ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ
– ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਲਹਿਰਾਇਆ ਕੌਮੀ ਝੰਡਾ
– ਸਮਾਗਮ ਤੋਂ ਪਹਿਲਾ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਕੌਮੀ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
ਫ਼ਿਰੋਜ਼ਪੁਰ 26 ਜਨਵਰੀ 2022
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਮਨਾਇਆ ਗਿਆ। ਇਸ ਅਵਸਰ ‘ਤੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਉਪਰੰਤ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਪੰਜਾਬ ਪੁਲਿਸ ਅਤੇ ਹੋਮ ਗਾਰਡਜ਼ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦਲਜੀਤ ਸਿੰਘ ਮਾਂਗਟ, ਡੀ.ਆਈ.ਜੀ ਇੰਦਰਬੀਰ ਸਿੰਘ ਅਤੇ ਕਮਾਂਡੈਂਟ-116 ਬੀਐੱਸਐੱਫ. ਓਮ ਪ੍ਰਕਾਸ਼, ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਨਰਿੰਦਰ ਭਾਰਗਵ ਨੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਕੌਮੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸ੍ਰੀ ਰਾਜ ਕੁਮਾਰ ਵੇਰਕਾ ਨੇ ਇਸ ਸ਼ੁੱਭ ਦਿਹਾੜੇ ਦੀ ਜ਼ਿਲ੍ਹਾ ਨਿਵਾਸੀਆਂ ਨੂੰ ਵਧਾਈ ਦਿੱਤੀ ਤੇ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਇਸ ਉਪਰੰਤ ਉਨ੍ਹਾਂ ਕਿਹਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਅੱਖੋ-ਪਰੋਖੇ ਨਹੀਂ ਕੀਤਾ ਜਾ ਸਕਦਾ ਜਿਨ੍ਹਾਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ। 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਰੀ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਅਸੀਂ ਅੱਜ ਜੋ ਇਸ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਨ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਕਰਕੇ ਹੀ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਸਾਨੂੰ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਨੇ ਦੇਸ਼ ਦੇ ਰੋਸ਼ਨ ਭਵਿੱਖ ਲਈ ਜੋ ਸੁਪਨੇ ਵੇਖੇ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲਜੁਲ ਸਾਰਥਕ ਹੰਭਲੇ ਮਾਰਨ ਦੀ ਲੋੜ ਹੈ।
ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨ. ਫਿਰੋਜ਼ਪੁਰ ਅਮਿਤ ਮਹਾਜਨ, ਐੱਸ.ਡੀ.ਐੱਮ. ਫਿਰੋਜ਼ਪੁਰ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਅਤੇ ਡਿਪਟੀ ਡੀਈਓ ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।