ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫ਼ਿਰੋਜ਼ਪੁਰ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ/ਨਾਈਲੋਨ (ਕੰਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਕਸਰ ਅਤੇ ਖ਼ਾਸ ਕਰਕੇ ਬਸੰਤ ਪੰਚਮੀ ਦੇ ਮੌਕੇ 'ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਡੋਰ ਨਾਈਲੋਨ/ ਸਿੰਥੈਟਿਕ/ ਪਲਾਸਟਿਕ (ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਮਜ਼ਬੂਤ, ਨਾ-ਗਲਣਯੋਗ ਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ, ਉੱਥੇ ਹੀ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ ਅਤੇ ਉੱਡਦੇ ਪੰਛੀਆਂ ਦੇ ਹਾਦਸਿਆਂ ਦਾ ਕਾਰਨ ਵੀ ਬਣਦੀ ਹੈ। ਇਸ ਲਈ ਇਸ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਚਾਈਨਾ/ਪਲਾਸਟਿਕ/(ਕੱਚ ਦੇ ਪਾਊਡਰ ਲੱਗੇ ਧਾਗੇ) ਦੀ ਬਣੀ ਡੋਰ ਦੀ ਖਰੀਦ-ਵੇਚ ਜਾਂ ਵਰਤੋਂ ਕਰਦਾ ਪਾਇਆ ਗਿਆ ਜਾਂ ਕਿਸੇ ਦੇ ਭੰਡਾਰ ਵਿੱਚ ਇਸ ਦੀ ਉਪਲੱਬਧਤਾ ਪਾਈ ਗਈ ਤਾਂ ਅਜਿਹੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਤੇ ਤੁਰੰਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਸ.ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਖ਼ਤਰਾ ਪੈਦਾ ਹੋ ਸਕਦਾ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਇਆ ਫ਼ਿਰੋਜ਼ਪੁਰ ਸ਼ਹਿਰ ਅਤੇ ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰਾਂ ਵਿੱਚ ਸਵੇਰੇ 8.00 ਵਜੇ ਤੋ ਰਾਤ 10.00 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ। ਅਜਿਹਾ ਬਾਜ਼ਾਰਾਂ ਵਿਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਕੀਤਾ ਗਿਆ ਹੈ। ਇਹ ਹੁਕਮ 31 ਮਾਰਚ 2017 ਤੱਕ ਜਾਰੀ ਰਹਿਣਗੇ।