ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਡੀ ਸੀ ਦਫ਼ਤਰ ਅੱਗੇ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ –
ਹਰਿਆਣਾ ਵਿੱਚ ਗ੍ਰਿਫ਼ਤਾਰ ਕੀਤੇ ਨੌਜਵਾਨ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਕੀਤੀ ਮੰਗ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਡੀ ਸੀ ਦਫ਼ਤਰ ਅੱਗੇ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ – ਹਰਿਆਣਾ ਵਿੱਚ ਗ੍ਰਿਫ਼ਤਾਰ ਕੀਤੇ ਨੌਜਵਾਨ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਕੀਤੀ ਮੰਗ
ਫਿਰੋਜ਼ਪੁਰ, ਅਪ੍ਰੈਲ 7, 2024: ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਵਲੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ, ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਵਲੋਂ ਦਿੱਤੇ ਪ੍ਰੋਗਰਾਮ ਤਹਿਤ D.C. ਦਫ਼ਤਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮੋਦੀ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ।
ਇਸ ਸੰਬੰਧੀ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਮੋਦੀ ਸਰਕਾਰ ਦੀ ਸ਼ਹਿ ਤੇ ਹਰਿਆਣਾ ਸਰਕਾਰ ਵੱਲੋਂ ਨੋਜਵਾਨ ਕਿਸਾਨ ਆਗੂਆਂ ਨੂੰ ਬਿਨਾਂ ਵਜ੍ਹਾ ਜੇਲਾਂ ਵਿੱਚ ਬੰਦ ਕਰਕੇ ਕਿਸਾਨਾਂ ਮਜ਼ਦੂਰਾਂ ਦੇ ਚੱਲ ਰਹੇ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਤੇ ਸ਼ਾਂਤਮਈ ਧਰਨਿਆਂ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਤੇ ਅੰਦੋਲਨ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰਨ ਹੋ ਕੇ ਸਿਰਫ਼ ਕਾਰਪੋਰੇਟ ਦੇ ਹਿੱਤਾਂ ਲਈ ਫੁਰਮਾਨ ਜਾਰੀ ਕਰ ਰਹੀ ਹੈ ਤੇ ਦੇਸ਼ ਨੂੰ ਇਹਨਾਂ ਘਰਾਣਿਆਂ ਦੇ ਗ਼ੁਲਾਮ ਬਣਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਸਾਈਲੋ ਗੁਦਾਮਾਂ ਦਾ ਪ੍ਰਬੰਧ ਸਰਕਾਰੀ ਕਰਕੇ 1961 ਮੰਡੀ ਬਿਲ ਵਿੱਚ ਕੀਤੀਆਂ ਸੋਧਾਂ ਰੱਦ ਕਰੇ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਚੱਲ ਰਹੇ ਬਾਰਡਰਾਂ ਤੇ ਅੰਦੋਲਨਾ ਵਿੱਚ ਬਿਜਲੀ , ਪਾਣੀ ਦਾ ਪ੍ਰਬੰਧ ਤੁਰੰਤ ਠੀਕ ਕਰਕੇ ਸਹੂਲਤਾਂ ਦਿੱਤੀਆਂ ਜਾਣ ਨਹੀਂ ਤਾਂ 9 ਅਪ੍ਰੈਲ ਨੂੰ ਰੇਲਵੇ ਟਰੈਕ ਤੇ ਲੱਗਣ ਵਾਲੇ ਧਰਨੇ ਨੂੰ ਅਣਮਿਥੇ ਸਮੇਂ ਲਈ ਐਲਾਨਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪਿੰਡਾਂ ਵਿੱਚ ਵੋਟਾਂ ਮੰਗਣ ਲਈ ਆ ਰਹੇ BJP ਦੇ ਕਾਰਕੁੰਨਾ ਨੂੰ ਕਾਲ਼ੀਆਂ ਝੰਡੀਆਂ ਦਿਖਾਈਆਂ ਜਾਣ ਤੇ ਸਵਾਲ ਪੁੱਛੇ ਜਾਣ ਤੇ ਮੋਦੀ ਸਰਕਾਰ ਵਲੋਂ ਕੀਤੇ ਵਾਅਦੇ ਯਾਦ ਕਰਵਾਏ ਜਾਣ। ਇਸ ਮੌਕੇ ਗੁਰਨਾਮ ਸਿੰਘ, ਬੂਟਾ ਸਿੰਘ, ਮੰਗਲ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਮੱਘਰ ਸਿੰਘ, ਕਸ਼ਮੀਰ ਸਿੰਘ, ਜਗਦੀਸ਼ ਸਿੰਘ ਆਦਿ ਆਗੂ ਹਾਜਰ ਸਨ।