ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅੱਜ ਮੋਰਚੇ ਦੇ 13ਵੇਂ ਦਿਨ ਡੀ.ਸੀ. ਦਫਤਰ ਫਿਰੋਜ਼ਪੁਰ ਅੱਗੇ ਸੜਕ ਜਾਮ ਕਰਕੇ ਪੁਤਲਾ ਫੂਕ ਕੇ 24 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਕੀਤਾ ਐਲਾਨ
ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅੱਜ ਮੋਰਚੇ ਦੇ 13ਵੇਂ ਦਿਨ ਡੀ.ਸੀ. ਦਫਤਰ ਫਿਰੋਜ਼ਪੁਰ ਅੱਗੇ ਸੜਕ ਜਾਮ ਕਰਕੇ ਪੁਤਲਾ ਫੂਕ ਕੇ 24 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਕੀਤਾ ਐਲਾਨ
Ferozepur, September 19, 2020: ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਚੱਲ ਰਹੇ ਜੇਲ ਭਰੋ ਅੰਦੋਲਨ ਦੇ 13ਵੇਂ ਦਿਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਰੋਡ ਜਾਮ ਕਰਕੇ ਫੂਕਿਆ ਅਤੇ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਇੰਦਰਜੀਤ ਸਿੰਘ ਬਾਠ ਤੇ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਭਾਰੀ ਵਿਰੋਧ ਦੇ ਬਾਵਜੂਦ ਵੀ 17 ਅਗਸਤ ਨੂੰ ਤਿੰਨ ਖੇਤੀ ਆਰਡੀਨੈੱਸ ਲੋਕ ਸਭਾ ਵਿੱਚ ਵਿੱਚ ਪਾਸ ਕਰਕੇ ਅੱਜ ਰਾਜ ਸਭਾ ਵਿੱਚ ਪੇਸ਼ ਕੀਤੇ ਹਨ। ਇਹ ਆਜ਼ਾਦੀ ਤੋਂ ਬਾਅਦ ਦਾ ਇਤਿਹਾਸ ਦਾ ਕਾਲਾ ਦਿਨ ਹੈ। ਮੋਦੀ ਨੂੰ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਕਦੇ ਵੀ ਮੁਆਫ ਨਹੀਂ ਕਰਨਗੇ ਤੇ 24 ਸਤੰਬਰ ਤੋਂ ਸ਼ੁਰੂ ਹੋ ਰਹੇ ਤਿੰਨ ਦਿਨਾਂ ਦੇ ਰੇਲ ਰੋਕੋ ਅੰਦੋਲਨ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਬੀਬੀਆਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚਣਗੇ। ਆਗੂਆਂ ਨੇ ਕਿਹਾ ਕਿ ਉਕਤ ਪਾਸ ਕੀਤੇ ਤਿੰਨੇ ਆਰਡੀਨੈਂਸ ਦੇਸ਼ ਲਈ ਵਿਨਾਸ਼ਕਾਰੀ ਹਨ ਤੇ ਆਮ ਲੋਕਾਂ ਲਈ ਮੌਤ ਦੇ ਵਾਰੰਟ ਹਨ। ਇਸ ਲਈ ਦੇਸ਼ ਦੇ ਤੇ ਪੰਜਾਬ ਦੇ ਹਰ ਵਰਗ ਨੂੰ ਆਰਡੀਨੈਂਸਾਂ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਪਾਸ ਕੀਤੇ ਆਰਡੀਨੈਂਸ 85% ਕਿਸਾਨੀ ਕਿੱਤੇ ਨੂੰ ਬਰਬਾਦ ਕਰ ਦੇਵੇਗਾ ਤੇ ਭੂ ਮਾਫੀਏ ਨੂੰ ਜ਼ਮੀਨਾਂ ਤੇ ਕਾਬਜ਼ ਹੋਣ ਲਈ ਰਾਹ ਪੱਧਰਾ ਕਰਦੇ ਹਨ। ਕਿਸਾਨ ਆਗੂਆਂ ਨੇ ਜਿੱਥੇ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਪੰਜਾਬ ਦੇ 13 M. P. ਵੀ ਅਸਤੀਫੇ ਦੇਣ ਨਹੀਂ ਤਾਂ ਇਹਨਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ, ਇਹਨਾਂ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਸਾਹਿਬ ਸਿੰਘ ਦੀਨੇ ਕੇ,ਬਲਰਾਜ ਸਿੰਘ ਫੇਰੋਕੇ, ਸੁਰਿੰਦਰ ਸਿੰਘ ਘੁੱਦੂਵਾਲਾ, ਗੁਰਬਖਸ਼ ਸਿੰਘ ਪੰਜਗਰਾਈਂ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ,ਸੁਰਿੰਦਰ ਸਿੰਘ ਜਲਾਲਾਬਾਦ, ਨਰਿੰਦਰਪਾਲ ਸਿੰਘ ਜਤਾਲਾ, ਧਰਮ ਸਿੰਘ ਸਿੱਧੂ, ਮੰਗਲ ਸਿੰਘ ਗੁੱਦੜਢੰਡੀ, ਮੇਜਰ ਸਿੰਘ ਗਜਨੀ ਵਾਲਾ, ਹਰਬੰਸ ਸਿੰਘ ਸ਼ਾਹ ਵਾਲਾ, ਗੁਰਦੇਵ ਸਿੰਘ, ਬਲਵਿੰਦਰ ਸਿੰਘ ਲੋਹੁਕਾਂ, ਲਖਵਿੰਦਰ ਸਿੰਘ ਜੋਗੇਵਾਲਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।——-ਬਲਜਿੰਦਰ ਤਲਵੰਡੀ