ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਕੀਤੀ ਸੁਰੂਆਤ
31 ਮਾਰਚ 2021 ਤੱਕ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਚਲਾਈਆਂ ਜਾਣਗੀਆਂ ਵੱਖ ਵੱਖ ਗਤੀਵਿਧੀਆਂ
ਫਿਰੋਜ਼ਪੁਰ 15 ਅਗਸਤ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵੱਲੋਂ ਪੂਰੇ ਦੇਸ਼ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਅਭਿਆਨ ਨੂੰ ਫਿਰੋਜ਼ਪੁਰ ਵਿੱਚ ਸ਼ਨੀਵਾਰ ਨੂੰ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਦੀ ਅਗਵਾਈ ਹੇਠ ਲਾਂਚ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ, ਸਹਾਇਕ ਕਮਿਸ਼ਨਰ ਅਰਵਿੰਦਰ ਅਰੋੜਾ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਵੀ ਮੌਜੂਦ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ 15 ਅਗਸਤ ਨੂੰ ਸ਼ੁਰੁ ਕੀਤਾ ਗਿਆ ਹੈ ਅਤੇ ਇਹ ਅਭਿਆਨ 31 ਮਾਰਚ 2021 ਤੱਕ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਅਭਿਆਨ ਦੇਸ਼ ਦੇ 272 ਜ਼ਿਲਿਆਂ ਵਿੱਚ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ 18 ਜ਼ਿਲ੍ਹੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇੱਕ ਸ਼ਡਿਊਲ ਤਿਆਰ ਕੀਤਾ ਗਿਆ ਹੈ ਜਿਸ ਅਨੁਸਾਰ 31 ਮਾਰਚ 2021 ਤੱਕ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਖਾਤਮੇ ਲਈ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਕੀਤੇ ਜਾਣ ਵਾਲੇ ਕੰਮਾਂ ਨੂੰ ਰਿਵੀਊ ਕਰਨ ਲਈ ਜ਼ਿਲ੍ਹਾ ਪੱਧਰ ਤੇ ਕਮੇਟੀ ਦਾ ਗੱਠਨ ਵੀ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰ: ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ। ਜਿਸ ਤਹਿਤ ਲੋਕਾਂ ਨੂੰ ਨਸ਼ੇ ਵਿੱਚ ਫਸੇ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਨ, ਤੰਬਾਕੂ ਅਤੇ ਸਿਗਰੇਟ ਦੀ ਵਰਤੋਂ ਨਾ ਕਰਨ, ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ, ਨਸ਼ਾ ਵੇਚਣ ਤੇ ਖਰੀਦਣ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਾਰਨ ਆਦਿ ਸਬੰਧੀ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਹੀ ਸਮਾਜ ਵਿੱਚੋਂ ਨਸ਼ਾਂ ਖਤਮ ਕਰਨਾ ਅਤੇ ਨਸ਼ਾਂ ਮੁਕਤ ਭਾਰਤ ਦੀ ਸਿਰਜਨਾ ਕਰਨਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ ਦਫਤਰ ਤੋਂ ਹਰਪ੍ਰੀਤ ਸਿੰਘ, ਜਗਦੀਪ ਸਿੰਘ ਢਿੱਲੋਂ ਵੀ ਹਾਜ਼ਰ ਸਨ।