ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਮੂੰ ਕੀਤਾ ਜਾਵੇ ਜਾਗਰੂਕ : ਧੀਮਾਨ
- ਝੋਨੇ ਦੀ ਪਰਾਲੀ ਦੇ ਅਗਾਊਂ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਮੂੰ ਕੀਤਾ ਜਾਵੇ ਜਾਗਰੂਕ : ਧੀਮਾਨ
– ਝੋਨੇ ਦੀ ਪਰਾਲੀ ਦੇ ਅਗਾਊਂ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫਿਰੋਜ਼ਪੁਰ, 3 ਜੁਲਾਈ 2023: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਸਾਉਣੀ ਸੀਜ਼ਨ 2023-24 ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਖਾਸ ਕਰਕੇ ਖੇਤੀਬਾੜੀ ਵਿਭਾਗ ਨਾਲ ਰਾਜ ਸਰਕਾਰ ਦੁਆਰਾ ਦਿੱਤੇ ਗਏ ਸਾਉਣੀ 2023-24 ਦੇ ਐਕਸ਼ਨ ਪਲਾਨ ਅਨੁਸਾਰ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਬਦਲਵੇਂ ਹੱਲ ਲਈ ਉਦਯੋਗਿਕ ਸੰਸਥਾਵਾਂ ਦੇ ਮੁਖੀਆਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾਣ ਅਤੇ ਕਿਸਾਨਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ। ਜ਼ਿਲ੍ਹੇ ਦੇ 22 ਪਿੰਡ ਜਿਨ੍ਹਾਂ ਵਿੱਚ ਪਰਾਲੀ ਨੂੰ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਧਿਆਨ ਵਿੱਚ ਆਈਆਂ ਹਨ ਉਨ੍ਹਾਂ ਪਿੰਡਾਂ ਵਿੱਚ ਅਧਿਕਾਰੀਆਂ ਨੂੰ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਸਕੂਲਾਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਨ ਲਈ ਐਕਸਸੀਟੂ ਤਕਨੀਕ ਅਪਨਾਉਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਪਾਲ ਸਿੰਘ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।