Ferozepur News

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

– ਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ : ਦਹੀਯਾ

ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦਾ ਕਰਨ ਯੋਗ ਪ੍ਰਬੰਧਨ – ਡਿਪਟੀ ਕਮਿਸ਼ਨਰ

ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ

ਫ਼ਿਰੋਜ਼ਪੁਰ, 27 ਸਤੰਬਰ 2023:

            ਪੰਜਾਬ ਦੇ ਮੁੱਖ ਮੰਤਰੀ ਸ. ਭਗੰਵਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਕਿਸਾਨਾਂ ਪ੍ਰਤੀ ਅਗਾਂਹਵਧੂ ਸੋਚ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੜੀ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਿਰੋਜ਼ਪੁਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਗਿਆ। ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

          ਇਸ ਮੌਕੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਨੇ ਕੈਂਪ ਵਿੱਚ ਪੁੱਜੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ  ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਪੱਖੋ ਖੁਸ਼ਹਾਲੀ ਅਤੇ ਹਰ ਔਕੜ ਸਮੇਂ ਕਿਸਾਨਾਂ ਦਾ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਹਰ ਮੁਸ਼ਕਿਲ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਅਤੇ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਨਾ ਕੇ ਜਿਲ੍ਹੇ ਵਿੱਚ ਫਸਲੀ ਵਿਭਿੰਨਤਾ ਲਿਆਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਫਸਲੀ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਨਰੋਆ ਰੱਖਣ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

            ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਸਬੰਧੋਨ ਕਰਦਿਆਂ ਕਿਹਾ ਕਿ ਧਰਤੀ, ਪਾਣੀ, ਹਵਾ ਕੁਦਰਤ ਵੱਲੋਂ ਦਿੱਤੀਆਂ ਵਿਸ਼ੇਸ਼ ਸੌਗਾਤਾਂ ਹਨ, ਜਿਨ੍ਹਾਂ ਦੀ ਸਾਂਭ-ਸਭਾਲ ਅਤੇ ਰਾਖੀ ਕਰਨਾ ਸਾਡਾ ਮੁੱਢਲਾ ਫਰਜ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਹਾੜੀ ਦੀਆਂ ਫਸਲਾਂ ਵਿੱਚੋਂ ਖੇਤੀ ਵਿਭਿੰਨਤਾ ਦੀ ਲੜੀ ਵਿੱਚ ਸਰੋਂ ਅਤੇ ਸਬਜੀਆਂ ਦੀ ਖੇਤੀ ਹੇਠ ਜ਼ਿਆਦਾ ਰਕਬੇ ਉੱਤੇ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾਣਾ ਜਰੂਰੀ ਹੈ ਤਾਂ ਜੋ ਜਿਲ੍ਹੇ ਵਿੱਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ। ਉਨ੍ਹਾਂ ਨੇ ਸਰਕਾਰ ਵੱਲੋਂ ਕਿਸਾਨਾਂ ਲਈ ਦਿੱਤੀਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਅਤੇ ਨਿਰਪੱਖ ਤਰੀਕੇ ਨਾਲ ਲਾਗੂ ਕਰਵਾਉਣ ਦਾ ਵਿਸ਼ਵਾਸ ਦਿਵਾਇਆ।

      ਸੂਬਾ ਪੱਧਰ ‘ਤੇ ਇਸ ਕੈਂਪ ਦੀ ਅਗਵਾਈ ਸ: ਜਸਵਿੰਦਰ ਪਾਲ ਸਿੰਘ ਗਰੇਵਾਲ ਸਯੁੰਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਵੱਲੋਂ ਕੀਤੀ ਗਈ ਉਨ੍ਹਾਂ ਨੇ ਜ਼ਿਲ੍ਹਾ ਫਿਰੋਜਪੁਰ ਦੇ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁੱਚਝੀ ਵਰਤੋਂ ਕਰਦੇ ਹੋਏ ਕੁਦਰਤ ਵੱਲੋਂ ਹਵਾ ਪਾਣੀ ਦੇ ਰੂਪ ਵਿੱਚ ਇਨਸਾਨ ਨੂੰ ਦਿਤੇ ਗਏ ਅਨਮੋਲ ਰਤਨਾਂ ਦੀ ਰਾਖੀ ਕਰਨ ਲਈ ਪ੍ਰੇਰਿਤ ਕੀਤਾ।

      ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੁਮਾਰ ਕੰਬੋਜ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ, ਫਿਰੋਜ਼ਪੁਰ ਵਲੋਂ ਸਾਲ 2023-24 ਦੌਰਾਨ ਕੀਤੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕੁੱਲ 145 ਪਿੰਡ ਪੱਧਰੀ, ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਕੈਂਪ ਲਗਾਏ ਗਏ ਹਨ। ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸਭਾਲ ਲਈ 4954 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹਈਆ ਕਰਵਾਈ ਗਈਆ ਹਨ ।

            ਇਸ ਕੈਂਪ ਵਿੱਚ ਲਗਾਈਆਂ ਗਈਆਂ ਵਿਭਾਗੀ ਪ੍ਰਦਰਸ਼ਨੀਆਂ ਖਿੱਚ ਦਾ ਕਾਰਨ ਬਣੀਆਂ ਜਿਸ ਵਿੱਚ ਮੁੱਖ ਤੌਰ ਖੇਤੀਬਾੜੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ, ਮਿਲਕਫੈਡ, ਮਾਰਕਫੈਡ, ਇਫਕੋ,  ਮੱਛੀ ਪਾਲਣ ਅਤੇ ਹੋਰ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਨਾਲ ਹੀ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਸਿਜੈਂਟਾ ਤੋਂ ਇਲਾਵਾ ਮੈਨਕਾਈਂਨਡ ਇੰਡੀਆ ਪ੍ਰਾਈਵੇਟ ਲਿਮਟਿਡ ਆਦਿ ਸ਼ਾਮਿਲ ਸਨ। ਜੰਗਲਾਤ ਵਿਭਾਗ ਵੱਲੋਂ ਵਾਤਾਵਰਣ ਨੂੰ ਸ਼ੁੱਧ ਬਨਾਉਣ ਦੇ ਟੀਚੇ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੁਫਤ ਬੂਟੇ ਵੰਡੇ ਗਏ।

                        ਅੰਤ ਵਿੱਚ ਡਾ: ਸੁਰਿੰਦਰ ਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ, ਫਿਰੋਜ਼ਪੁਰ ਨੇ ਆਏ ਹੋਏ ਮਹਿਮਾਨਾਂ, ਵਿਭਾਗ ਅਤੇ ਵਿਗਿਆਨੀਆਂ/ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਪੀ.ਏ.ਯੂ. ਯੂਨੀਵਰਸਿਟੀ ਤੇ ਖੇਤੀਬਾੜੀ ਵਿਭਾਗ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤ ਵਿੱਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖੇਗਾ।

            ਇਸ ਅਵਸਰ ‘ਤੇ ਡਾ. ਸੁਰਿੰਦਰ ਪਾਲ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ. ਬਲਰਾਜ ਕਟੋਰਾ, ਸ. ਮਨੀ ਸੰਧੂ, ਸ. ਰੌਬੀ ਸੰਧੂ, ਸ. ਪਰਮਜੀਤ ਸਿੰਘ ਜੰਮੂ, ਸ. ਲਖਵੀਰ ਸਿੰਘ, ਸ. ਸ਼ਾਮ ਸਿੰਘ ਮੁੱਦਕਾ, ਸ. ਗੁਰਪ੍ਰੀਤ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button