ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਕੀਤਾ ਦੌਰਾ
ਹਰ ਘਰ ਤਿਰੰਗਾ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ
ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਕੀਤਾ ਦੌਰਾ
ਹਰ ਘਰ ਤਿਰੰਗਾ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ
ਜੇਲ੍ਹ ਵਿੱਚ ਕੈਦੀਆਂ ਦੀਆਂ ਸੁਣੀਆਂ ਮੁਸ਼ਕਲਾਂ
ਫਿਰੋਜ਼ਪੁਰ 13 ਅਗਸਤ, 2022:
ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਮਾਣਯੋਗ ਸ੍ਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਏਡੀਸੀ ਵਿਕਾਸ ਅਰੁਣ ਕੁਮਾਰ ਅਤੇ ਜੇਲ੍ਹ ਸੁੁਪਰਡੈਂਟ ਪਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਤਹਿਤ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਅਤੇ ਰਾਸ਼ਟਰੀ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਯੋਗ ਮੰਗਾਂ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਹਦਾਇਤਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਬੰਦ ਕੈਦੀਆਂ ਨੂੰ ਇਕ ਵਧੀਆ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਆਸ ਪ੍ਰਗਟਾਈ ਕਿ ਜੇਲ੍ਹ ਵਿੱਚੋਂ ਬਾਹਰ ਜਾ ਕੇ ਉਹ ਇੱਕ ਚੰਗੇ ਨਾਗਰਿਕ ਸਾਬਤ ਹੋਣਗੇ। ਉਨ੍ਹਾਂ ਨੇ ਜੇਲ੍ਹ ਦੀ ਸੁਰੱਖਿਆ ਬਾਰੇ ਵੀ ਜੇਲ੍ਹ ਸੁਪਰਡੈਂਟ ਤੋਂ ਜਾਣਕਾਰੀ ਹਾਸਲ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਬਹੁਤ ਚਿੰਤਤ ਹਨ ਅਤੇ ਉਹ ਇਨ੍ਹਾਂ ਨਸ਼ਿਆਂ ਨੂੰ ਰੋਕਣ ਦੇ ਲਈ ਹਰ ਢੁੱਕਵੇਂ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਸੁਰੱਖਿਆ ਦੇ ਹੋਰ ਜ਼ਿਆਦਾ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਜੇਲ੍ਹਾਂ ਅੰਦਰ ਹੁੰਦੀ ਮੋਬਾਇਲ, ਨਸ਼ੇ ਆਦਿ ਦੀ ਸਪਲਾਈ ਬਿਲਕੁਲ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰੇਕ ਤਰ੍ਹਾਂ ਦੇ ਜੁਰਮ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਪੰਜਾਬ ਵਿੱਚੋਂ ਜਲਦੀ ਹੀ ਗੈਂਗਸਟਰਵਾਦ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁੱਸੇ ਉਪਰ ਕਾਬੂ ਰੱਖਣਾ ਚਾਹੀਦਾ ਹੈ ਸਾਡੀ ਇੱਕ ਮਿੰਟ ਦੀ ਗ਼ਲਤੀ ਸਾਨੂੰ ਹਮੇਸ਼ਾ ਲਈ ਸਲਾਖਾਂ ਪਿੱਛੇ ਲੈ ਕੇ ਜਾ ਸਕਦੀ ਹੈ।