ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼
ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼
ਫਿਰੋਜ਼ਪੁਰ, 15 ਨਵੰਬਰ 2022:
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 14 ਤੋਂ 20 ਨਵੰਬਰ ਤੱਕ “ਉਡਾਰੀਆਂ” ਬਾਲ ਵਿਕਾਸ ਮੇਲਾ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਬਲਾਕਾਂ ਵਿੱਚਲੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਦਿੱਤੀ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਤਹਿਤ ਜ਼ਿਲ੍ਹੇ ਦੇ ਸਾਰੇ ਆਂਗਣਵਾੜੀਆਂ ਸੈਂਟਰਾਂ ਵਿਖੇ ਇਸ ਪ੍ਰੋਗਰਾਮ ਅਧੀਨ ਬੱਚਿਆਂ ਦੇ ਮਾਪਿਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਪਾਲਣ-ਪੋਸ਼ਣ ਬਾਰੇ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ, ਇਸ ਪ੍ਰੋਗਰਾਮ ਤਹਿਤ ਬੱਚਿਆਂ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਿਤ ਵਿਕਾਸ, ਸੁਰੱਖਿਆ ਅਤੇ ਸਾਧਨ ਤੇ ਸਕਾਰਾਤਮਕ ਪਾਲਣ-ਪੋਸ਼ਣ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ।