Ferozepur News

ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਧੀਮਾਨ

ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਧੀਮਾਨ

ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਧੀਮਾਨ

ਫ਼ਿਰੋਜ਼ਪੁਰ, 17 ਮਈ 2024:

          ਮਾਤ-ਭਾਸ਼ਾ ਪੰਜਾਬੀ ਨੂੰ ਸਤਿਕਾਰ ਦੇਣ ਲਈ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ  /ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਗ਼ੈਰ  ਸਰਕਾਰੀ ਸੰਸਥਾਵਾਂ/ ਜਨਤਕ ਅਤੇ ਨਿੱਜੀ ਦੁਕਾਨਾਂ/ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਸਾਈਨ ਬੋਰਡ/ਮੀਲ ਪੱਥਰ/ ਨਾਮ ਪੱਟੀਆਂ/ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਵਿਚ ਕਰਵਾਉਣ ਸੰਬੰਧੀ ਹੋਈ ਮੀਟਿੰਗ ਦੌਰਾਨ ਕੀਤਾ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਵਾਸੀ ਹੋਣ ਦੇ ਨਾਤੇ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਆਪੋ-ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਵਾਈਏ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਅਤੇ ਜ਼ਿੰਮੇਵਾਰੀ ਵਾਲਾ ਕਾਰਜ ਹੈ ਜਿਸਨੂੰ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਨੇਪਰੇ ਚਾੜਨ।

                    ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਹਾਜ਼ਰ ਸਮੂਹ ਮੁਖੀਆਂ ਅਤੇ  ਨੁੰਮਾਇਦਿਆਂ ਨੂੰ ਕਿਹਾ ਕਿ ਇਹਨਾਂ ਵੱਖ-ਵੱਖ ਪ੍ਰਕਾਰ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਜਲਦੀ ਤੋਂ ਜਲਦੀ ਪੰਜਾਬੀ ਭਾਸ਼ਾ ਵਿੱਚ ਕਰਵਾ ਕੇ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇ। ਮੀਟਿੰਗ ਵਿਚ ਹਾਜ਼ਰ  ਸਮੂਹ ਅਧਿਕਾਰੀਆਂ ਅਤੇ ਨੁੰਮਾਇਦਿਆਂ ਨੇ ਇਸ ਕਾਰਜ ਨੂੰ ਜਲਦੀ ਤੋਂ ਜਲਦੀ ਕਰਵਾਉਣ ਦਾ ਭਰੋਸਾ ਦਿੱਤਾ।

          ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਸੂਰਜ ਨੇ ਦੱਸਿਆ ਕਿ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023 ਅਨੁਸਾਰ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ /ਅਦਾਰਿਆਂ ਨੂੰ ਪਹਿਲੀ ਉਲੰਘਣਾ ’ਤੇ ਇਕ ਹਜ਼ਾਰ ਅਤੇ ਦੂਜੀ ਉਲੰਘਣਾ ਤੇ 2 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।

           ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸਿੰਘ ਸੰਧੂ ਨੇ ਕਿਹਾ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਲਗਭਗ 2 ਸਾਲਾਂ ਤੋਂ ਇਸ ਕਾਰਜ ਨੂੰ ਨੇਪਰੇ ਚਾੜਣ ਲਈ ਸੰਬੰਧਤਾਂ ਦੇ ਸਹਿਯੋਗ ਨਾਲ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ ਅਤੇ ਵੱਖ-ਵੱਖ ਦਫ਼ਤਰਾਂ/ ਵਿਭਾਗਾਂ/ਅਦਾਰਿਆਂ  ਅਤੇ ਸੰਸਥਾਵਾਂ ਵੱਲੋਂ ਸਕਾਰਤਮਿਕ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ/ਦਫ਼ਤਰਾਂ/ਵਿਭਾਗਾਂ/ਵਿਦਿਅਕ ਅਦਾਰਿਆਂ/ਬੋਰਡਾਂ /ਨਿਗਮਾਂ/ਨਿੱਜੀ ਸਕੂਲਾਂ ਅਤੇ ਸੜਕਾਂ ਦੇ ਨਾਮ ਲਗਭਗ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ  ਲਿਖੇ ਜਾ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਵੀ ਪੰਜਾਬੀ ਭਾਸ਼ਾ ਵਿੱਚ ਕਰਵਾਉਣ ਲਈ ਕੰਮ ਜਾਰੀ ਹਨ।

          ਇਸ ਮੌਕੇ ਕਿਰਤ ਵਿਭਾਗ, ਨਗਰ ਕੌਂਸਲਾਂ, ਮਾਰਕੀਟ ਕਮੇਟੀਆਂ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਫ਼ਿਰੋਜ਼ਪੁਰ ਦੇ ਨੁੰਮਾਇਦਿਆਂ ਤੋਂ ਇਲਾਵਾ ਜ਼ਿਲ੍ਹੇ  ਦੇ ਵੱਖ-ਵੱਖ ਆਈਲੈਟਸ ਸੈਂਟਰਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button