Ferozepur News
ਸਿਹਤ ਵਿਭਾਗ ਵੱਲੋਂ ਹੁਣ ਤੱਕ 100 ਦੇ ਕਰੀਬ ਖਾਣ-ਪੀਣ ਵਾਲੀਆਂ ਵਸਤੂਆਂ ਸਮੇਤ ਦੁੱਧ ਅਤੇ ਦੁੱਧ ਦੇ ਬਣੇ ਪਦਾਰਥਾਂ ਦੇ ਭਰੇ ਗਏ ਸੈਂਪਲ ਹੁਣ ਤੱਕ 2 ਕੁਇੰਟਲ ਤੋਂ ਵੱਧ ਬਨਾਵਟੀ/ਨਕਲੀ ਅਤੇ ਨਾ ਖਾਣ ਯੋਗ ਖੋਇਆ ਅਤੇ ਮਿਠਾਈਆਂ ਕੀਤੀਆਂ ਗਈਆਂ ਨਸ਼ਟ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ
ਫ਼ਿਰੋਜ਼ਪੁਰ 23 ਅਗਸਤ 2018 (Manish Bawa ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਹਵਾ, ਸ਼ੁੱਧ ਪਾਣੀ ਅਤੇ ਸੁਰੱਖਿਅਤ ਭੋਜਨ ਦੇ ਨਾਲ-ਨਾਲ ਜਿਊਣ ਲਈ ਵਧੀਆ ਵਾਤਾਵਰਨ ਪ੍ਰਦਾਨ ਕਰਨ ਦੇ ਮਕਸਦ ਨਾਲ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਗਿਆ ਹੈ, ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਡੇਅਰੀਆਂ, ਦੁੱਧ ਵਿਕ੍ਰੇਤਾਵਾਂ, ਦੁਕਾਨਾਂ, ਰੈਸਟੋਰੈਂਟਾਂ, ਸਬਜ਼ੀ ਮੰਡੀਆਂ ਦੀ ਲਗਾਤਾਰ ਚੈਕਿੰਗਾਂ ਕਰਕੇ ਨਾ ਖਾਣ ਯੋਗ ਵਸਤੂਆਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਇਹ ਮਿਸ਼ਨ ਸਫਲ ਬਣਾਉਣ ਲਈ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਸਿਹਤ ਵਿਭਾਗ ਨੂੰ ਮਹੱਤਵਪੂਰਨ ਸਥਾਨ ਦਿੱਤਾ ਗਿਆ ਹੈ। ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਹੇਠ ਜ਼ਿਲ੍ਹੇ ਦੇ ਲੋਕਾਂ ਨੂੰ ਚੰਗੀ ਸਿਹਤ ਦੇਣ ਦੇ ਮਕਸਦ ਨਾਲ ਜਿੱਥੇ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਵੱਖ-ਵੱਖ ਖਾਣ ਪੀਣ ਦੀਆਂ ਦੁਕਾਨਾਂ, ਡੇਅਰੀਆਂ, ਰੈਸਟੋਰੈਂਟਾਂ ਤੇ ਜਾ ਕੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਸ੍ਰ: ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ ਵੱਖ ਵੱਖ ਡੇਅਰੀਆਂ ਅਤੇ ਮਿਠਾਈ ਦੀਆਂ ਦੁਕਾਨਾਂ ਤੋਂ 2 ਕੁਇੰਟਲ ਤੋਂ ਵੱਧ ਦੀਆਂ ਨਾ ਖਾਣ ਯੋਗ ਮਿਠਾਈਆਂ ਅਤੇ ਦੁੱਧ ਦੇ ਬਣੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਹੈ ਅਤੇ ਂ 97 ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ ਹਨ। ਇਨ੍ਹਾਂ ਸੈਂਪਲਾਂ ਨੂੰ ਖਰੜ ਲੈਬ ਰੋਟਰੀ ਵਿਖੇ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭੇਜੇ ਗਏ ਸੈਂਪਲਾਂ ਵਿਚੋਂ 42 ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ ਜਿਨ੍ਹਾਂ ਵਿਚੋਂ 21 ਸੈਂਪਲਾਂ ਦੀ ਰਿਪੋਰਟ ਫੈਲ ਆਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਫ਼ਰਮਾਂ/ਦੁਕਾਨਾਂ ਦੇ ਸੈਂਪਲਾਂ ਦੀ ਰਿਪੋਰਟ ਫੈਲ ਆਈ ਹੈ ਉਨ੍ਹਾਂ ਦੁਕਾਨਦਾਰਾਂ/ਫ਼ਰਮਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਉਪਰੰਤ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।