ਝੋਨੇ ਦੀ ਬਿਜਾਈ ਤੋਂ ਪਹਿਲਾਂ ਫਿਰੋਜ਼ਪੁਰ ਵਿੱਚ ਮਗਨਰੇਗਾ ਦੇ ਤਹਿਤ 1.85 ਕਰੋੜ ਰੁਪਏ ਦੇ ਸਿੰਚਾਈ ਦੇ ਕੰਮ ਮੁਕੰਮਲ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 55 ਨਵੀਂ ਖਾਲ ਤਿਆਰ ਕੀਤੀ, ਨਹਿਰਾਂ ਦੀ ਸਫ਼ਾਈ ਕਰਵਾਈ ਅਤੇ ਨਾਲ ਹੀ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ
ਫਿਰੋਜ਼ਪੁਰ, 19 ਅਗਸਤ
ਜ਼ਿਲ੍ਹੇ ਵਿੱਚ ਝੋਨੇ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਉਨਾਂ ਦੇ ਖੇਤਾਂ ਤੱਕ ਨਹਿਰਾਂ ਦਾ ਪਾਣੀ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ‘ਤੇ ਕਿਸਾਨਾਂ ਦੀ ਨਿਰਭਰਤਾ ਨੂੰ ਘੱਟ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਵਿੱਚ 1 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਿੰਚਾਈ ਦੇ ਕੰਮ ਕੀਤੇ ਗਏ।
ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਏਡੀਸੀ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਿੰਚਾਈ ਲਈ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ 1.25 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ 367 ਸਿੰਚਾਈ ਪ੍ਰਾਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 55 ਸਿੰਚਾਈ ਖਾਲ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ’ਤੇ 60 ਲੱਖ ਰੁਪਏ ਖਰਚ ਆਇਆ ਹੈ। ਸਰਕਾਰ ਵੱਲੋਂ ਸਾਰੇ ਕੰਮਾਂ ‘ਤੇ ਕੁੱਲ 1 ਕਰੋੜ 85 ਲੱਖ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਗੁਰੂਹਰਸਹਾਏ ਬਲਾਕ ਵਿੱਚ 23, ਫਿਰੋਜ਼ਪੁਰ ਵਿੱਚ ਅੱਠ, ਘੱਲਖੁਰਦ ਬਲਾਕ ਵਿੱਚ 10, ਮਮਦੋਟ ਵਿੱਚ 11 ਅਤੇ ਮਖੂ ਬਲਾਕ ਵਿੱਚ 3 ਖਾਲ ਬਣਾਏ ਗਏ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਸਾਰੇ ਕੰਮ ਮਗਨਰੇਗਾ ਸਕੀਮ ਤਹਿਤ ਕੀਤੇ ਗਏ ਹਨ, ਜਿਸ ਰਾਹੀਂ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੰਚਾਈ ਦੇ ਸਾਰੇ ਕੰਮ ਸਬੰਧਤ ਖੇਤਰਾਂ ਦੇ ਕਿਸਾਨਾਂ ਲਈ ਬਹੁਤ ਮਦਦਗਾਰ ਸਿੱਧ ਹੋਣਗੇ ਅਤੇ ਉਨ੍ਹਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਕਰਨ ਵਿੱਚ ਸਹਾਇਤਾ ਕਰਨਗੇ।