Ferozepur News

ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ- ਸ਼ਰੂਤੀ ਸਿੰਘ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗ੍ਰਾਮ ਸਵਰਾਜ ਅਭਿਆਨ ਤਹਿਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਬੈਠਕ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੀਆਂ ਸਕੀਮਾਂ ਸਬੰਧੀ ਲਿਆ ਜਾਇਜ਼ਾ

ਫ਼ਿਰੋਜ਼ਪੁਰ  18 ਜੁਲਾਈ 2018 (Manish Bawa  ) ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਤਰੱਕੀ, ਵਣਜ ਅਤੇ ਉਦਯੋਗ ਮੰਤਰਾਲਾ ਦੇ ਡਾਇਰੈਕਟਰ ਸ਼੍ਰੀਮਤੀ ਸ਼ਰੂਤੀ ਸਿੰਘ ਨੇ  ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਭਾਰਤ ਸਰਕਾਰ ਵੱਲੋਂ ਗ੍ਰਾਮ ਸਵਰਾਜ ਅਭਿਆਨ ਤਹਿਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਮੀਤ ਸਿੰਘ ਮੁਲਤਾਨੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। 
ਵਣਜ ਉਦਯੋਗ ਅਤੇ ਸਨਅਤੀ ਮੰਤਰਾਲੇ ਦੇ ਡਾਇਰੈਕਟਰ ਸ਼੍ਰੀਮਤੀ ਸ਼ਰੂਤੀ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਗ਼ਰੀਬ, ਲੋੜਵੰਦ, ਵਿਦਿਆਰਥੀਆਂ ਤੇ ਆਮ ਲੋਕਾਂ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਗਈਆਂ ਹਨ ਪਰ ਇਨ੍ਹਾਂ ਸਕੀਮਾਂ ਦਾ ਲਾਭ ਤਾਂ ਹੀ ਹੋ ਸਕਦਾ ਹੈ ਜੇਕਰ ਇਨ੍ਹਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਸਿਹਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਕੂਲੀ ਸਿੱਖਿਆ, ਖੇਤੀਬਾੜੀ, ਬਾਗ਼ਬਾਨੀ, ਡੇਅਰੀ, ਹੁਨਰ ਵਿਕਾਸ, ਬੁਨਿਆਦੀ ਢਾਂਚੇ, ਖੇਡਾਂ ਤੇ ਯੁਵਕ ਗਤੀਵਿਧੀਆਂ ਸਬੰਧੀ ਗ੍ਰਾਮ ਸਵਰਾਜ ਅਭਿਆਨ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।  ਉਨ੍ਹਾਂ ਨੇ  ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਿਹਤ ਸਬੰਧੀ ਦਿੱਤੀਆਂ ਜਾਂਦੀਆਂ ਸੁਵਿਧਾਵਾਂ, ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ, ਜਨ-ਸੰਖਿਆ ਦੇ ਹਿਸਾਬ ਨਾਲ ਡਾਕਟਰਾਂ ਤੇ ਹਸਪਤਾਲਾਂ ਦੀ ਉਪਲਬਧਤਾ, ਸਕੂਲਾਂ ਵਿਚ ਸਟਾਫ਼ ਦੀ ਕਮੀ, ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਟੇਜਾਂ ਤੇ ਸਕੂਲ ਛੱਡਣ ਦੇ ਕਾਰਨਾਂ, ਬਿਜਲੀ, ਪੀਣ ਵਾਲੇ ਪਾਣੀ, ਸੜਕਾਂ, ਪਖਾਨਿਆਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ  ਵਿਭਾਗ ਦੇ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਅਦਰਸ਼ ਗ੍ਰਾਮ ਯੋਜਨਾ, ਬਾਬੂ ਜਗਜੀਵਨ ਰਾਮ ਛੱਤਰਵਾਸ ਯੋਜਨਾ  ਸਕੀਮਾਂ ਤਹਿਤ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਤੋਂ ਬਾਅਦ ਡਾਇਰੈਕਟਰ ਸ਼੍ਰੀਮਤੀ ਸ਼ਰੂਤੀ ਸਿੰਘ ਵੱਲੋਂ ਪਿੰਡ ਰੁਕਨਾ ਮੁੰਗਲਾ, ਨੂਰਪੁਰ ਸੇਠਾ, ਝੋਕ ਹਰੀਹਰ, ਖਲਚੀ ਕਦੀਮ ਆਦਿ ਦੇ ਵੱਖ-ਵੱਖ ਪਿੰਡਾਂ ਵਿਚ ਦੌਰਾ ਕਰਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਤਹਿਤ ਹੋਏ ਕੰਮਾਂ ਦਾ ਨਿਰੀਖਣ ਵੀ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਦਿੱਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਗਈ ਅਤੇ ਇਸ ਸਕੀਮ ਦਾ ਲਾਭ ਲੈ ਰਹੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਗਈ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਕੂਲਾਂ ਵਿਚ ਲੋੜ ਅਨੁਸਾਰ ਅਧਿਆਪਕ, ਬੁਨਿਆਦੀ ਸਹੂਲਤਾਂ ਸਮੇਤ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। 
ਇਸ ਮੌਕੇ ਡੀ.ਡੀ.ਪੀ.ਓ. ਸ੍ਰ. ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇਕ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪ੍ਰਦੀਪ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਡਿਪਟੀ ਡੀ.ਈ.ਓ (ਸੈਕੰਡਰੀ) ਪ੍ਰਗਟ ਸਿੰਘ, ਡਿਪਟੀ ਡੀ.ਈ.ਓ. (ਐਲੀਮੈਂਟਰੀ) ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Related Articles

Back to top button