ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੁਸੈਨੀਵਾਲਾ ਦੌਰੇ ਦੀਆਂ ਤਿਆਰੀਆਂ ਮੁਕੰਮਲ
ਫਿਰੋਜ਼ਪੁਰ 22 ਮਾਰਚ: (ਏ. ਸੀ. ਚਾਵਲਾ) ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਹੁਸੈਨੀਵਾਲਾ ਦੌਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਇੰਜ. ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਦੇਸ਼ ਦੇ ਮਹਾਨ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸਜਦਾ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਕੁਮਾਰ ਸਾਂਪਲਾ, ਪੰਜਾਬ ਦੇ ਸਾਰੇ ਕੈਬਨਿਟ ਮੰਤਰੀ, ਮੁੱਖ ਪਾਰਲੀਮਾਨੀ ਸਕੱਤਰ ਅਤੇ ਵਿਧਾਇਕਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ ਵਾਸੀ ਹੁਸੈਨੀਵਾਲਾ ਵਿਖੇ ਆ ਰਹੇ ਹਨ। ਉਨ•ਾਂ ਦੱਸਿਆ ਕਿ ਸਮਾਗਮ ਸਬੰਧੀ ਸਭ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਸ੍ਰੀ ਮੋਦੀ ਦਾ ਇਹ ਪਹਿਲਾ ਪੰਜਾਬ ਦੌਰਾ ਹੈ। ਉਨ•ਾਂ ਦੱਸਿਆ ਕਿ ਸ੍ਰੀ ਮੋਦੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਈ ਹੋਈ ਸੰਗਤ ਨੂੰ ਸੰਬੋਧਿਤ ਵੀ ਕਰਨਗੇ। ਇਸ ਮੌਕੇ ਲਾਭ ਜੰਜੂਆ, ਮਿਸ ਪੂਜਾ ਅਤੇ ਸਤਿੰਦਰ ਸੱਤੀ ਲੋਕਾਂ ਦਾ ਮਨੋਰੰਜਨ ਕਰਨਗੇ। ਸਮਾਗਮ ਦੀ ਸਫਲਤਾ ਲਈ ਅੱਜ ਇਕ ਸਮੀਖਿਆ ਮੀਟਿੰਗ ਵੀ ਕੀਤੀ ਗਈ ਜਿਸ ਵਿਚ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ੍ਰੀ ਸ਼ੇਰ ਸਿੰਘ ਘੁਬਾਇਆ, ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਸ੍ਰੀ ਵੀ.ਕੇ.ਮੀਨਾ, ਆਈ.ਜੀ. ਸ੍ਰੀ ਪਰਮਰਾਜ ਸਿੰਘ ਉਮਰਾਨੰਗਲ, ਐਸ.ਐਸ.ਪੀ. ਸ੍ਰੀ ਹਰਦਿਆਲ ਸਿੰਘ ਮਾਨ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ