ਮਿਸ਼ਨ ਫ਼ਤਿਹ ਤਹਿਤ ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਘਰ ਘਰ ਜਾ ਕੇ ਕੀਤਾ ਜਾਗਰੂਕ
ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਤੋਂ ਕੀਤਾ ਜਾ ਸਕਦਾ ਹੈ ਬਚਾਅ
ਫਿਰੋਜ਼ਪੁਰ 28 ਜੂਨ 2020
ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਵਾਰ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕਰ ਰਹੇ ਹਨ। ਇਸਦੇ ਨਾਲ ਨਾਲ ਲੋਕਾਂ ਨੂੰ ਇਹ ਵੀ ਅਪੀਲ ਕਰ ਰਹੇ ਹਨ ਕਿ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਵਰਗੀ ਲਾ ਇਲਾਜ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵਿਸ਼ੇਸ਼ ਬੈਜ ਲਾ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਨੂੰ ਵੀ ਬੈਜ ਲਾਏ ਗਏ ਹਨ ਅਤੇ ਇਨ੍ਹਾਂ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।