰਕੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਨੂੰ ਪੂਰਨ ਪਾਰਦਰਸ਼ੀ ਢੰਗ ਨਾਲ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਜਿੱਥੇ ਰੋਜਗਾਰ ਪੱਖੋਂ ਲਾਭ ਮਿਲੇਗਾ, ਉੱਥੇ ਜਨਤਕ ਵੰਡ ਪ੍ਰਣਾਲੀ ਵੀ ਹੋਰ ਮਜਬੂਤ ਹੋਵੇਗੀ।