ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 30 ਜੂਨ 2020 ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਰੁਕਨਾ ਬੇਗੂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ, ਸਰਕਾਰੀ ਮਿਡਲ ਸਕੂਲ ਕਮੱਗਰ ਸਮੇਤ ਵੱਖ–ਵਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਘਰ–ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹੇ ਦੇ ਵੱਖ–ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਵੱਲੋਂ ਕੀਤੀ ਗਈ ਹੈ ਤੇ ਇਸ ਜਾਗਰੂਕਤਾ ਅਭਿਆਨ ਵਿੱਚ ਸਮੁੱਚੇ ਸਟਾਫ ਨੇ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਵੱਲੋਂ ਘਰ-ਘਰ ਤੱਕ ਪਹੁੰਚ ਕਰਦੇ ਹੋਏ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਵਿਡ-19 ਨੂੰ ਹਰਾ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ।
ਉਨ੍ਹਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਵੀ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਦਾ ਇੱਕ ਹੀ ਤਰੀਕਾ ਹੈ ਉਹ ਹੈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨਾ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਹ ਜਾਗਰੂਕਤਾ ਮੁਹਿੰਮ ਅੱਗੇ ਵੀ ਜਾਰੀ ਰਹੇਗੀ।