Ferozepur News
ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਬਣਾ ਕੇ ਨਸ਼ਿਆਂ ਦੇ ਆਦੀ ਨੌਜਵਾਨਾਂ ਦੀ ਸ਼ਨਾਖ਼ਤ ਕੀਤੀ ਜਾਵੇ: ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 3 ਅਗਸਤ 2018 (Manish Bawa ) ਮਿਸ਼ਨ ਨਸ਼ਾ ਮੁਕਤ, ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਸ਼ਿਆਂ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਪ੍ਰੇਰਿਤ ਕਰਨ ਲਈ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਅਤੇ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਨਸ਼ਾ ਨਾ ਕਰਨ ਸਬੰਧੀ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਇੱਕ-ਦੂਸਰੇ ਨਾਲ ਤਾਲਮੇਲ ਰੱਖਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮੂਹ ਪਿੰਡਾਂ ਵਿਚ ਨਿਗਰਾਨ ਕਮੇਟੀਆਂ ਬਣਾਈਆਂ ਜਾਣ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਦੀ ਸ਼ਨਾਖ਼ਤ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਗਰਾਨ ਕਮੇਟੀਆਂ ਵਿਚ ਕਲੱਬਾਂ ਦੇ ਵਲੰਟੀਅਰ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਪਿੰਡਾਂ ਵਿਚ ਜੋ ਨਸ਼ਿਆਂ ਦੇ ਆਦੀ ਨੌਜਵਾਨ ਹਨ ਉਨ੍ਹਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ ਤਾਂ ਜੋ ਉਹ ਨਸ਼ਿਆਂ ਦੀ ਇਸ ਭੈੜੀ ਸੰਗਤ ਵਿਚੋਂ ਨਿਕਲ ਕੇ ਆਪਣੀ ਜ਼ਿੰਦਗੀ ਨੂੰ ਸਹੀ ਢੰਗ ਨਾਲ ਬਿਤਾ ਸਕਣ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਪਿੰਡਾਂ ਵਿਚ ਸਵੇਰ ਦੀ ਸੈਰ, ਖੇਡਾਂ ਅਤੇ ਯੋਗਾ ਆਦਿ ਕਰਾਉਣ ਲਈ ਵੀ ਕਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਸਿਰਜਣ ਵਿਚ ਅੱਗੇ ਆਉਣ ਅਤੇ ਆਪਣੇ ਪਿੰਡਾਂ ਵਿਚ ਨਸ਼ਾ ਕਰਨ ਵਾਲਿਆਂ ਦੀ ਸ਼ਨਾਖ਼ਤ ਕਰਾਉਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਪ੍ਰੇਰਿਤ ਕਰਕੇ ਇਸ ਭੈੜੀ ਸੰਗਤ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਨਸ਼ਾ ਰੋਕਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਏ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਸ਼ਨਾਖ਼ਤ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਐਸ.ਐਸ.ਪੀ. ਸ. ਪ੍ਰੀਤਮ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜ) ਸ. ਗੁਰਮੀਤ ਸਿੰਘ ਮੁਲਤਾਨੀ, ਐਸ.ਡੀ.ਐਮ. ਜ਼ੀਰਾ ਸ੍ਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ (ਜ) ਸ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਕਾਇਤਾਂ) ਸ੍ਰੀ ਕੁਲਦੀਪ ਬਾਵਾ, ਐਸ.ਪੀ. ਐਚ ਸ. ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।