ਕੋਰੋਨਾ ਖ਼ਿਲਾਫ਼ ਜੰਗ ਵਿਚ ਸਹਿਯੋਗ ਦੇਣ ਵਾਲੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਵੇਅ ਅਹੈੱਡ ਵੈੱਲਫੇਅਰ ਸੁਸਾਇਟੀ ਵੱਲੋਂ ਵੰਡੀਆਂ ਗਈਆਂ ਟੀ.ਸ਼ਰਟਾਂ
ਸੰਸਥਾ ਵੱਲੋਂ ਮਾਨਵਤਾ ਦੀ ਸੱਚੀ ਸੇਵਾ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕੀਤਾ ਜਾ ਰਿਹਾ ਹੈ-ਐੱਸ.ਡੀ.ਐੱਮ
ਫ਼ਿਰੋਜ਼ਪੁਰ 8 ਜੂਨ 2020
ਕੋਰੋਨਾ ਖ਼ਿਲਾਫ਼ ਜੰਗ ਵਿੱਚ ਸਹਿਯੋਗ ਦੇਣ ਵਾਲੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਵੇਅ ਅਹੈੱਡ ਵੈੱਲਫੇਅਰ ਸੁਸਾਇਟੀ (ਸਮਾਜ ਸੇਵੀ ਸੰਸਥਾ) ਵੱਲੋਂ ਟੀ. ਸ਼ਰਟਾਂ ਵੰਡੀਆਂ ਗਈਆਂ। ਇਸ ਮੌਕੇ ਐੱਸ.ਡੀ.ਐੱਮ ਸ੍ਰੀ. ਅਮਿਤ ਗੁਪਤਾ, ਈ.ਓ. ਨਗਰ ਕੌਂਸਲ ਪਰਮਿੰਦਰ ਸਿੰਘ ਸੁਖੀਜਾ ਅਤੇ ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ ਵੀ ਹਾਜ਼ਰ ਸਨ।
ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਨੇ ਵੇਅ ਅਹੈੱਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰੀ. ਰਾਹੁਲ ਕੱਕੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਖ਼ਿਲਾਫ਼ ਜੰਗ ਵਿਚ ਇਸ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਮਾਨਵਤਾ ਦੀ ਸੱਚੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਵੱਲੋਂ ਪਹਿਲਾਂ ਹੀ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਤੇ ਮਾਸਕ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ ਇਸ ਲਈ ਜਿੱਥੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਉੱਥੇ ਹੀ ਵੱਡੇ ਪੱਧਰ ਤੇ ਸਮਾਜ-ਸੇਵੀ ਸੰਸਥਾਵਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਖ਼ਿਲਾਫ਼ ਜੰਗ ਨੂੰ ਜਿੱਤਿਆ ਜਾ ਸਕਦਾ ਹੈ। ਇਸ ਮੌਕੇ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਸੁਖਪਾਲ ਸਿੰਘ ਤੇ ਗੁਰਿੰਦਰ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਨਗਰ ਕੌਂਸਲ ਸਿਮਰਨਜੀਤ ਤੇ ਅਮਨਦੀਪ ਅਤੇ ਸਤਨਾਮ ਸਿੰਘ ਵੀ ਹਾਜ਼ਰ ਸਨ।