ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ
ਕਰੋਨਾ ਵਾਇਰਸ ਦੇ ਚੱਲਦਿਆਂ ਸੋਸ਼ਲ ਡਿਸਟੈਂਸਿੰਗ ਬਣਾ ਕੇ ਕਰਵਾਈ ਜਾ ਰਹੀ ਹੈ ਖਰੀਦ: ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 16 ਅਪ੍ਰੈਲ 2020.
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਕਣਕ ਦੀ ਖਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਕਿਸਾਨਾਂ ਅਤੇ ਲੇਬਰ ਨੂੰ ਸੈਨੇਟਾਈਜ਼ਰ, ਮਾਸਕ ਅਤੇ ਡਿਟੋਲ ਸਾਬਣ ਵੰਡੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਵੀ ਹਾਜ਼ਰ ਸਨ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਮੰਡੀਆਂ ਵਿਚ ਕਿਸਾਨਾਂ ਆੜ੍ਹਤੀਆਂ, ਲੇਬਰ, ਟਰਾਂਸਪੋਰਟਰਾਂ ਆਦਿ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਨਹੀਂ ਰੁਕਣ ਦਿੱਤਾ ਜਾਵੇਗਾ ਕਿਸਾਨ ਸਵੇਰੇ ਆਪਣੀ ਕਣਕ ਮੰਡੀ ਵਿਚ ਲੈ ਕੇ ਆਵੇਗਾ ਅਤੇ ਸ਼ਾਮ ਤੱਕ ਆਪਣੀ ਫਸਲ ਵੇਚ ਕੇ ਘਰ ਚਲਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਪੂਰੀ ਮੰਡੀ ਨੂੰ ਸੈਨੇਟਾਈਜ਼ਰ ਕਰਵਾਇਆ ਗਿਆ ਹੈ ਅਤੇ ਬਾਹਰੋਂ ਆਉਣ ਵਾਲੇ ਹਰੇਕ ਵਹੀਕਲ ਨੂੰ ਸੈਨੇਟਾਈਜ਼ਰ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿਚ ਸ਼ੋਸਲ ਡਿਸਟੈਂਸਿੰਗ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ ਇਸ ਲਈ ਖਰੀਦ ਕਰਾਉਣ ਮੌਕੇ ਸ਼ੋਸਲ ਡਿਸਟੈਸਿੰਗ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 199 ਮੰਡੀਆਂ ਵਿਚ ਕਣਕ ਦੀ ਖਰੀਦ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੇ 1200 ਕਿਸਾਨਾਂ ਨੂੰ ਕਣਕ ਮੰਡੀਆਂ ਵਿਚ ਲਿਆਉਣ ਲਈ ਪਾਸ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਨੂੰ ਪੂਰੇ ਪ੍ਰਬੰਧ ਕੀਤੇ ਗਏ ਹਨ ਹਰੇਕ ਕਿਸਾਨ ਆਪਣੀ ਫਸਲ ਕਰਫ਼ਿਊ ਪਾਸ ਪ੍ਰਾਪਤ ਹੋਣ ਤੋਂ ਬਾਅਦ ਹੀ ਮੰਡੀ ਵਿਚ ਲੈ ਕੇ ਆਉਣ।
ਇਸ ਮੌਕੇ ਐਸ.ਡੀ.ਐਮ ਸ਼੍ਰੀ ਅਮਿੱਤ ਗੁਪਤਾ, ਡੀ.ਐਫ.ਐਸ.ਸੀ ਸ਼੍ਰੀ ਪਿੰਦਰ ਸਿੰਘ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।