Ferozepur News

ਅਮਨਸ਼ਾਂਤੀ ਨਾਲ ਅੱਗੇ ਵੱਧ ਰਹੇ ਪੰਜਾਬ ਨੂੰ ਵੇਖ ਕੇ ਨਹੀਂ ਜਰਦੇ ਕੁਝ ਲੋਕ: ਸੁਖਬੀਰ ਬਾਦਲ

ਜਿਨਾਂ ਨੂੰ ਘਰੇ ਕੋਈ ਨਹੀਂ ਪੁੱਛਦਾ ਉਹ ਧਰਨੇ ਤੇ ਬੈਠ ਜਾਂਦੇ ਨੇ: ਬਾਦਲ
-ਪੰਜਾਬ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਏ ਭੋਗ
-ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਿੱਖ ਕੌਮ ਤੇ ਸਮੁੱਚੀ ਮਾਨਵਤਾ ਦੇ ਹਿਰਦੇ ਵਲੂੰਧਰੇ ਗਏ : ਸੁਖਬੀਰ ਸਿੰਘ ਬਾਦਲ
-ਐਸ ਜੀ ਪੀ ਸੀ ਵਲੋਂ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਤਲਬ ਕੀਤਾ ਗਿਆ ਹੈ ਉਸ ਮਾਮਲੇ ਵਿਚ ਸਰਕਾਰ ਦਾ ਕੋਈ ਦਖਲ ਨਹੀਂ: ਬਾਦਲ
-ਅਮਨਸ਼ਾਂਤੀ ਨਾਲ ਅੱਗੇ ਵੱਧ ਰਹੇ ਪੰਜਾਬ ਨੂੰ ਵੇਖ ਕੇ ਨਹੀਂ ਜਰਦੇ ਕੁਝ ਲੋਕ: ਸੁਖਬੀਰ ਬਾਦਲ
-ਪੰਜਾਬ ਦੇ ਹਰ ਗੁਰਦੁਆਰੇ &#39ਚ ਲਗਾਏ ਜਾਣਗੇ ਸੀ ਸੀ ਟੀ ਵੀ ਕੈਮਰੇ: ਬਾਦਲ
-ਧਰਮ ਅਤੇ ਸਮਾਜ ਵਿਰੋਧੀ ਤਾਕਤਾਂ ਦਾ ਕੋਈ ਧਰਮ ਨਹੀਂ ਹੁੰਦਾ : ਕਮਲ ਸ਼ਰਮਾ

Suikhbir Badal at Bazidpur

ਫਿਰੋਜ਼ਪੁਰ: FOB : 23-10-2015 :  ਪੰਜਾਬ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਗੁਰੂ ਦੇ ਚਰਨਾਂ ਵਿਚ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸਮੁੱਚੇ ਜ਼ਿਲ੍ਹੇ ਦੀਆਂ ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨਾਲ ਜਿੱਥੇ ਸਮੁੱਚੀ ਸਿੱਖ ਕੌਮ ਅਤੇ ਸਮੁੱਚੀ ਮਾਨਵਤਾ ਦੇ ਹਿਰਦੇ ਵੰਲਧੂਰੇ ਗਏ ਹਨ ਉੱਥੇ ਉਨ੍ਹਾਂ ਦੇ ਹਿਰਦੇ ਨੂੰ ਵੀ ਇੰਨ੍ਹਾਂ ਘਟਨਾਵਾਂ ਨਾਲ ਗਹਿਰੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀ ਬੇਅਦਬੀ ਜਿਹੀ ਕੋਈ ਮਾੜੀ ਘਟਨਾ ਹੋ ਨਹੀਂ ਸਕਦੀ ਅਤੇ ਪੰਜਾਬ ਸਰਕਾਰ ਦਾ ਇਕੋਂ ਇਕ ਮਨੋਰਥ ਇੰਨ੍ਹਾਂ ਘਟਨਾਵਾਂ ਸਬੰਧੀ ਅਸਲ ਦੋਸ਼ੀਆਂ ਦੀ ਗ੍ਰਿਫ਼ਤਾਰੀ, ਉਨ੍ਹਾਂ ਨੂੰ ਸਜ਼ਾ ਦਿਵਾਉਣਾ ਅਤੇ ਸੱਚਾਈ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਹ 95 ਸਾਲ ਪੁਰਾਣੀ ਪਾਰਟੀ ਹੈ ਅਤੇ ਇਸ ਸੰਗਠਨ ਦੇ ਬਹਾਦਰ ਵਰਕਰਾਂ ਅਤੇ ਨੇਤਾਵਾਂ ਨੇ ਆਜ਼ਾਦੀ ਦੀ ਲੜਾਈ ਸਮੇਤ ਹਰ ਖੇਤਰ ਵਿਚ ਦੇਸ਼ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਈ ਐਸ ਆਈ ਦੇ ਕੁਝ ਏਜੰਟ ਹਨ ਜੋ ਕਿ ਸਿੱਖ ਕੌਮ ਤੇ ਹਮਲਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਸਿੱਖ ਨਹੀਂ ਹੋ ਸਕਦੇ, ਨੀਚ ਇਨਸਾਨਾਂ ਦਾ ਹੀ ਇਹ ਕੰਮ ਹੈ ਜਿਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਨੂੰ ਨੁਕਸਾਨ ਪਹੁੰਚਾਇਆ ਹੈ। ਬਾਦਲ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਜਿਨਾ ਲੋਕਾਂ ਨੂੰ ਘਰੇ ਕੋਈ ਪੁਛਦਾ ਨਹੀਂ ਉਹ ਧਰਨੇ ਤੇ ਜਾ ਬੈਠਦੇ ਨੇ, ਤੇ ਕਹਿੰਦੇ ਅਖੇ ਐਸ ਜੀ ਪੀ ਸੀ ਤੇ ਅਕਾਲੀਆਂ ਦਾ ਬਾਈਕਾਟ ਕੀਤਾ ਜਾਵੇ। ਉਨ੍ਹਾਂ ਨੇ ਆਖਿਆ ਕਿ ਕੁਝ ਸ਼ਰਾਰਤੀ ਅਨਸਰ ਇਹੋਂ ਹੀ ਚਾਹੁੰਦੇ ਹਨ ਕਿ ਤੀਜੀ ਵਾਰ ਅਕਾਲੀਆਂ ਦੀ ਸਰਕਾਰ ਨਾ ਹੀ ਬਣੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਸੱਭੇ ਸਾਂਝੀਵਾਲ ਦਾ ਸੰਦੇਸ਼ ਦਿੰਦਾ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਸਮੁੱਚੀ ਬਾਣੀ ਸਾਰੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਧਰਮ ਅਤੇ ਸਮਾਜ ਵਿਰੋਧੀ ਤਾਕਤਾਂ ਦਾ ਕਾਰਾ ਹੈ, ਜਿਨ੍ਹਾਂ ਦਾ ਨਾ ਤਾਂ ਕੋਈ ਧਰਮ ਹੈ ਅਤੇ ਨਾ ਹੀ ਦੀਨ ਇਮਾਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਆਪਸੀ ਸਾਂਝ ਬਣਾਈ ਰੱਖਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਸਾਰੇ ਮਸਲੇ ਆਪਸੀ ਸਹਿਮਤੀ ਅਤੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਆਖਿਆ ਕਿ ਜਿਸ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ ਕੁਝ ਕੁ ਸ਼ਰਾਰਤੀ ਅਨਸਰਾਂ ਨੂੰ ਤਾਂ ਫੜ ਲਿਆ ਗਿਆ ਤੇ ਕੁਝ ਬਾਕੀ ਹਨ ਜੋ ਵੀ ਹਨ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਕਿਸੇ ਤੇ ਨਜਾਇਜ਼ ਪਰਚਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੋ ਐਸ ਜੀ ਪੀ ਸੀ ਵਲੋਂ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਤਲਬ ਕੀਤਾ ਗਿਆ ਹੈ ਉਸ ਮਾਮਲੇ ਵਿਚ ਸਰਕਾਰ ਦਾ ਕੋਈ ਦਖਲ ਨਹੀਂ। ਇਸ ਸਮਾਗਮ ਮੌਕੇ ਵਿਧਾਇਕ ਜੋਗਿੰਦਰ ਸਿੰਘ ਜਿੰਦੂ,  ਸਾਬਕਾ ਵਿਧਾਇਕ ਰਵਿੰਦਰ ਸਿੰਘ ਬੱਬਲ, ਸ਼੍ਰੋਮਣੀ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਸਤਪਾਲ ਸਿੰਘ ਤਲਵੰਡੀ, ਬਲਵੰਤ ਸਿੰਘ ਰੱਖੜੀ ਚੇਅਰਮੈਨ ਬਲਾਕ ਸੰਮਤੀ, ਪ੍ਰੀਤਮ ਸਿੰਘ ਮਲਸ਼ੀਆ, ਦਰਸ਼ਨ ਸਿੰਘ ਮੋਠਾਂਵਾਲਾ, ਮਾਸਟਰ ਗੁਰਨਾਮ ਸਿੰਘ, ਸੁਰਿੰਦਰ ਸਿੰਘ ਬੱਬੂ ਪ੍ਰਧਾਨ ਕੈਂਟ ਬੋਰਡ, ਬਲਦੇਵ ਰਾਜ ਕੰਬੋਜ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਨਵਨੀਤ ਗੋਰਾ ਪ੍ਰਧਾਨ ਅਕਾਲੀ ਦਲ ਸ਼ਹਿਰੀ, ਭਗਵਾਨ ਸਿੰਘ ਸਾਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸਮੁੱਚੇ ਜ਼ਿਲ੍ਹੇ ਦੇ ਅਕਾਲੀ, ਭਾਜਪਾ ਆਗੂ, ਪੰਚ ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Related Articles

Back to top button