ਮਿਸ਼ਨ ਫ਼ਤਿਹ: ਡਿਪਟੀ ਕਮਿਸ਼ਨਰ ਨੇ ਸਰਕਾਰੀ ਵਿਭਾਗਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵਾਂ ਤੋਂ ਨਿਕਲਣ ਲਈ ਇੱਕ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਜ਼ਿਲ੍ਹੇ ਵਿੱਚ ਰੋਜ਼ਗਾਰ ਦੇ ਮੌਕੇ ਮੁੜ ਪੈਦਾ ਕਰਨ ਅਤੇ ਕਾਰੋਬਾਰਾਂ ਵਿੱਚ ਵਾਧਾ ਕਰਨ ਲਈ ਕੀਤੀ ਵਿਚਾਰ ਚਰਚਾ
ਫਿਰੋਜ਼ਪੁਰ, 8 ਜੂਨ
ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਕੁਲਵੰਤ ਸਿੰਘ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵਾਂ ਤੋਂ ਨਿਕਲਣ ਲਈ ਇੱਕ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਮਿਸ਼ਨ ਫ਼ਤਿਹ ਅਧੀਨ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਨਿਕਲਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਸਮੂਹਿਕ ਕੋਸ਼ਿਸ਼ਾਂ ਨਾਲ ਇਸ ਮੁਸੀਬਤ ਤੋਂ ਬਾਹਰ ਨਿਕਲਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਸਾਰਥਕ ਉਦੋਂ ਬਣਾਇਆ ਜਾ ਸਕਦਾ ਹੈ ਜਦੋਂ ਹਰ ਕੋਈ ਇਸ ਵਿਚ ਆਪਣਾ ਯੋਗਦਾਨ ਪਾਏ। ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਦਾ ਮਕਸਦ ਕੋਰੋਨਾ ਵਾਇਰਸ ਖਿਲਾਫ ਇਸ ਲੜਾਈ ਨੂੰ ਜਿੱਤਣਾ ਹੈ।
ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਰੁਜ਼ਗਾਰ ਉਤਪਤੀ ਵਿਭਾਗ ਵੱਲੋਂ ਇੱਕ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਏਗੀ ਤਾਂ ਜੋ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘਟਾ ਕੇ ਲੋਕਾਂ ਨੂੰ ਮੁੜ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਜਾ ਸਕਣ। ਇਸੇ ਤਰ੍ਹਾਂ ਉਦਯੋਗ ਵਿਭਾਗ ਨੂੰ ਕੋਰੋਨਾ ਵਾਇਰਸ ਕਾਰਨ ਕਾਰੋਬਾਰ ਤੇ ਪਏ ਪ੍ਰਭਾਵਾਂ ਅਤੇ ਕਾਰੋਬਾਰ ਨੂੰ ਫਿਰ ਤੋਂ ਵਧਾਉਣ ਲਈ ਯੋਜਨਾ ਬਣਾਉਣ ਲਈ ਵੀ ਕਿਹਾ ਗਿਆ ਹੈ। ਇਸੇ ਤਰ੍ਹਾਂ, ਲੀਡ ਬੈਂਕ ਮੈਨੇਜਰ ਨੂੰ ਲੋਕਾਂ ਨੂੰ ਰੁਜ਼ਗਾਰ ਲਈ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ ਅਤੇ ਕਿਸਾਨਾਂ ਨੂੰ ਸਸਤੀਆਂ ਦਰਾਂ ‘ਤੇ ਕਰਜ਼ੇ ਦੇਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਜ਼ਾ ਪ੍ਰਣਾਲੀ ਰੁਜ਼ਗਾਰ ਦੇ ਖੇਤਰ ਨੂੰ ਅੱਗੇ ਲਿਜਾਉਣ ਲਈ ਬਹੁਤ ਮਦਦਗਾਰ ਸਾਬਤ ਹੋਵੇਗੀ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈਜ਼ ਕੰਟਰੋਲਰ ਨੂੰ ਲੋੜਵੰਦਾਂ ਅਤੇ ਗ਼ਰੀਬ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਅਨਾਜ ਦੀ ਘਾਟ ਕਾਰਨ ਕੋਈ ਵੀ ਵਿਅਕਤੀ ਭੁੱਖੇ ਨਾ ਰਹੇ। ਇਸੇ ਤਰ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਵੱਛਤਾ/ਸੈਨੇਟਾਈਜ਼ ਮੁਹਿੰਮ ਨੂੰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਫ਼ਤਿਹ ਇੱਕ ਸਾਂਝੀ ਮੁਹਿੰਮ ਹੈ ਅਤੇ ਜਿੱਤ ਉਦੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਜਦੋਂ ਹਰ ਵਿਭਾਗ ਇੱਕ ਦਿਸ਼ਾ ਵਿਚ ਮਿਲ ਕੇ ਕੰਮ ਕਰਨਗੇ।