Ferozepur News

ਕੇਂਦਰੀ ਸੰਯੁਕਤ ਸਕੱਤਰ ਵੱਲੋਂ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਕੇਂਦਰੀ ਤੇ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ/ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਕਿਹਾ

ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ 363 ਪਿੰਡਾਂ ਵਿਚ ਸਿੱਖਿਆ, ਸਿਹਤ ਅਤੇ ਮੁੱਢਲੇ ਢਾਂਚੇ ਦੇ ਵਿਕਾਸ ਤੇ ਕੰਮ ਹੋਵੇਗਾ- ਰਾਮਵੀਰ

ਫ਼ਿਰੋਜ਼ਪੁਰ 4 ਨਵੰਬਰ ( )ਭਾਰਤ ਸਰਕਾਰ ਦੇ ਜਨਤਕ ਅਦਾਰੇ ਅਤੇ ਭਾਰੀ ਉਦਯੋਗ ਵਿਭਾਗ ਦੇ ਸੰਯੁਕਤ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਚੌਧਰੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਤੇ ਵਿਕਾਸ ਆਦਿ ਸਬੰਧੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੇ ਲਾਗੂ ਕਰਨ ਅਤੇ ਇਨ੍ਹਾਂ ਵਿਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਤੋਂ ਸਰਕਾਰੀ ਯੋਜਨਾਵਾਂ ਨੂੰ ਹੋਰ ਵਧੀਆ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਤੇ ਇਸ ਦਾ ਲਾਭ ਦੇਣ ਸਬੰਧੀ ਸੁਝਾਅ ਵੀ ਲਏ ਗਏ।

ਸ਼੍ਰੀ ਰਾਜੇਸ਼ ਕੁਮਾਰ ਚੌਧਰੀ ਸੰਯੁਕਤ ਸਕੱਤਰ ਭਾਰਤ ਸਰਕਾਰ ਨੇ ਮੀਟਿੰਗ ਮੌਕੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਲ-2016 ਵਿਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੱਖ-ਵੱਖ ਪਹਿਲੂਆਂ ਸਬੰਧੀ ਪੂਰੇ ਦੇਸ਼ ਵਿਚ ਸਰਵੇ ਕਰਵਾਇਆ ਗਿਆ ਸੀ, ਜਿਸ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਗਿਣਤੀ ਦੇਸ਼ ਦੇ ਪਛੜੇ ਹੋਏ 115 ਜ਼ਿਲ੍ਹਿਆਂ ਵਿਚ ਹੋਈ ਸੀ। ਉਨ੍ਹਾਂ ਕਿਹਾ ਕਿ ਸਰਵੇ ਵਿਚ ਸਿਹਤ ਸਬੰਧੀ ਦਿੱਤੀਆਂ ਜਾਂਦੀਆਂ ਸੁਵਿਧਾਵਾਂ, ਜਣੇਪੇ ਦੌਰਾਨ ਬੱਚਿਆਂ ਦੀ ਮੌਤ ਦਰ, ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ, ਜਨ-ਸੰਖਿਆ ਦੇ ਹਿਸਾਬ ਨਾਲ ਡਾਕਟਰਾਂ ਤੇ ਹਸਪਤਾਲਾਂ ਦੀ ਉਪਲਬਧਤਾ, ਸਕੂਲਾਂ ਵਿਚ ਸਟਾਫ਼ ਦੀ ਕਮੀ, ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਟੇਜਾਂ ਤੇ ਸਕੂਲ ਛੱਡਣ, ਲੋਕਾਂ ਨੂੰ ਬਿਜਲੀ, ਪੀਣ ਵਾਲੇ ਪਾਣੀ, ਸੜਕਾਂ, ਪਖਾਨਿਆਂ ਸਮੇਤ  ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਸਬੰਧੀ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਸਬੰਧੀ  ਸਰਵੇ ਕੀਤਾ ਗਿਆ ਸੀ।

ਉਨ੍ਹਾਂ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਗ਼ਰੀਬ ਵਰਗ, ਲੋੜਵੰਦਾਂ, ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਤਾਂ ਜੋ ਆਮ ਲੋਕਾਂ ਨੂੰ ਸਹੂਲਤਾਂ ਮਿਲਣ ਦੇ ਨਾਲ-ਨਾਲ ਵਿਕਾਸ ਵਿਚ ਵੀ ਵਾਧਾ ਹੋਵੇ।

ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ ਨੇ ਇਸ ਮੌਕੇ ਦੱਸਿਆ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਕੂਲਾਂ ਵਿਚ ਲੋੜ ਅਨੁਸਾਰ ਅਧਿਆਪਕ, ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਸਰਵੇ 2016 ਵਿਚ ਕਰਵਾਇਆ ਗਿਆ ਸੀ, ਹੁਣ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਵਿਕਾਸ ਕਾਰਜ ਕਰਵਾਉਣ ਅਤੇ ਕੇਂਦਰੀ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਪਖਾਨੇ ਬਣਾਉਣ ਦਾ 75 ਫ਼ੀਸਦੀ ਕੰਮ ਪੂਰਾ ਹੋ ਚੁੱਕਿਆ ਹੈ ਅਤੇ ਮਾਰਚ-2018 ਤੱਕ 100 ਫ਼ੀਸਦੀ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ (ਬੀ.ਏ.ਡੀ.ਪੀ) ਤਹਿਤ ਜ਼ਿਲ੍ਹੇ ਦੇ ਫ਼ਿਰੋਜ਼ਪੁਰ, ਮਮਦੋਟ ਅਤੇ ਗੁਰੂਹਰਸਹਾਏ ਬਲਾਕਾਂ ਦੇ 363 ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੜਕਾਂ, ਪੁਲਾਂ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ 100 ਫ਼ੀਸਦੀ ਸਿੰਚਾਈ ਸਹੂਲਤਾਂ ਮੁਹੱਈਆ ਹਨ ਅਤੇ ਬਿਜਲੀ ਸਪਲਾਈ ਦੇ ਸੁਧਾਰ ਲਈ ਪੁਰਾਣੀਆਂ ਬਿਜਲੀ ਲਾਈਨਾਂ ਤੇ ਯੰਤਰਾਂ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਲਗਭਗ ਸਾਰੀ ਆਬਾਦੀ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਇਸ ਕੰਮ ਦੇ ਹੋਰ ਸੁਧਾਰ ਲਈ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਜਲ ਸਪਲਾਈ ਯੋਜਨਾਵਾਂ ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਆਸ਼ਾ ਕੀਤੀ ਕਿ ਹੁਣ ਹੋਣ ਵਾਲੇ ਸਰਵੇਖਣ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਪਛੜੇ  ਜ਼ਿਲ੍ਹਿਆਂ ਵਿਚ ਨਹੀਂ ਹੋਵੇਗਾ। 

ਇਸ ਮੌਕੇ ਸ੍ਰ: ਭੁਪਿੰਦਰ ਸਿੰਘ ਸਿੱਧੂ ਐਸ.ਐਸ.ਪੀ, ਸ੍ਰ: ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨ.), ਸ੍ਰ: ਰਵਿੰਦਰਪਾਲ ਸਿੰਘ ਸੰਧੂ ਡੀ.ਡੀ.ਪੀ.ਓ, ਸ੍ਰ: ਗੁਰਮੀਤ ਸਿੰਘ ਢਿੱਲੋਂ ਸਕੱਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰ: ਪ੍ਰਗਟ ਸਿੰਘ ਬਰਾੜ ਡਿਪਟੀ ਡੀ.ਈ.ਓ (ਸਕੈ.), ਸ੍ਰ: ਸੁਖਵਿੰਦਰ ਸਿੰਘ ਡਿਪਟੀ ਡੀ.ਈ.ਓ(ਐਲੀ.), ਡਾ: ਸੰਜੀਵ ਗੁਪਤਾ ਸਹਾਇਕ ਸਿਵਲ ਹਸਪਤਾਲ, ਸ਼੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਸ੍ਰ: ਭੁਪਿੰਦਰ ਸਿੰਘ ਸਹਾਇਕ ਐਸ.ਸੀ. ਪਾਵਰਕਾਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Back to top button