ਡਾਇਰੈਕਟਰ (ਡੀ.ਐਮ.)-ਕਮ-ਵਿਸ਼ੇਸ਼ ਸਕੱਤਰ ਮਾਲ ਨੇ ਆਗਾਮੀ ਹੀਟ ਵੇਵ ਸੀਜ਼ਨ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ
ਡਾਇਰੈਕਟਰ (ਡੀ.ਐਮ.)-ਕਮ-ਵਿਸ਼ੇਸ਼ ਸਕੱਤਰ ਮਾਲ ਨੇ ਆਗਾਮੀ ਹੀਟ ਵੇਵ ਸੀਜ਼ਨ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ
ਫ਼ਿਰੋਜ਼ਪੁਰ, 9 ਅਪ੍ਰੈਲ 2025: ਰਾਜ ਵਿੱਚ ਆਗਾਮੀ ਹੀਟ ਵੇਵ ਸੀਜ਼ਨ ਦੇ ਮੱਦੇਨਜ਼ਰ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਅਧਿਕਾਰੀਆਂ ਨਾਲ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ., ਡਾਇਰੈਕਟਰ (ਡੀ.ਐਮ)-ਕਮ-ਵਿਸ਼ੇਸ਼ ਸਕੱਤਰ ਮਾਲ ਦੀ ਪ੍ਰਧਾਨਗੀ ਹੇਠ ਔਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਵੀਡੀਓ ਕਾਨਫਰੰਸ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਯਾ ਪੀ. ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਉਣ ਵਾਲੇ ਹੀਟ ਵੇਵ ਸੀਜ਼ਨ ਦੀਆਂ ਤਿਆਰੀਆਂ ਅਤੇ ਖਤਰੇ ਨੂੰ ਘੱਟ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ।
ਉਨ੍ਹਾਂ ਹਦਾਇਤ ਕੀਤੀ ਕਿ ਗਰਮੀ ਦੀ ਲਹਿਰ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਜਾਵੇ। ਗਰਮੀਆਂ ਦੇ ਮਹੀਨਿਆਂ ਦੌਰਾਨ ਗਰਮ ਹਵਾਵਾਂ ਅਤੇ ਗਰਮੀ ਦੀਆਂ ਲਹਿਰਾਂ ਚਲਦੀਆਂ ਹਨ, ਜਿਸ ਦਾ ਸਰੀਰ ‘ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਕਈ ਵਾਰ ਇਹ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਣ ਰੱਖਦਾ ਹੈ ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਸਮਾਨ ਹੋ ਜਾਂਦਾ ਹੈ, ਜਿਸ ਨੂੰ ਲੂ ਲਗਣਾ ਜਾ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸ ਨੂੰ ਹਲਕੇ ਵਿੱਚ ਲੈਦੇ ਹਨ, ਜਿਸ ਕਰਕੇ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ, ਪ੍ਰੰਤੂ ਇਸ ਵਾਰ ਅਪ੍ਰੈਲ ਵਿੱਚ ਹੀ ਤਾਪਮਾਨ ਕਾਫੀ ਵੱਧ ਗਿਆ ਹੈ ਅਤੇ ਇਸ ਲਈ ਆਮ ਲੋਕਾਂ ਦੇ ਨਾਲ-ਨਾਲ ਉਹ ਲੋਕ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ।
ਇਸ ਦੌਰਾਨ ਐਸ.ਡੀ.ਐਮ. ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਹੀਟ ਵੇਵ/ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਚੁੱਕੇ ਜਾ ਰਹੇ ਕਦਮਾਂ ਅਤੇ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੀ ਆਮ ਜਨਤਾ ਨੂੰ ਹੀਟ ਸਟ੍ਰੋਕ ਤੋਂ ਬਚਾਅ ਸਬੰਧੀ ਸਮੇਂ-ਸਮੇਂ ’ਤੇ ਐਡਵਾਈਜਰੀ ਜਾਰੀ ਕਰ ਕੇ ਅਤੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।
ਇਸ ਮੌਕੇ ਕਾਰਜਕਾਰੀ ਅਫ਼ਸਰ ਮਿਊਂਸੀਪਲ ਕੌਂਸਲ ਪੂਨਮ ਭਟਨਾਗਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।