ਆਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੱਤਰਕਾਰਾਂ ਨਾਲ ਬੈਠਕ
ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੱਤਰਕਾਰਾਂ ਨਾਲ ਬੈਠਕ
– ਜ਼ਿਲ੍ਹੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੁਧਾਈ ਆਦਿ ਬਾਰੇ ਕੀਤੀ ਵਿਚਾਰ ਚਰਚਾ
– 5 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਫਿਰੋਜ਼ਪੁਰ 19 ਦਸੰਬਰ 2023: ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਕੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਂਕਿ ਇੱਕ-ਇੱਕ ਵੋਟ ਹੀ ਦੇਸ਼ ਦੇ ਸੁਨਿਹਰੇ ਭਵਿੱਖ ਵਿੱਚ ਯੋਗਦਾਨ ਪਾਉਂਦੀ ਹੈ। ਇਹ ਪ੍ਰਗਟਾਵਾ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਪੱਤਰਕਾਰ ਭਾਈਚਾਰੇ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 26 ਦਸੰਬਰ 2023 ਨੂੰ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਦੇ ਮਾਧਿਅਮ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਬਾਰੇ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ 18 ਸਾਲ ਦੇ ਹੋ ਚੁੱਕੇ ਨਾਗਰਿਕ ਆਪਣੀ ਵੋਟ ਪਹਿਲ ਦੇ ਆਧਾਰ ‘ਤੇ ਬਣਵਾਉਣ।
ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੁਲ 901 ਪੋਲਿੰਗ ਸਟੇਸ਼ਨ ਹਨ ਅਤੇ ਮਿਤੀ 27 ਅਕਤੂਬਰ 2023 ਅਨੁਸਾਰ ਜ਼ਿਲ੍ਹੇ ਵਿੱਚ ਕੁਲ ਵੋਟਰਾਂ ਦੀ ਗਿਣਤੀ 710953 ਹੈ ਜਿਨ੍ਹਾਂ ਵਿੱਚੋਂ 374905 ਮਰਦ ਵੋਟਰ, 336028 ਮਹਿਲਾ ਵੋਟਰ ਅਤੇ 20 ਅਦਰ ਵੋਟਰ ਹਨ। ਇਸ ਤੋਂ ਇਲਾਵਾ 2805 ਸਰਵਿਸ ਵੋਟਰ ਹਨ।
ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਨਵੀਆਂ ਵੋਟਾਂ ਬਣਾਉਣ ਦਾ ਕੰਮ ਛੇਤੀ ਨਿਪਟਾਉਣ ਦੀ ਹਦਾਇਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਵੋਟ ਵਿੱਚ ਕਿਸੇ ਕਿਸਮ ਦੀ ਸੁਧਾਈ ਲਈ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਸਬੰਧਿਤ ਐਸ.ਡੀ.ਐਮ. ਦਫ਼ਤਰ ਨਾਲ ਵੀ ਇਸ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ।
——-