Ferozepur News

ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ

ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ
ਗੁਰੂ ਰਾਮਦਾਸ ਸਟੇਡੀਅਮ ਵਿਖੇ 6 ਵੱਖ ਵੱਖ ਟੀਮਾਂ ਵਿਚਕਾਰ ਹੋਏ 3 ਰੋਮਾਂਚਕ ਮੁਕਾਬਲੇ
ਪ੍ਰਸਿੱਧ ਗਾਇਕ ਮਿਸ ਪੂਜਾ, ਸੰਦੀਪ ਬਰਾੜ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਕੀਤਾ ਮਨੋਰੰਜਨ, ਗੁਰਪ੍ਰੀਤ ਘੁੱਗੀ ਨੇ ਵੀ ਆਪਣੀ ਕਾਮੇਡੀ ਨਾਲ ਲਗਵਾਈ ਹਾਜ਼ਰੀ
ਗੁਰੂਹਰਸਹਾਏ ਦੀ ਧਰਤੀ ਤੇ ਪਹਿਲੀ ਵਾਰ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾ ਕੇ ਰੱਚਿਆ ਗਿਆ ਇਤਿਹਾਸ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ
ਫਿਰੋਜ਼ਪੁਰ 4 ਦਸੰਬਰ, 2019 : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਤਿੰਨ ਮੁਕਾਬਲੇ ਬੁੱਧਵਾਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ, ਜਿਸ ਦਾ ਉਦਘਾਟਨ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।ਇਸ ਮੁਕਾਬਲਿਆਂ ਦੌਰਾਨ ਗੁਰੂਹਰਸਹਾਏ ਤੋਂ ਇਲਾਵਾ ਆਲੇ-ਦੁਆਲੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਤੇ ਉਨ੍ਹਾਂ ਵਿਚ ਮੈਚ ਦੇਖਣ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਵਿਧਾਇਕ ਰਮਿੰਦਰ ਸਿੰਘ ਆਵਲਾ, ਡਿਪਟੀ ਸਪੀਕਰ ਪੰਜਾਬ ਵਿਧਾਨਸਭਾ ਅਜਾਇਬ ਸਿੰਘ ਭੱਟੀ, ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਹਾਜ਼ਰੀ ਵਿਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਰਕਤ ਕਰ ਰਹੀਆਂ 6 ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਉਨ੍ਹਾਂ ਨਾਲ ਜਾਣ-ਪਛਾਣ ਵੀ ਕੀਤੀ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਵਿਸ਼ਾਲ ਟੂਰਨਾਮੈਂਟ ਦੌਰਾਨ ਅੱਜ ਦੇ ਮੁਕਾਬਲਿਆਂ ਵਿਚ 6 ਟੀਮਾਂ ਨੇ ਸ਼ਿਰਕਤ ਕੀਤੀ ਅਤੇ ਇਨ੍ਹਾਂ ਟੀਮਾਂ ਵਿਚਕਾਰ 3 ਮੁਕਾਬਲੇ ਕਰਵਾਏ ਗਏ। ਪਹਿਲਾ ਮੁਕਾਬਲਾ ਭਾਰਤ ਬਨਾਮ ਸ੍ਰੀਲੰਕਾ, ਦੂਸਰਾ ਮੁਕਾਬਲਾ ਅਸਟਰੇਲੀਆ ਬਨਾਮ ਇੰਗਲੈਂਡ ਅਤੇ ਤੀਜਾ ਮੁਕਾਬਲਾ ਕੈਨੇਡਾ ਅਤੇ ਨਿਊਜੀਲੈਂਡ ਵਿਚਕਾਰ ਹੋਇਆ।
ਉਨਾਂ ਦੱਸਿਆ ਕਿ 10 ਦਸੰਬਰ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਮੈਚ ਖੇਡੇ ਜਾਣਗੇ, ਜਿਨਾਂ ਦੇ ਮੈਚ ਕਪੂਰਥਲਾ, ਅੰਮ੍ਰਿਤਸਰ ਹੋਣ ਤੋਂ ਬਾਅਦ ਅੱਜ ਗੁਰੂਹਰਸਹਾਏ ਵਿਖੇ ਹੋਣ ਤੋਂ ਇਲਾਵਾ ਬਠਿੰਡਾ, ਪਟਿਆਲਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਜਦਕਿ ਫਾਈਨਲ ਮੈਚ 10 ਦਸੰਬਰ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਵਿਸ਼ਾਲ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀ ਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਪਹਿਲੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 25 ਲੱਖ, ਦੂਸਰੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 15 ਲੱਖ ਰੁਪਏ ਅਤੇ ਤੀਸਰੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀਆਂ ਰਵਾਇਤੀ ਅਤੇ ਵਿਰਾਸਤੀ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਹੈ। ਉਨਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਅਤੇ ਸੂਬਾ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਇਸ ਨੂੰ ਪ੍ਰਫੁਲਿੱਤ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ। ਉਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨਾਂ ਨੂੰ ਆਪਣੇ ਜੀਵਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ। ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਮਿਸ ਪੂਜਾ ਅਤੇ ਸੰਦੀਪ ਬਰਾੜ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।ਇਸ ਦੇ ਨਾਲ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀ ਆਪਣੀਆਂ ਗੱਲਾਂ ਨਾਲ ਦਰਸ਼ਕਾ ਦਾ ਮੰਨ ਮੋਹਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਗੁਰੂਹਰਸਹਾਏ ਦੀ ਧਰਤੀ ਤੇ ਇਹ ਮੁਕਾਬਲੇ ਕਰਵਾ ਕੇ ਇੱਕ ਇਤਿਹਾਸ ਰੱਚਿਆ ਜਾ ਰਿਹਾ ਹੈ, ਜਿਸ ਵਿਚ ਇਨ੍ਹਾਂ ਵੱਡਾ ਇੱਕਠ ਅਤੇ ਖਿਡਾਰੀਆਂ ਦੇ ਨਾਲ-ਨਾਲ ਦਰਸ਼ਕਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਹਲਕੇ ਲਈ ਕੀਤਾ ਗਿਆ ਬੜਾ ਵੱਡਾ ਉਪਰਾਲਾ ਹੈ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਅਨੁਮੀਤ ਸਿੰਘ ਹੀਰਾ ਸੋਢੀ, ਕਾਂਗਰਸ ਲੀਡਰ ਜਸਮੇਲ ਸਿੰਘ ਲਾਡੀ ਗਹਿਰੀ, ਡਾਇਰੈਕਟਰ ਖੇਡਾਂ ਸੰਜੈ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਐਸਡੀਐਮ ਅਮਿੱਤ ਗੁਪਤਾ, ਐਸਡੀਐਮ ਕੁਲਦੀਪ ਬਾਵਾ, ਕਮੈਂਟੇਟਰ ਡਾ: ਸੁਖਦਰਸ਼ਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਐਵਾਰਡੀਜ਼ ਅਤੇ ਕਬੱਡੀ ਨਾਲ ਜੁੜੀਆਂ ਸ਼ਖਸੀਅਤਾਂ ਹਾਜ਼ਰ ਸਨ।

Related Articles

Back to top button