Ferozepur News

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਹਰ ਸੰਭਵ ਕਦਮ ਚੁੱਕਾਂਗੇ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਹਰ ਸੰਭਵ ਕਦਮ ਚੁੱਕਾਂਗੇ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਹਰ ਸੰਭਵ ਕਦਮ ਚੁੱਕਾਂਗੇ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ
ਫਿਰੋਜ਼ਪੁਰ, ਮਾਰਚ 1, 2025: ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ‘ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ’ ਦੀ ਰੂਪ-ਰੇਖਾ ਦੀ ਵਿਊਂਤਬੰਦੀ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਗਿਆ।

ਨਸ਼ਿਆਂ ਦੀ ਖਪਤ ਜਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਿੱਚ ਸ਼ਾਮਲ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਦੋਸ਼ੀਆਂ ਦੀ ਜਾਇਦਾਦ ਤੁਰੰਤ ਪ੍ਰਭਾਵ ਨਾਲ ਜ਼ਬਤ ਕੀਤੀ ਜਾਵੇਗੀ ਅਤੇ ਵਪਾਰਕ ਮੰਤਵ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਜਾਇਦਾਦਾਂ ਨੂੰ ਸੌ ਫੀਸਦੀ ਢਾਹ ਦਿੱਤਾ ਜਾਵੇਗਾ। ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਸ਼ਨਾਖਤ ਕਰਕੇ 48 ਘੰਟਿਆਂ ‘ਚ ਨਸ਼ਾ ਤਸਕਰਾਂ ਦੇ ਅਸਲਾ ਲਾਇਸੰਸ ਕੈਂਸਲ ਕੀਤੇ ਜਾਣੇ ਯਕੀਨੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਇੱਕ ਟੀਮ ਦੇ ਰੂਪ ‘ਚ ਕੰਮ ਕਰਨਗੇ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਓਟ ਸੈਂਟਰਾਂ, ਨਸ਼ਾ ਮੁਕਤੀ ਸੈਂਟਰਾਂ ਅਤੇ ਮੁੜ ਵਸੇਬਾ ਸੈਂਟਰਾਂ ‘ਚ ਖਾਣਾ, ਸੁਵਿਧਾਵਾਂ, ਕਾਊਂਸਲਿੰਗ ਅਤੇ ਸੁਰੱਖਿਆ ਸਮੇਤ ਸਮੁੱਚੇ ਪ੍ਰਬੰਧਾਂ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਕਿਸੇ ਨਸ਼ਾ ਰੋਗੀ ਦੀ ਮੌਤ ਹੋਣ ਦੀ ਸੂਰਤ ਵਿੱਚ ਸਬੰਧਤ ਟੀਮ 48 ਘੰਟੇ ‘ਚ ਮੁੱਖ ਮੰਤਰੀ ਰੀਲੀਫ ਫੰਡ ਸਬੰਧੀ ਕੇਸ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣਾ ਯਕੀਨੀ ਬਣਾਏਗੀ। ਉਨ੍ਹਾਂ ਮਾਰਚ ਮਹੀਨੇ ਦੀਆਂ ਗਤੀਵਿਧੀਆਂ ਦਾ ਸ਼ਡਿਊਲ ਬਣਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਹਰ ਸਬ-ਡਵੀਜ਼ਨ ‘ਚ ਸਾਈਕਲ ਰੈਲੀ, ਸੈਮੀਨਾਰ, ਮੈਰਾਥਨ ਅਤੇ ਖੇਡਾਂ ਆਦਿ ਪ੍ਰੋਗਰਾਮ ਕਰਵਾਏ ਜਾਣ ਅਤੇ ਨੌਜਵਾਨਾਂ ਨੂੰ ਇਨ੍ਹਾਂ ਗਤੀਵਿਧੀਆਂ ‘ਚ ਸ਼ਾਮਲ ਕੀਤਾ ਜਾਵੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਬੀ.ਐਸ.ਐਫ ਨਾਲ ਆਪਸੀ ਤਾਲਮੇਲ ਕਰਕੇ ਵੱਖ-ਵੱਖ ਗਤੀਵਿਧੀਆਂ ਸਬੰਧੀ ਪ੍ਰੋਗਰਾਮ ਤਿਆਰ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇੱਕ ਰਿਪੋਟਿੰਗ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਨਸ਼ਿਆਂ ਵਿਰੁੱਧ ਜੰਗ ਸਬੰਧੀ ਸਮੁੱਚੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ।

ਉਨ੍ਹਾਂ ਜ਼ਿਲ੍ਹੇ ਦੇ ਸੈਕੰਡਰੀ ਸਿੱਖਿਆ ਅਫਸਰ ਨੂੰ ਸਮੁੱਚੇ ਸਕੂਲਾਂ ਤੇ ਕਾਲਜਾਂ ਅੰਦਰ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸਕੂਲ ਛੱਡ ਚੁੱਕੇ ਬੱਚਿਆਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਮੁੜ ਸਕੂਲ ਆਉਣ ਲਈ ਪ੍ਰੇਰਨ ਸਬੰਧੀ ਕਦਮ ਚੁੱਕੇ ਜਾਣ।ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਾ ਵਿਰੁੱਧ ਜੰਗ ਦਾ ਹਿੱਸਾ ਬਣਾਉਣ ਦੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਰੋਜ਼ਾਨਾ ਐਸੰਬਲੀ ਦੌਰਾਨ ਨਸ਼ਾ ਛੁਡਾਓ ਮੁਹਿੰਮ ਅਧਾਰਿਤ ਇੱਕ ਸੰਦੇਸ਼ ਅਤੇ ਵੀਡੀਓ ਆਦਿ ਬਣਾ ਕੇ ਸਰਕੂਲੇਟ ਕੀਤੀ ਜਾਵੇ। ਉਨ੍ਹਾਂ ਬੱਡੀ ਪ੍ਰੋਗਰਾਮ ਨੂੰ ਵੱਖਰੇ ਤੌਰ ‘ਤੇ ਚਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਵੱਖ-ਵੱਖ ਚੁਣੌਤੀਆਂ ਨਾਲ ਨਜਿੱਠਣ ਦਾ ਲੰਮਾ ਅਤੇ ਸ਼ਾਨਦਾਰ ਇਤਿਹਾਸ ਹੈ। ਉਨ੍ਹਾਂ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਵਕਾਲਤ ਕਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਕਰੜੇ ਹੱਥੀਂ ਨਿਪਟਿਆ ਜਾਵੇ।

ਐਸ.ਐਸ.ਪੀ. ਨੇ ਕਿਹਾ ਕਿ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਥਾਵਾਂ (ਹੌਟਸਪੌਟ) ਦੀ ਤਹਿ ਤੱਕ ਜਾ ਕੇ ਸ਼ਨਾਖਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੰਦਰਵਾੜੇ ‘ਚ ਹਰੇਕ ਪ੍ਰਭਾਵਿਤ ਇਲਾਕੇ ਵਿੱਚ ਅਤੇ ਹਰੇਕ ਹਫ਼ਤੇ ਜੇਲ੍ਹਾਂ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ ਜਾਵੇਗੀ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਦਿਨ-ਰਾਤ ਵਿਆਪਕ ਪੱਧਰ ਉਤੇ ਸਖ਼ਤੀ ਨਾਲ ਮੁਹਿੰਮ ਚਲਾਈ ਜਾਵੇਗੀ।

ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਗੁਰੂਹਰਸਹਾਏ ਦਿਵਿਆ ਪੀ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਐਸ.ਪੀ.ਡੀ ਮਨਜੀਤ ਸਿੰਘ, ਡੀ.ਐਸ.ਪੀ. ਸੁਖਵਿੰਦਰ ਸਿੰਘ, ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਸਮੇਤ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button