Ferozepur News

ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਗਈ ਸ਼ਰਧਾਜਲੀ

ਦੇਸ਼ ਦੇ ਕੋਨੇ-ਕੋਨੇ ਤੋਂ ਆਏ ਲੋਕ ਹੁਸੈਨੀਵਾਲਾ ਵਿਖੇ ਹੋਏ ਨਤਮਸਤਕ

ਲਾਈਟ ਐਂਡ ਸਾਊਂਡ ਸ਼ੋਅ ਅਤੇ ਟੂਰਿਜ਼ਮ ਨੂੰ ਬੜ੍ਹਾਵਾ ਦੇਣ ਲਈ 25 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ – ਖੁੱਡੀਆਂ

ਸ਼ਹੀਦੀ ਮੇਲੇ ਤੇ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾਂ

ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 23 ਮਾਰਚ 2025:     ਸ਼ਹੀਦ-ਏ-ਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ ਲੋਕ ਸ਼ਹੀਦਾਂ ਨੂੰ ਨਤਮਸਤ ਹੋਏ। ਦੇਸ਼ ਵਾਸੀਆਂ  ਨੇ ਆਪਣੇ ਨਵੇਕਲੇ ਪਹਿਰਾਵੇ ਅਤੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

            ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੌਮੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਵੀ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ’ਤੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਸਵਾਰਥ ਦੇਸ਼ ਭਗਤੀ ਲਈ ਪ੍ਰੇਰਦੀ ਰਹੇਗੀ। ਉਨ੍ਹਾਂ ਕਿਹਾ ਕਿ ਬਹੁਤ ਮੁਸੀਬਤਾਂ ਝੱਲ ਕੇ ਸਾਡੇ ਸ਼ਹੀਦਾਂ ਨੇ ਸਾਨੂੰ ਆਜ਼ਾਦੀ ਦਵਾਈ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਕ੍ਰਾਂਤੀਕਾਰੀ ਨਹੀਂ ਸਗੋਂ ਇੱਕ ਚਿੰਤਕ ਵੀ ਸਨ, ਉਨ੍ਹਾਂ ਦੀਆਂ ਰਚਨਾਵਾਂ ਤੋਂ ਪਤਾ ਲੱਗਦਾ ਹੈ ਕਿ ਇਨਕਲਾਬ ਸਿਰਫ਼ ਹਥਿਆਰਾਂ ਨਾਲ ਨਹੀਂ ਸਗੋਂ ਇਨਕਲਾਬ ਦੀ ਤਲਵਾਰ ਵਿਚਾਰਾਂ ਦੇ ਪੱਥਰ ’ਤੇ ਘੜੀ ਜਾਂਦੀ ਹੈ। ਸਾਡੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਚੱਲਣ ਦੀ ਲੋੜ ਹੈ ਤਾਂ ਹੀ ਅਸੀਂ ਦੇਸ਼ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਬਣਾ ਸਕਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਭਰ ਵਿੱਚ ਇਨਕਲਾਬੀ ਮੇਲੇ ਸ਼ੁਰੂ ਕੀਤੇ ਗਏ ਹਨ।

          ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਭੇਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਨ੍ਹਾਂ ਸੱਚੇ ਸਪੂਤਾਂ ਦਾ ਹਮੇਸ਼ਾਂ ਕਰਜਦਾਰ ਰਹੇਗਾ, ਜ਼ਿੰਨ੍ਹਾਂ ਨੇ  ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਮੁੜ ਸ਼ੁਰੂ ਕਰਨ ਅਤੇ ਟੂਰਿਜ਼ਮ ਨੂੰ ਬੜ੍ਹਾਵਾ ਦੇਣ ਲਈ 25 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

  ਇਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਮੈਮੋਰੀਅਲ ਸੁਸਾਇਟੀ ਫਿਰੋਜ਼ਪੁਰ ਵੱਲੋਂ ਵੱਖ-ਵੱਖ ਉਮਰ ਵਰਗ ਵਿੱਚ ਕਬੱਡੀ ਦੇ ਮੈਚ ਕਰਵਾਏ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੂਨੇ ਤੋਂ ਮਿੱਟੀ ਲਿਆ ਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਚੜ੍ਹਾਈ ਗਈ।

          ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਯਾ ਪੀ., ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ,  ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button