ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਦੇ ਘਰ ਘਰ ਜਾ ਕੇ ਕੋਰੋਨਾ ਦੀ ਰੋਕਥਾਮ ਸਬੰਧੀ ਜਾਗਰੂਕਤਾ ਪੰਫਲੈਟ ਵੰਡ ਕੇ ਕੀਤਾ ਜਾ ਰਿਹਾ ਜਾਗਰੂਕ
ਲੋਕਾਂ ਨੂੰ ਮਿਸ਼ਨ ਫ਼ਤਿਹ ਵਿਚ ਸਹਿਯੋਗ ਦੇਣ ਲਈ ਕੋਵਾ ਐਪ ਡਾਊਨਲੋਡ ਕਰਨ ਲਈ ਦਿੱਤੀ ਜਾ ਰਹੀ ਜਾਣਕਾਰੀ
ਫ਼ਿਰੋਜ਼ਪੁਰ 24 ਜੂਨ 2020
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਪੰਫਲੈਟ ਵੰਡ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਦੱਸਿਆ ਕਿ ਆਂਗਣਵਾੜੀ ਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਮਿਸ਼ਨ ਫ਼ਤਿਹ ਵਿਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਕਿਹਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਤੇ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਤੇ ਚੱਲ ਰਹੀ ਮਿਸ਼ਨ ਫ਼ਤਿਹ ਪ੍ਰਤੀਯੋਗਤਾ ਵਿਚ ਭਾਗ ਲੈਣ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਹੱਥਾਂ ਵਿਚ ਮਿਸ਼ਨ ਫ਼ਤਿਹ ਅਤੇ ਕੋਰੋਨਾ ਜਾਗਰੂਕਤਾ ਦੇ ਪੰਫਲੈਟ ਫੜ ਕੇ ਡੋਰ ਟੂ ਡੋਰ ਜਾਗਰੂਕਤਾ ਮੁਹਿੰਮ ਰਾਹੀਂ ਘਰਾਂ ਵਿਚ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ਼ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਉਹ ਖ਼ੁਦ ਵੀ ਸਾਵਧਾਨੀਆਂ ਵਰਤਣ ਅਤੇ ਕੋਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਵੱਧ ਤੋਂ ਵੱਧ ਕਾਮਯਾਬ ਬਣਾ ਕੇ ਕੋਰੋਨਾ ਮਹਾਂਮਾਰੀ ਤੇ ਫ਼ਤਿਹ ਪਾਉਣ ਲਈ ਸਹਿਯੋਗ ਦੀ ਵੀ ਅਪੀਲ ਕੀਤੀ ਗਈ।