ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਭੁੱਲਰ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਭੁੱਲਰ
ਫ਼ਿਰੋਜ਼ਪੁਰ, 9 ਅਪ੍ਰੈਲ 2023:
ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪੁਰਾਣੀ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਸਾਨ ਜਸਵੰਤ ਸਿੰਘ ਪਿੰਡ ਧੀਰਾ ਪੱਤਰਾ ਵੱਲੋਂ ਲਿਆਂਦੀ ਕਣਕ ਦੀ ਖਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ।
ਉਨ੍ਹਾ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਡੀਆਂ ‘ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਪੀਣ ਵਾਲੇ ਪਾਣੀ, ਛਾਂ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋ-ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਇਸ ਮੌਕੇ ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਸੂਬੇ ਦੇ ਕਿਸਾਨਾਂ ਦੀ ਹੋਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਭੇਜਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਰਾਹਤ ਦੇਣ ਲਈ ਹਦਾਇਤ ਕੀਤੀ ਗਈ ਹੈ।
ਇਸ ਮੌਕੇ ਸੰਜੀਵ ਰਾਜਦੇਵ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਪ੍ਰਵੀਨ ਮੰਗਲ ਗੋਪਾਲ, ਬ੍ਰਿਜ ਮੋਹਨ ਮਿੱਤਲ, ਵਰੁਨ ਗਰਗ ਆਦਿ ਵੀ ਹਾਜ਼ਰ ਸਨ। ਇਸ ਦੌਰਾਨ ਆੜਤੀਆ ਐਸੋਸੀਏਸ਼ਨ ਵੱਲੋਂ ਵਿਧਾਇਕ ਦਾ ਮੰਡੀ ‘ਚ ਪੁੱਜਣ ‘ਤੇ ਸਵਾਗਤ ਕੀਤਾ ਗਿਆ।