Ferozepur News
ਕੇਂਦਰ ਸਰਕਾਰ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ
ਕੇਂਦਰ ਸਰਕਾਰ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ
ਰਾਜਿੰਦਰ ਦੀਪ ਸਿੰਘ ਵਾਲਾ, ਹਰਨੇਕ ਮਹਿਮਾ ਅਤੇ ਨੌਨਿਹਾਲ ਸਿੰਘ ਨੂੰ ਫੌਰੀ ਰਿਹਾਅ ਕੀਤਾ ਜਾਵੇ: ਡੀਟੀਐੱਫ
ਫ਼ਿਰੋਜ਼ਪੁਰ 13 ਮਈ, 2024: ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਕਿਸਾਨਾਂ, ਮਜਦੂਰਾਂ ਅਤੇ ਹੋਰਨਾਂ ਤਬਕਿਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਜਮਹੂਰੀਅਤ ਦੇ ਲਗਾਤਾਰ ਹੋਏ ਘਾਣ ਦਾ ਵਿਰੋਧ ਕਰਨ ਵਾਲੇ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਾਜਿੰਦਰ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਮਹਿਮਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਸਮੇਤ ਹੋਰਨਾਂ ਆਗੂਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਇਸ਼ਾਰਿਆਂ ‘ਤੇ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਜਾਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ਸਖ਼ਤ ਨਿਖੇਧੀ ਕੀਤੀ ਹੈ।ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਜਾਇਜ਼ ਕਰਾਰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਰਤੀ ਲੋਕਾਂ ਦੇ ਜੀਵਨ ਪੱਧਰ ਵਿੱਚ ਭਾਰੀ ਗਿਰਾਵਟ ਆਈ ਹੈ।
ਬੇਰੁਜ਼ਗਾਰੀ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਿਆਂ ਦੇ ਅਧਿਕਾਰਾਂ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਲਗਾਤਾਰ ਸੀਮਤ ਕਰਦੇ ਹੋਏ ਸੱਤਾ ਦਾ ਵੱਧ ਤੋਂ ਵੱਧ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਦਾ ਅਧਿਕਾਰ ਵੀ ਖੋਹਿਆ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਵਾਲੀਆਂ ਸੂਬਾ ਸਰਕਾਰਾਂ ਦੀ ਕੇਂਦਰ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਧੌਣ ਮਰੋਡ਼ੀ ਜਾ ਰਹੀ ਹੈ ਅਤੇ ਕੌਮੀ ਸਿੱਖਿਆ ਨੀਤੀ-2020 ਰਾਹੀਂ ਸਿੱਖਿਆ ਦਾ ਹੋਰ ਵਧੇਰੇ ਨਿੱਜੀਕਰਨ ਅਤੇ ਭਗਵਾਂਕਰਨ ਕੀਤਾ ਜਾ ਰਿਹਾ ਹੈ। ਇੱਕ ਦੇਸ਼, ਇੱਕ ਧਰਮ, ਇੱਕ ਬੋਲੀ ਅਤੇ ਇੱਕ ਸੱਭਿਆਚਾਰ ਰੂਪੀ ਫਾਸ਼ੀ ਵਿਚਾਰ ਨੂੰ ਸਮੂਹ ਘੱਟ ਗਿਣਤੀਆਂ, ਦਲਿਤਾਂ, ਔਰਤਾਂ ਅਤੇ ਜਨਜਾਤੀਆਂ ‘ਤੇ ਥੋਪਣ ਅਤੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਧੜੱਲੇ ਨਾਲ ਲਾਗੂ ਕਰਨ ਕਰਕੇ ਲੋਕਾਂ ਵਿੱਚ ਕੇਂਦਰੀ ਸੱਤਾ ਖਿਲਾਫ਼ ਭਾਰੀ ਰੋਹ ਹੈ, ਜਿਸ ਦਾ ਪ੍ਰਗਟਾਵਾ ਚੋਣਾਂ ਦੌਰਾਨ ਭਾਜਪਾ ਆਗੂਆਂ ਨੂੰ ਸੁਆਲ ਪੁੱਛ ਕੇ ਕੀਤਾ ਜਾ ਰਿਹਾ ਹੈ.
ਡੀਟੀਐੱਫ ਦੇ ਸੂਬਾਈ ਮੀਤ ਪ੍ਰਧਾਨਾਂ ਬੇਅੰਤ ਸਿੰਘ ਫੁੱਲੇਵਾਲਾ, ਰਾਜੀਵ ਬਰਨਾਲਾ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ ਅਤੇ ਜਸਵਿੰਦਰ ਔਜਲਾ ਨੇ ਸਵਾਲ ਚੁੱਕਿਆ ਕਿ ਪ੍ਰਧਾਨ ਮੰਤਰੀ ਸਮੇਤ ਭਾਜਪਾ ਦੇ ਹੋਰਨਾਂ ਆਗੂਆਂ ਵੱਲੋਂ ਕੀਤੇ ਜਾ ਰਹੇ ਨਫ਼ਰਤੀ ਪ੍ਰਚਾਰ ਪ੍ਰਤੀ ਤਾਂ ਚੋਣ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਮਲੇ ਫੈਲੇ ਦੀਆਂ ਅੱਖਾਂ ਬੰਦ ਹਨ, ਪਰ ਲੋਕਾਂ ਦੇ ਸੰਘਰਸ਼ਾਂ ਨੂੰ ਪੁਲਿਸ ਕੇਸਾਂ ਅਤੇ ਗ੍ਰਿਫ਼ਤਾਰੀਆਂ ਰਾਹੀਂ ਚੁੱਪ ਕਰਾਉਣ ਦੇ ਯਤਨ ਕੀਤੇ ਜਾ ਰਹੇ ਹਨ, ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਇਨ੍ਹਾਂ ਯਤਨਾਂ ਦਾ ਹਿੱਸਾ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਲੋਕ ਭਾਵਨਾਵਾਂ ਨੂੰ ਦਬਾਉਣ ਦੀ ਗੈਰ ਵਾਜਬ ਨੀਤੀ ਅਪਨਾਉਣ ਤੋਂ ਬਾਜ ਆਉਣ ਦੀ ਚਿਤਾਵਨੀ ਦਿੰਦਿਆਂ ਗ੍ਰਿਫਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।