Ferozepur News

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਮਨ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਫ਼ਿਰੋਜ਼ਪੁਰ 21 ਅਗਸਤ 2017 ( ) ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਆਈ.ਏ.ਐਸ. ਵੱਲੋਂ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੂੰਨ ਦੀ ਸਥਿਤੀ ਪੂਰੀ ਤਰਾਂ ਨਾਲ ਆਮ ਵਾਂਗ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਉਣ ਵਾਲੇ ਦਿਨਾਂ ਦੌਰਾਨ ਕਿਸੇ ਵੀ ਪ੍ਰਕਾਰ ਦੀ ਭੜਕਾਹਟ ਵਿਚ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮੌਕਿਆਂ ਤੇ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਨੇ ਸੋਸ਼ਲ ਮੀਡੀਆ ਸਬੰਧੀ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸੋਸ਼ਲ ਮੀਡੀਆ ਤੇ ਕਿਸੇ ਵੀ ਧਰਮ, ਫ਼ਿਰਕੇ, ਸਮੁਦਾਏ ਜਾਂ ਜਾਤੀ ਸਬੰਧੀ ਕੋਈ ਵੀ ਇਤਰਾਜ਼ਯੋਗ ਪੋਸਟ ਅੱਪਲੋਡ ਕਰਨ ਤੋਂ ਗੁਰੇਜ਼ ਕਰਨ ਅਤੇ ਅਜਿਹੀਆਂ ਪੋਸਟਾਂ ਨੂੰ ਲਾਈਕ, ਕੁਮੈਂਟ ਤੇ ਸ਼ੇਅਰ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਦੀ ਸੋਸ਼ਲ ਮੀਡੀਆ ਦੇ ਨਜ਼ਰ ਹੈ ਅਤੇ ਜੋ ਵੀ ਸਾਈਬਰ ਕਾਨੂੰਨਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਭ ਧਿਰਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਰ ਇੱਕ ਨਾਗਰਿਕ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿਹਤ, ਜਨ ਸਿਹਤ, ਫਾਇਰ ਬ੍ਰਿਗੇਡ ਆਦਿ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। 

ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਲੋਕ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਅਤੇ ਵਿਵਸਥਾ ਬਣਾਈ ਰੱਖਣ ਵਿਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਇਸ ਮੌਕੇ ਸ਼੍ਰੀ ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ, ਸ. ਹਰਜੀਤ ਸਿੰਘ ਸੰਧੂ ਐਸ.ਡੀ.ਐਮ, ਸ੍ਰ: ਹਰਦੀਪ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਮਨਜੀਤ ਸਿੰਘ ਤਹਿਸੀਲਦਾਰ ਫ਼ਿਰੋਜ਼ਪੁਰ, ਸ੍ਰੀ ਅਸ਼ੋਕ ਬਹਿਲ ਨਾਇਬ ਤਹਿਸੀਲਦਾਰ, ਸ੍ਰ: ਗੁਰਸੇਵਕ ਸਿੰਘ ਭੁੱਲਰ ਨਾਇਬ ਤਹਿਸੀਲਦਾਰ ਸਮੇਤ ਮਾਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

Related Articles

Back to top button