ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਵੈਨ ਨੂੰ ਕੀਤਾ ਰਵਾਨਾ
“ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਵੈਨ ਨੂੰ ਕੀਤਾ ਰਵਾਨਾ
ਜ਼ਿਲ੍ਹੇ ਦੇ ਪਿੰਡਾਂ ਚ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਵੈਨਾਂ ਰਾਹੀਂ ਕੀਤਾ ਜਾਵੇਗਾ ਜਾਗਰੂਕ
ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ: ਰਣਬੀਰ ਭੁੱਲਰ
ਪਿੰਡ ਬਾਰੇ ਕੇ ਅਤੇ ਹਜ਼ਾਰਾ ਸਿੰਘ ਵਾਲਾ ਵਿੱਚ ਵੈਨ ਰਾਂਹੀ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਗਰੂਕ
ਫਿਰੋਜ਼ਪੁਰ, 26 ਨਵੰਬਰ, 2023:
ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣ ਲਈ ਅੱਜ “ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਪਿੰਡ ਬਾਰੇ ਕੇ ਵਿਖੇ ਜ਼ਿਲ੍ਹਾ ਪੱਧਰ ਦਾ ਪ੍ਰੋਗਰਾਮ ਆਯੋਜਿਤ ਕਰਕੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਜੁਆਇੰਟ ਸਕੱਤਰ ਸਿੱਖਿਆ ਮੰਤਰਾਲਾ ਮੈਡਮ ਅਮਰਪ੍ਰੀਤ ਦੁੱਗਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੱਸਿਆ ਕਿ ਇਸ “ਵਿਕਸਤ ਭਾਰਤ ਸੰਕਲਪ ਯਾਤਰਾ” ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਜਾਣਕਾਰੀ ਦੇਣ ਲਈ ਰਵਾਨਾ ਕੀਤਾ ਗਿਆ ਹੈ। ਇਹ ਵੈਨਾਂ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਪ੍ਰਚਾਰ ਕਰਨਗੀਆਂ ਅਤੇ ਵੈਨ ਹਰ ਰੋਜ਼ 2 ਪਿੰਡ ਕਵਰ ਕਰਦਿਆਂ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹੋਰ ਉਪਰਾਲੇ ਭਵਿੱਖ ਵਿੱਚ ਵੀ ਕੀਤੇ ਜਾਣਗੇ ਤਾਂ ਜੋ ਸਾਡੇ ਲੋਕਾਂ ਨੂੰ ਸਰਕਾਰ ਦੁਆਰਾਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪਤਾ ਲੱਗ ਸਕੇ ਅਤੇ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ “ਵਿਕਸਤ ਭਾਰਤ ਸੰਕਲਪ ਯਾਤਰਾ” ਮੁਹਿੰਮ ਪੂਰੇ ਭਾਰਤ ਦੇਸ਼ ਲਈ 15 ਨਵੰਬਰ 2023 ਤੋਂ ਸ਼ੁਰੂ ਕੀਤੀ ਗਈ ਹੈ ਅਤੇ 26 ਜਨਵਰੀ 2024 ਤੱਕ ਜਾਰੀ ਰਹੇਗੀ। ਇਸ ਦੌਰਾਨ 2.50 ਲੱਖ ਗ੍ਰਾਮ ਪੰਚਾਇਤਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਲੈਦਾ ਚਾਹੀਦਾ ਹੈ।
ਮੈਡਮ ਅਮਰਪ੍ਰੀਤ ਦੁੱਗਲ ਨੇ ਇਸ ਮੌਕੇ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਿਵੇਂ ਫਾਰਮ ਭਰਨ ਤੋਂ ਲੈ ਕੇ ਲਾਭ ਪ੍ਰਾਪਤ ਕਰਨ ਤੱਕ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਕਰੀਨ ਸ਼ਾਟ, ਫਿਲਮਾਂ, ਨਾਟਕਾਂ, ਸਕਿੱਟਾਂ, ਗੀਤਾਂ, ਬੋਲੀਆਂ, ਕਲਚਰਲ ਪ੍ਰੋਗਰਾਮਾਂ ਰਾਹੀਂ, ਲਿਟਰੇਚਰ, ਕਿਤਾਬਚੇ, ਪੜ੍ਹਨ ਸਮੱਗਰੀ ਆਦਿ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਅੱਜ ਜ਼ਿਲ੍ਹੇ ਅੰਦਰ ਪਹਿਲੇ ਦਿਨ ਇਨ੍ਹਾਂ ਵੈਨਾਂ ਦੁਆਰਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਬਾਰੇ ਕੇ ਅਤੇ ਝੁੱਗੇ ਹਜ਼ਾਰਾ ਸਿੰਘ ਵਾਲਾ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੁਨੇਹਾ ਵੀ ਸਕਰੀਨ ਰਾਹੀਂ ਲੋਕਾਂ ਨੂੰ ਦਖਾਇਆ ਅਤੇ ਸੁਣਾਇਆ ਗਿਆ ਅਤੇ ਹਾਜ਼ਰ ਲੋਕਾਂ ਅਤੇ ਅਧਿਕਾਰੀਆਂ ਨੇ ਵਿਕਸਤ ਭਾਰਤਮ ਲਈ ਸਹੁੰ ਵੀ ਚੁੱਕੀ। ਇਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਕੀਟ ਨਾਸ਼ਕਾਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੰਦਾ ਨਾਟਕ ਵੀ ਪੇਸ਼ ਕੀਤਾ। ਇਸ ਉਪਰੰਤ ਨੈਨੋ ਯੂਰੀਆਂ ਦੀ ਡਰੋਨ ਰਾਹੀਂ ਵਰਤੋਂ ਕਰਕੇ ਕਿਸਾਨਾਂ ਨੂੰ ਦਿਖਾਈ ਗਈ ਅਤੇ ਕਿਸਾਨਾਂ ਨੂੰ ਨੈਨੋ ਯੂਰੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਵੀ ਲਗਾਏ ਗਏ ਜਿਥੇ ਲੋੜਵੰਦਾਂ ਦੇ ਫਾਰਮ ਭਰੇ ਗਏ, ਆਯੂਸ਼ਮਾਨ ਦੇ ਕਾਰਡ ਬਣਾਏ ਗਏ ਅਤੇ ਹੋਰ ਵੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, , ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ, ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਚਮਕੌਰ ਸਿੰਘ ਸਰਾਂ ,ਐਲ.ਡੀ.ਐਮ. ਮੈਡਮ ਗੀਤਾ ਮਹਿਤਾ, ਨਾਇਬ ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।