ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਬੰਨ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਬੰਨ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
– ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਦੇ ਦਿੱਤੇ ਨਿਰਦੇਸ਼
ਫ਼ਿਰੋਜ਼ਪੁਰ, 2 ਜੁਲਾਈ 2024:
ਮਾਨਸੂਨ ਸੀਜ਼ਨ ਦੌਰਾਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੂਰਤ ਵਿੱਚ ਸੰਭਾਵੀ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਹੁਸੈਨੀ ਵਾਲਾ, ਹਜਾਰਾ ਸਿੰਘ ਵਾਲਾ, ਗੱਟੀ ਰਾਜੋ ਕੇ, ਬਸਤੀ ਰਾਮ ਲਾਲ ਆਦਿ ਦਾ ਦੌਰਾ ਕਰਕੇ ਦਰਿਆ ਵਿੱਚ ਪਾਣੀ ਦੇ ਪੱਧਰ ਅਤੇ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ। ਇਸ ਲਈ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਨਾਲ-ਨਾਲ ਜਿੱਥੇ ਕਿਤੇ ਵੀ ਬੰਨ੍ਹ ਕਮਜ਼ੋਰ ਲੱਗ ਰਿਹਾ ਹੈ ਉੱਥੇ ਮਿੱਟੀ ਪੁਆ ਕੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਬੰਨ੍ਹਾਂ ਦੀ ਮਜ਼ਬੂਤੀ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ-2024 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਦੇ ਪ੍ਰਬੰਧ, ਡਰੇਨੇਜ਼ ਅਤੇ ਸੀਵਰੇਜ਼ ਦੀ ਸਫ਼ਾਈ, ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਬੜੈਚ, ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਗਿਤੇਸ਼ ਉਪਵੇਜਾ, ਬੀ.ਡੀ.ਪੀ.ਓ. ਫ਼ਿਰੋਜ਼ਪੁਰ ਹਰਕੀਤ ਸਿੰਘ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।