Ferozepur News
ਕਿਰਤੀ ਕਿਸਾਨ ਯੂਨੀਅਨ ਵੱਲੋਂ ਹੁਸੈਨੀਵਾਲਾ ਬਾਰਡਰ ਤੇ ਵਿਸ਼ਾਲ ਰੈਲੀ
ਭਾਰਤ-ਪਾਕਿਸਤਾਨ ਵਪਾਰ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖ੍ਹੋਲਣ ਦੀ ਕੀਤੀ ਜੋਰਦਾਰ ਮੰਗ

ਕਿਰਤੀ ਕਿਸਾਨ ਯੂਨੀਅਨ ਵੱਲੋਂ ਹੁਸੈਨੀਵਾਲਾ ਬਾਰਡਰ ਤੇ ਵਿਸ਼ਾਲ ਰੈਲੀ
ਭਾਰਤ-ਪਾਕਿਸਤਾਨ ਵਪਾਰ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖ੍ਹੋਲਣ ਦੀ ਕੀਤੀ ਜੋਰਦਾਰ ਮੰਗ
ਵੀਜ਼ਾ ਸ਼ਰਤਾਂ ਖਤਮ ਕਰਕੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ
ਬਾਸਮਤੀ ਦੇ ਨਿਰਯਾਤ ਉੱਪਰ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਵਾਪਸ ਲੈਣ ਦੀ ਕੀਤੀ ਮੰਗ
ਫਿਰੋਜ਼ਪੁਰ 21.9.2023 – ਕਿਰਤੀ ਕਿਸਾਨ ਯੂਨੀਅਨ ਨੇ ਅੱਜ ਹੁਸੈਨੀਵਾਲਾ ਬਾਰਡਰ ਉੱਤੇ ਵਿਸ਼ਾਲ ਰੈਲੀ ਕਰਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖ੍ਹੋਲਣ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਰੈਲੀ ਵਿੱਚ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਆਪਣੀ ਉਪਜ ਸਮੇਤ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖਤਮ ਕਰਕੇ ਪਾਸਪੋਰਟ ਤੇ ਸਿੱਧਾ ਵਪਾਰ ਕਰਨ ਦੀ ਇਜਾਜਤ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਨਿਰਯਾਤ ਉੱਪਰ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।
ਵਰਣਨਯੋਗ ਹੈ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ ਇਸ ਮੁੱਦੇ ਤੇ ਛੇੜੀ ਮੁਹਿੰਮ ਨੂੰ ਸਮਾਜ ਦੇ ਵੱਖ ਵੱਖ ਤਬਕਿਆਂ ਨੇ ਭਰਵਾਂ ਸਹਿਯੋਗ ਦਿੰਦਿਆਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ। ਸ਼ਾਮਲ ਹੋਣ ਵਾਲਿਆ ਵਿਚ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ ,ਫੋਕਲੋਰ ਰਿਸਰਚ ਅਕੈਡਮੀ ਨਾਲ ਜੁੜੇ ਬੁੱਧੀਜੀਵੀ ਅਤੇ ਲੇਖਕਾਂ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਮੁਲਾਜ਼ਮ ਵਰਗ ਵੀ ਸ਼ਾਮਲ ਸਨ।
ਇੱਕਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਭਾਰਤ ਪਾਕਿਸਤਾਨ ਵਿਚਕਾਰ ਦੁਸ਼ਮਣੀ ਦੀ ਅੱਗ ਬਾਲਣ ਦੀ ਥਾਂ ਦੋਸਤਾਨਾ ਰਿਸ਼ਤਿਆਂ ਨੂੰ ਉਸਾਰਨ ਵੱਲ ਅੱਗੇ ਵਧਣਾ ਚਾਹੀਦਾ ਹੈ।ਇਸ ਸਾਂਝ ਨੂੰ ਉਸਾਰਨ ਵਿਚ ਭਾਰਤ ਪਾਕਿਸਤਾਨ ਵਪਾਰ ਇੱਕ ਮਹੱਤਵਪੂਰਨ ਕੜੀ ਹੈ। ਭਾਰਤ ਸਰਕਾਰ ਨੇ 2019 ’ਚ ਪਾਕਿਸਤਾਨ ਨੂੰ ਵਪਾਰ ਲਈ ਅਨੁਕੂਲ ਦੇਸ਼ਾਂ ਦੀ ਸੂਚੀ ਵਿੱਚੋਂ ਖਾਰਜ ਕਰਕੇ ਗੈਰ-ਜ਼ਰੂਰੀ ਵਸਤਾਂ ਉੱਪਰ 200% ਰੈਗੂਲੇਟਰੀ ਡਿਊਟੀ ਲਗਾ ਦਿੱਤੀ ਸੀ। ਜਿਸ ਕਾਰਨ ਪੰਜਾਬ ਦੇ ਸੜਕੀ ਲਾਂਘਿਆਂ ਰਾਹੀ ਪਾਕਿਸਤਾਨ ਨਾਲ ਵਪਾਰ ਨਾ ਸਿਰਫ ਤਬਾਹ ਹੋ ਗਿਆ ਬਲਕਿ ਪੰਜਾਬ ਦੇ ਹਿੱਤਾਂ ਨੂੰ ਭਾਰੀ ਢਾਹ ਵੀ ਲੱਗੀ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1.35 ਅਰਬ ਡਾਲਰ ਦੀ ਰਕਮ ਦੇ ਲਗਭਗ ਵਪਾਰ ਹੋ ਰਿਹਾ ਹੈ ਪਰ ਇਹ ਵਪਾਰ ਜਿਆਦਾਤਰ ਅਡਾਨੀ ਦੀ ਮੁੰਦਰਾ ਬੰਦਰਗਾਹ (ਗੁਜਰਾਤ) ਤੋਂ ਸਮੁੰਦਰੀ ਰਸਤੇ ਰਾਹੀਂ ਹੁੰਦਾ ਹੈ। ਕੇਂਦਰ ਦੀ ਭਾਜਪਾ ਸਰਕਾਰ ਤੇ ਅਡਾਨੀ ਵਰਗੇ ਕਾਰਪੋਰੇਟ ਦੇ ਹਿੱਤ ਪੂਰਨ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਇਲਜਾਮ ਲਗਾਉਂਦਿਆਂ ਕਿਸਾਨ ਆਗੂਆਂ ਨੇ ਪੰਜਾਬ ਦੇ ਸੜਕੀ ਲਾਂਘਿਆਂ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਰਾਹੀਂ ਇਹ ਵਪਾਰ ਖ੍ਹੋਲਣ ਦੀ ਜ਼ੋਰਦਾਰ ਮੰਗ ਕੀਤੀ।
ਇੱਕਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਖਜ਼ਾਨਚੀ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਸੂਬਾ ਕਮੇਟੀ ਮੈਂਬਰ ਡਾ.ਸੁਖਚੈਨ ਸਿੰਘ ਨੇ ਕਿਹਾ ਕਿ ਕਿ ਮੌਜੂਦਾ ਸਮੇਂ ਦੋਹਾਂ ਮੁਲਕਾਂ ਵਿਚਕਾਰ 80% ਵਪਾਰ ਸਮੁੰਦਰੀ ਰਸਤਿਆਂ ਰਾਹੀਂ ਜਾਂ ਅਸਿੱਧੇ ਰੂਪ ਵਿੱਚ ਡੁਬਈ ਰਾਹੀਂ ਹੋ ਰਿਹਾ ਹੈ ਜੋ ਕਿ ਬਹੁਤ ਮਹਿੰਗਾ ਪੈਂਦਾ ਹੈ। ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਰਸਤਿਆਂ ਰਾਹੀਂ ਸਿੱਧਾ ਵਪਾਰ ਨਾ ਸਿਰਫ ਸਸਤਾ ਪਵੇਗਾ ਬਲਕਿ ਉੱਤਰ-ਭਾਰਤ ਖਾਸ ਕਰਕੇ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਖੇਤੀ ਸੰਦ ਬਣਾਉਣ ਵਾਲੇ ਕਾਰੀਗਰਾਂ,ਟਰੱਕ ਉਪਰੇਟਰਾਂ ਅਤੇ ਮਜ਼ਦੂਰਾਂ ਲਈ ਨਵੇਂ ਰੁਜ਼ਗਾਰ ਅਤੇ ਆਰਥਿਕ ਖੁਸ਼ਹਾਲੀ ਦਾ ਸਾਧਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੰਕਟਗ੍ਰਸਤ ਆਰਥਿਕਤਾ ਲਈ ਇਹ ਵਪਾਰ ਸੰਜੀਵਨੀ ਬੂਟੀ ਦਾ ਕੰਮ ਕਰ ਸਕਦਾ ਇਸ ਲਈ ਪੰਜਾਬ ਸਰਕਾਰ ਅਤੇ ਇਥੋਂ ਦੇ ਲੋਕਾਂ ਨੂੰ ਸੜਕੀ ਲਾਂਘਿਆਂ ਰਾਹੀਂ ਵਪਾਰ ਨੂੰ ਖੁੱਲਵਾਉਣ ਲਈ ਜੋਰਦਾਰ ਚਾਰਾਜੋਈ ਕਰਨੀ ਚਾਹੀਦੀ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂਆਂ ਚਮਕੌਰ ਸਿੰਘ ਰੋਡੇ ਅਤੇ ਬਲਵਿੰਦਰ ਸਿੰਘ ਨੇ ਕਿਹਾ ਹੈ ਕਿ ਦੋਵੇਂ ਦੇਸ਼ਾਂ ਵਿਚਕਾਰ 350 ਦੇ ਲਗਭਗ ਵਸਤਾਂ ਦਾ ਵਪਾਰ ਹੁੰਦਾ ਰਿਹਾ ਜੋ ਕਿ ਸਾਬਤ ਕਰਦਾ ਹੈ ਕਿ ਦੋਵੇਂ ਦੇਸ਼ ਵਪਾਰ ਦੇ ਮਾਮਲੇ ਵਿੱਚ ਇੱਕ-ਦੂਜੇ ’ਤੇ ਕਿੰਨੇ ਅੰਤਰ-ਨਿਰਭਰ ਹਨ। ਇਸ ਵਪਾਰ ਦੇ ਵਾਧੇ ਦੀਆਂ ਅਸੀਮ ਸੰਭਾਵਨਾਵਾਂ ਵੱਲ ਇਸ਼ਾਰਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਖੇਤੀ ਸੰਦਾਂ,ਕਿੰਨੂ, ਸੇਬ,ਆਲੂ, ਬਾਸਮਤੀ ਅਤੇ ਸਰੋਂ ਸਮੇਤ ਹੋਰ ਫਸਲਾਂ ਦੀ ਪਾਕਿਸਤਾਨ ਅਤੇ ਮੱਧ ਪੂਰਬ ਵਿੱਚ ਮੰਗ ਬਾਗਬਾਨੀ, ਛੋਟੀ ਸਨਅਤ ਨੂੰ ਹੁਲਾਰਾ ਦੇਣ ਦਾ ਸਬੱਬ ਫ਼ਸਲੀ ਵਿਭਿੰਨਤਾ ਦੇ ਸਾਡੇ ਟੀਚੇ ਨੂੰ ਪ੍ਰਾਪਤ ਕਰਨ ਦਾ ਸਾਧਨ ਬਣ ਸਕਦਾ।
ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਨੌਜਵਾਨ ਭਾਰਤ ਸਭਾ ਦੇ ਜਨਰਲ ਸਕੱਤਰ ਮੰਗਾ ਆਜ਼ਾਦ ਨੇ ਕਿਹਾ ਕਿ ਭਾਜਪਾ ਵਲੋਂ ਦੇਸ਼ ਨੂੰ ਇੱਕ ਰੰਗ ਵਿੱਚ ਰੰਗਣ ਦੀ ਫਾਸ਼ੀਵਾਦੀ ਧੁੱਸ ਦੇ ਚਲਦਿਆਂ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਮੰਗ ਕਰਨ ਵਾਲਿਆਂ ਨੂੰ ਅਕਸਰ ਦੇਸ਼ ਵਿਰੋਧੀ ਗਰਦਾਨ ਦਿੱਤਾ ਜਾਂਦਾ। ਕਿਸਾਨ ਆਗੂਆਂ ਨੇ ਸਵਾਲ ਕੀਤਾ ਕਿ ਜੇਕਰ ਮੁੰਦਰਾ ਬੰਦਰਗਾਹ ਤੋਂ ਵਪਾਰ ਹੋ ਸਕਦਾ ਹੈ ਤਾਂ ਫਿਰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਰਸਤਿਆਂ ’ਤੇ ਰੋਕਾਂ ਕਿਉਂ ?
ਰੈਲੀ ਨੂੰ ਫੋਕਲੋਰ ਰਿਸਰਚ ਅਕੈਡਮੀ ਦੇ ਮੁਖੀ ਰਮੇਸ਼ ਯਾਦਵ , ਹਰਮੀਤ ਵਿਦਿਆਰਥੀ,ਬੀਕੇਯੂ ਲੱਖੋਵਾਲ ਦੇ ਅਮਰੀਕ ਸੰਧੂ ,ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਧੀਰਜ ਕੁਮਾਰ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਹਿੰਦਰ ਸਿੰਘ ਕੌੜਿਆਂਵਾਲੀ, ਪਵਨ ਕੁਮਾਰ ਮੁਕਤਸਰ , ਗੁਰਮੀਤ ਜੱਜ ਬੰਗਲਾਦੇਸ਼ ਭਾਰਤ ਪਾਕਿਸਤਾਨ ਪੀਪਲ ਫੋਰਮ, ਪ੍ਰਗਟ ਸਿੰਘ ਸਾਪੂਵਾਲ, ਫ਼ਰੀਦਕੋਟ ਤੋਂ ਸੁਰਿੰਦਰਪਾਲ ਸਿੰਘ, ਫਾਜ਼ਿਲਕਾ ਸੁਖਚੈਨ ਸਿੰਘ, ਮੁਕਤਸਰ ਤੋਂ ਬਲਜੀਤ ਸਿੰਘ ਲੰਡੇ ਰੋਡੇ ਨੇ ਵੀ ਸੰਬੋਧਨ ਕੀਤਾ।
ਦੱਸਣਯੋਗ ਹੈ ਕਿ ਕਿਰਤੀ ਕਿਸਾਨ ਯੂਨੀਅਨ ਨੇ ਅੱਜ ਹੁਸੈਨੀਵਾਲਾ ਤੋਂ ਇਲਾਵਾ ਜਲੰਧਰ, ਨਵਾਂ ਸ਼ਹਿਰ, ਪਟਿਆਲਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਵੀ ਇਸ ਮੰਗ ਨੂੰ ਲੈਕੇ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਹਨ। ਜਿਨ੍ਹਾਂ ਨੂੰ ਯੂਨੀਅਨ ਦੇ ਸੂਬਾਈ ਆਗੂਆਂ ਜਤਿੰਦਰ ਸਿੰਘ ਛੀਨਾ, ਰਾਮਿੰਦਰ ਸਿੰਘ ਪਟਿਆਲਾ, ਸੰਤੋਖ ਸਿੰਘ ਸੰਧੂ, ਹਰਮੇਸ਼ ਸਿੰਘ ਢੇਸੀ, ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ ਅਤੇ ਹਰਦੀਪ ਕੌਰ ਕੋਟਲਾ ਨੇ ਸੰਬੋਧਨ ਕੀਤਾ।
ਜੱਥੇਬੰਦੀ ਨੇ ਮੁਕਤਸਰ ਜ਼ਿਲ੍ਹੇ ਵਿੱਚ ਨਹਿਰ ਵਿਚ ਬੱਸ ਡਿਗਣ ਦੇ ਹਾਦਸੇ ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।