ਮੁਲਾਜ਼ਮਾਂ ਤੇ ਬਜ਼ੁਰਗਾਂ ਲਈ ਖਜ਼ਾਨੇ ਦਾ ਮੂੰਹ ਬੰਦ, ਪਰ ਮੰਤਰੀਆਂ ਤੇ ਵਿਧਾਇਕਾਂ ਲਈ ਖੁੱਲ੍ਹੇ ਗੱਫੇ
ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ਼ ਯੂਨੀਅਨ ਇਕਾਈ ਫਿਰੋਜ਼ਪੁਰ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਅਤੇ ਜਰਨਲ ਸਕੱਤਰ ਪ੍ਰਵੀਨ ਕੁਮਾਰ ਦੀ ਅਗੁਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਫਿਰੋਜ਼ਪੁਰ ਦੇ ਬਾਹਰ ਇਕੱਠੇ ਹੋ ਕੇ ਰੋਸ ਧਰਨਾ ਦਿੱਤਾ। ਇਸ ਧਰਨੇ ਵਿੱਚ ਵੱਖ ਵੱਖ ਵਿਭਾਗਾਂ ਦੇ ਦਰਜਾ ਚਾਰ ਮੁਲਾਜ਼ਮਾਂ, ਠੇਕਾ ਅਧਾਰਿਤ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਕੈਪਟਨ ਸਰਕਾਰ ਦੀਆਂ ਕਥਿਤ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ, ਰਜਿੰਦਰ ਸਿੰਘ ਸੰਧਾ, ਚਰਨਜੀਤ ਸਿੰਘ, ਵਿਲਸਨ ਡੀ.ਸੀ ਦਫ਼ਤਰ, ਅਮੋਲਕ ਚੰਦ ਸਿਵਲ ਸਰਜਨ ਦਫ਼ਤਰ ਆਦਿ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ। ਆਗੂਆਂ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਅਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਕੇ ਮੁਲਾਜ਼ਮ ਮੰਗਾਂ ਤੋਂ ਕਿਨਾਰਾ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਹੋਰ ਤਾਂ ਹੋਰ ਸੂਬੇ ਦੇ ਬਜ਼ੁਰਗਾਂ ਅਤੇ ਵਿਧਵਾਵਾਂ ਦੀ ਪੈਨਸ਼ਨਾਂ ਵੀ ਰੋਕੀਆਂ ਗਈਆਂ ਹਨ ਅਤੇ ਉੱਥੇ ਹੀ ਅੱਜ ਦੂਜੇ ਪਾਸੇ ਵਿਧਾਨ ਸਭਾ ਸੈਸ਼ਨ ਦੌਰਾਨ ਰੱਜੇ ਪੁੱਜੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਤਨਖਾਹਾਂ ਵਿੱਚ ਦੁੱਗਣਾ ਵਾਧਾ ਕਰਨ ਦਾ ਮਤਾ ਪਾਸ ਕਰਕੇ ਖਜ਼ਾਨੇ ਦਾ ਮੂੰਹ ਖੋਲ ਕੇ ਜਨਤਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਬਿਲਕੁੱਲ ਪਾਸਾ ਵੱਟਿਆ ਹੋਇਆ ਹੈ ਅਤੇ ਸਰਕਾਰ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ 'ਤੇ ਆਗੂਆਂ ਨੇ ਮੰਗ ਕੀਤੀ ਕਿ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਡੀ.ਏ ਦੀਆਂ 4 ਕਿਸ਼ਤਾਂ ਅਤੇ 22 ਮਹੀਨਿਆਂ ਦਾ ਬਕਾਇਆ ਤੁਰੰਤ ਜਾਰੀ ਕੀਤਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਆਸ਼ਾ ਵਰਕਰਾਂ ਦੀਆਂ ਤਨਖਾਹ ਵਿੱਚ ਵਾਧਾ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਮੁਲਾਜ਼ਮਾਂ ਨਾਲ ਗੱਲਬਾਤ ਨਾ ਕੀਤੀ ਤਾਂ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਰੋਸ ਧਰਨੇ ਨੂੰ ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ਼ ਯੂਨੀਅਨ ਇਕਾਈ ਫਿਰੋਜ਼ਪੁਰ ਅਤੇ ਠੇਕਾ ਮੁਲਾਜ਼ਮ ਯੂਨੀਅਨ ਆਗੂ ਗੁਰਦਾਸ ਮੱਲ, ਸਰਿੰਦਰ ਕੌਰ, ਲੇਖ ਰਾਜ਼, ਸੁਨੀਲ ਕੁਮਾਰ, ਅਸ਼ਵਨੀ ਕੁਮਾਰ, ਦਲੀਪ ਕੁਮਾਰ, ਸੰਤੋਸ਼ ਕੁਮਾਰੀ, ਰਾਜਵੰਤ ਕੌਰ, ਸੀਮਾ ਰਾਨੀ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਸੁਭਾਸ਼ ਚੰਦਰ, ਵਿਨੋਦ ਕੁਮਾਰ, ਅਮਰਨਾਥ, ਰਾਮੇਸ਼ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ।