Ferozepur News
ਕਣਕ ਦੀ ਖਰੀਦ ਪ੍ਰਕ੍ਰਿਆ ਨੂੰ ਲੈ ਕੇ ਐਮਡੀ ਪਨਸਪ ਨੇ ਜ਼ਿਲ੍ਹੇ ਦੀਆਂ ਮੰਡੀਆ ਦਾ ਕੀਤਾ ਦੌਰਾ
ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਮੰਡੀਆਂ ਵਿਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ
ਫਿਰੋਜ਼ਪੁਰ 23 ਅਪ੍ਰੈਲ 2020 ਐਮਡੀ ਪਨਸਪ ਸ਼੍ਰੀ ਰਾਮਬੀਰ ਨੇ ਜ਼ਿਲਾ ਫਿਰੋਜ਼ਪੁਰ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰ ਕੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜਾ ਲਿਆ ਅਤੇ ਮੰਡੀਆਂ ਵਿਚ ਕਿਸਾਨਾਂ ਦੀਆਂ ਕਣਕ ਦੀਆਂ ਢੇਰੀਆਂ ਕੋਲ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਕਣਕ ਦੇ ਖਰੀਦ ਪ੍ਰਬੰਧਾ ਬਾਰੇ ਪੁੱਛਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ; ਕੁਲਵੰਤ ਸਿੰਘ ਵੀ ਹਾਜ਼ਰ ਸਨ।
ਐਮਡੀ ਪਨਸਪ ਸ਼੍ਰੀ ਰਾਮਬੀਰ ਨੇ ਕਿਹਾ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੁਰੱਖਿਆ ਨੂੰ ਲੈ ਕੇ ਮੰਡੀਆਂ ਵਿਚ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਦੀ ਸੁਰੱਖਿਆਂ ਨੂੰ ਧਿਆਨ ਵਿਚ ਰੱਖ ਕੇ ਹੀ ਕਣਦ ਦੀ ਖਰੀਦ ਦੀ ਪ੍ਰਕ੍ਰਿਆ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਮੰਡੀਆਂ ਵਿਚ ਭੀੜ ਨਾ ਕਰਨ ਅਤੇ ਸੋਸ਼ਲ ਡਿਸਟੈਂਸਿਗ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਮੰਡੀਆਂ ਨੂੰ ਸੈਨੇਟਾਈਜ਼ ਕਰਨ ਅਤੇ ਲੇਬਰ ਤੇ ਕਿਸਾਨਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰਨ ਲਈ ਵੀ ਕਿਹਾ। ਸ਼੍ਰੀ ਰਾਮਬੀਰ ਨੇ ਮੰਡੀਆਂ ਵਿਚ ਪਈ ਕਣਕ ਦੀ ਨਮੀ ਦੀ ਮਾਤਰਾ ਚੈੱਕ ਕਰਦਿਆਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਪ੍ਰਬੰਧ ਵਧੀਆ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ, ਆੜਤੀਆਂ, ਲੇਬਰ ਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ; ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਅਦਾਇਗੀ ਵੀ ਜਲਦ ਹੀ ਕੀਤੀ ਜਾਵੇਗੀ ਤੇ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਤੋਂ ਲਿਫਟਿੰਗ ਦੇ ਕੰਮ ਵਿਚ ਵੀ ਤੇਜੀ ਲਿਆਂਦੀ ਗਈ ਹੈ ਅਤੇ ਜਿਵੇਂ ਆਮਦ ਜਿਆਦਾ ਹੋਵੇਗੀ ਨਾਲੋ-ਨਾਲ ਲਿਫਟਿੰਗ ਵੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 159779 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 148492 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 51664 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 40719 ਮੀਟ੍ਰਿਕ ਟਨ, ਪਨਸਪ ਵੱਲੋਂ 28337 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 23567 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 4085 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 120 ਮੀਟਿੰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਮੌਕੇ ਐਸਡੀਐਮ ਸ਼੍ਰੀ ਅਮਿੱਤ ਗੁਪਤਾ, ਡਿਪਟੀ ਡਾਇਰਕੈਟਰ (ਫੀਲਡ) ਖੁਰਾਕ ਤੇ ਸਿਵਲ ਸਪਲਾਈ ਮੰਗਲ ਦਾਸ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਪਿੰਦਰ ਸਿੰਘ ਹਾਜ਼ਰ ਸਨ।