Ferozepur News
ਡੈਪੋ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਚੋਂ ਕੱਢਣ ਲਈ ਵੱਧ ਤੋਂ ਵੱਧ ਕੀਤੇ ਜਾਣ ਉਪਰਾਲੇ- ਡਿਪਟੀ ਕਮਿਸ਼ਨਰ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰ: 01632-244024 ਤੇ ਕੀਤਾ ਜਾ ਸਕਦਾ ਹੈ ਸੰਪਰਕ
ਫ਼ਿਰੋਜ਼ਪੁਰ 27 ਅਗਸਤ 2018 (Manish Bawa ) ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡੈਪੋ ਦੇ ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਤੇਜ਼ ਕੀਤਾ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਬਣਾਏ ਗਏ ਕਲਸਟਰਾਂ ਰਾਹੀਂ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ ਚੋਂ ਕੱਢਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੈਪੋ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਚਲਾਏ ਓਟ ਸੈਂਟਰਾਂ ਵਿਚ ਡਾਕਟਰਾਂ ਦੀ ਮਜੂਦਗੀ, ਦਵਾਈਆਂ ਅਤੇ ਹੋਰ ਸਮਾਨ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾਂ ਨੂੰ ਨਸ਼ੇ ਛੁਡਾਊ ਕੇਂਦਰਾਂ ਵਿਚ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਨਸ਼ਾ ਕਰਨ ਵਾਲੇ ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ਦਾ ਲਾਭ ਲੈ ਸਕਣ। ਉਨ੍ਹਾਂ ਨੇ ਚੈਰੀਟੇਬਲ ਅਤੇ ਪ੍ਰਾਈਵੇਟ ਹਸਪਤਾਲਾਂ ਨਾਲ ਵੀ ਰਾਬਤਾ ਕਾਇਮ ਕਰਨ ਸਬੰਧੀ ਨਿਰਦੇਸ਼ ਦਿੱਤੇ ਤਾਂ ਜੋ ਜ਼ਰੂਰਤ ਪੈਣ ਤੇ ਇਨ੍ਹਾਂ ਦੀ ਸਹਾਇਤਾ ਵੀ ਲਈ ਜਾ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ ਕੇਸ ਤਹਿਤ ਦਰਜ ਕੀਤੇ ਗਏ ਮੁਕੱਦਮਿਆਂ ਦੀ ਜਾਣਕਾਰੀ ਨਿਰਧਾਰਿਤ ਪ੍ਰੋਫਾਰਮੇ ਵਿਚ ਦੇਣ ਲਈ ਕਿਹਾ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ, ਕੇਂਦਰੀ ਜੇਲ੍ਹ ਸੁਪਰਡੰਟ, ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਡੈਪੋ ਸਬੰਧੀ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰ: 01632-244024 ਜਾਰੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਨਸ਼ਾ ਵੇਚਣ ਵਾਲੇ ਕਿਸੇ ਵੀ ਤਸਕਰ ਸਬੰਧੀ ਕੋਈ ਵੀ ਸੂਚਨਾ ਹੋਵੇ ਤਾਂ ਉਹ ਇਸ ਹੈਲਪਲਾਈਨ ਨੰਬਰ ਤੇ ਸੂਚਨਾ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਕੁਲਦੀਪ ਬਾਵਾ, ਐੱਸ.ਡੀ.ਐਮ ਸ਼੍ਰੀ ਅਮਿੱਤ ਗੁਪਤਾ, ਡਿਪਟੀ ਮੈਡੀਕਲ ਸੁਪਰਡੰਟ ਡਾ: ਰਜਿੰਦਰ ਕੁਮਾਰ ਡੀ.ਐਸ.ਪੀ ਰਜਿੰਦਰ ਕੁਮਾਰ, ਇੰਸਪੈਕਟਰ ਰਾਕੇਸ਼ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।