Ferozepur News

ਕਰਜ਼ਾ ਰਹਿਤ ਸਕੀਮ ਤਹਿਤ ਅੱਜ ਜ਼ਿਲ੍ਹੇ ਦੇ ਕਿਸਾਨਾਂ ਨੂੰ ਮਿਲੇਗਾ ਲਾਭ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 23 ਮਈ 2018  (Manish Bawa/Vikramditya Sharma)  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਲਈ ਗਰੀਨ ਫ਼ੀਲਡ ਰਿਜ਼ੋਰਟਸ ਫ਼ਰੀਦਕੋਟ ਰੋਡ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਕਰਜ਼ਾ ਮੁਕਤੀ ਸਮਾਗਮ ਕਰਵਾਇਆ ਜਾ ਰਿਹਾ ਹੈ।  ਜਿਸ ਵਿਚ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ੍ਰ: ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਸ਼੍ਰੀ ਸੁਨੀਲ ਜਾਖੜ, ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਤੇ ਐਮ.ਪੀ ਗੁਰਦਾਸਪੁਰ, ਸ੍ਰ: ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ, ਸ਼੍ਰੀਮਤੀ ਸਤਕਾਰ ਕੌਰ ਗਹਿਰੀ ਵਿਧਾਇਕ ਫਿਰੋਜ਼ਪੁਰ ਦਿਹਾਤੀ  ਅਤੇ ਸ੍ਰ: ਕੁਲਬੀਰ ਸਿੰਘ ਜ਼ੀਰਾ ਵਿਧਾਇਕ ਜ਼ੀਰਾ ਉਚੇਚੇ ਤੋਰ ਤੇ ਸ਼ਾਮਲ ਹੋਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਨੇ  ਦਿੱਤੀ। 
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਕਰਜ਼ਾ ਮੁਕਤੀ ਸਮਾਗਮ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ  ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਸੀਮਾਂਤ ਕਿਸਾਨ ਜਿਨ੍ਹਾਂ ਵੱਲੋਂ ਕੇਂਦਰੀ ਸਹਿਕਾਰੀ ਬੈਂਕ ਨਾਲ ਲੱਗਦੀਆਂ ਖੇਤੀਬਾੜੀ ਸਭਾਵਾਂ ਪਾਸੋਂ 2 ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਲਿਆ ਗਿਆ ਸੀ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜ਼ਾ ਰਹਿਤ ਸਕੀਮ ਤਹਿਤ ਅੱਜ ਜ਼ਿਲ੍ਹੇ ਦੇ 8991  ਕਿਸਾਨਾਂ ਦੇ ਕਰੀਬ 58 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੀਮਾਂਤ ਕਿਸਾਨ ਦਾ ਕਰਜ਼ਾ ਮੁਆਫ਼ ਕਰਨ ਲਈ ਇਤਿਹਾਸਕ ਫੈਂਸਲਾ ਕੀਤਾ  ਹੈ ਤਾਂ ਜੋ ਉਨ੍ਹਾਂ ਦੀ ਵਿਤੀ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਖੇਤੀ ਕਰਜ਼ੇ ਦੀ ਮੁਆਫ਼ੀ ਦੇ ਫ਼ੈਸਲੇ ਨੂੰ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿਚ ਹੀ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਕਈ ਥਾਵਾਂ ਤੇ ਅਜਿਹੇ ਸਮਾਗਮ ਕਰਕੇ ਕਿਸਾਨਾਂ ਨੂੰ ਖੇਤੀ ਕਰਜ਼ਿਆਂ ਤੋਂ ਰਾਹਤ ਦਿੱਤੀ ਵੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਯੋਗ ਕਿਸਾਨਾਂ ਨੂੰ ਇਹ ਲਾਭ ਮੁਹੱਈਆ ਕਰਵਾਏ ਜਾਣਗੇ।

Related Articles

Back to top button