ਸਵੀਪ ਨੋਡਲ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਲਈ ਸਵੀਪ ਗਿੱਧਾ ਰਿਲੀਜ਼
'ਚੋਣਾਂ ਦਾ ਪਰਵ ਦੇਸ਼ ਦਾ ਗਰਵ' ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਜ਼ਰੂਰ ਪਾਵੇ - ਅਰੁਣ ਸ਼ਰਮਾ
ਸਵੀਪ ਨੋਡਲ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਲਈ ਸਵੀਪ ਗਿੱਧਾ ਰਿਲੀਜ਼
ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਜ਼ਰੂਰ ਪਾਵੇ – ਅਰੁਣ ਸ਼ਰਮਾ
ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਨਿਵੇਕਲਾ ਉਪਰਾਲਾ
ਫਿਰੋਜ਼ਪੁਰ, 29 ਅਪ੍ਰੈਲ 2024:
ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲੋਕਾਂ ਨੂੰ ਚੋਣਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ, ਜ਼ਿਲ੍ਹਾ ਸਵੀਪ ਟੀਮ ਤੇ ਸਵੀਪ ਆਰਟਿਸਟ ਟੀਮ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਨਿਵੇਕਲਾ ਉਪਰਾਲਾ ਕਰਦੇ ਹੋਏ ਤਿਆਰ ਕੀਤਾ ‘ਸਵੀਪ ਗਿੱਧਾ’ ਸਵੀਪ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਰੁਣ ਸ਼ਰਮਾ ਵੱਲੋਂ ਰਿਲੀਜ਼ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਅਰੁਣ ਸ਼ਰਮਾ ਨੇ ਦੱਸਿਆ ਕਿ ਇਸ ਸਵੀਪ ਗਿੱਧੇ ਵਿੱਚ ਸੱਭਿਆਚਾਰਕ ਸਵੀਪ ਬੋਲੀਆਂ ਨੂੰ ਦੇਵ ਸਮਾਜ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਰੀਤੂ, ਰਾਬੀਆ, ਰੀਬਿਕਾ, ਸ਼ਰੂਤੀ, ਵਾਲਿਕਾ, ਨਿੰਦਰ ਕੌਰ, ਕਿਰਨਦੀਪ ਕੌਰ ਨੇ ਗਾਇਆ ਅਤੇ ਪ੍ਰਸਿੱਧ ਗੀਤਕਾਰ ਗਿੱਲ ਗੁਲਾਮੀਵਾਲਾ ਨੇ ਲਿਖਿਆ ਹੈ। ਇਸ ਦਾ ਸੰਗੀਤ ਲੰਕੇਸ਼ ਕਮਲ ਤੇ ਵੀਡੀਓ ਰਜਿੰਦਰ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣਾ ਫਰਜ਼ ਅਦਾ ਕਰੇ। ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾ ਕਿਸੇ ਡਰ, ਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ।
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਲਈ ਚੋਣ ਅਮਲੇ ਤੇ ਸਵੀਪ ਟੀਮ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਜੋ ਲੋਕਤੰਤਰ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਅਤੇ 80 ਫੀਸਦੀ ਤੋਂ ਵੱਧ ਵੋਟ ਦਾ ਟੀਚਾ ਹਾਸਿਲ ਕਰਨ ਵਿੱਚ ਬਹੁਤ ਹੀ ਮਿਹਨਤ ਕੀਤੀ ਜਾ ਰਹੀ ਹੈ ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦਾ ਟੀਚਾ ਜਿੱਥੇ ਵੋਟ ਪੋਲ ਪ੍ਰਤੀਸ਼ਤ ਨੂੰ ਵਧਾਉਣਾ ਹੈ, ਉੱਥੇ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ,ਜਾਤ-ਪਾਤ ਅਤੇ ਵਰਗ ਤੋਂ ਉੱਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।
ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੇ ਜ਼ਿਲ੍ਹਾ ਸਵੀਪ ਕੌਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਲਈ ‘ਸਵੀਪ ਗਿੱਧੇ’ ਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਨਾਲ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਸ਼ਨ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਸਵੀਪ ਆਰਟਿਸਟ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ’ਨਾਜਰ ਦੀ ਵਹੁਟੀ’ ਗੀਤ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਵੀ ਸ਼ਾਲਾਘਾ ਕੀਤੀ ਗਈ ਅਤੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਸ਼ੇਅਰ ਕੀਤਾ ਗਿਆ ਹੈ।
ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਰਵੀ ਇੰਦਰ ਸਿੰਘ, ਪ੍ਰਗਟ ਗਿੱਲ, ਹਰਿੰਦਰ ਭੁੱਲਰ, ਸਰਬਜੀਤ ਸਿੰਘ ਭਾਵੜਾ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਚਰਨਜੀਤ ਸਿੰਘ ਚਾਹਲ, ਡਾ. ਅਮਰਜੋਤੀ ਮਾਂਗਟ, ਮਹਿਲ ਸਿੰਘ, ਮੈਡਮ ਸ਼ਾਲੂ ਆਦਿ ਹਾਜ਼ਰ ਸਨ।